ਯੈੱਸ ਪੰਜਾਬ
ਚੰਡੀਗੜ੍ਹ, 28 ਦਸੰਬਰ, 2021:
ਕਰਮਚਾਰੀਆਂ ਦੇ ਹਿੱਤਾਂ ਅਤੇ ਸਹਿਕਾਰਤਾ ਵਿਭਾਗ ਦੇ ਕੰਮਕਾਜ ਵਿੱਚ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਕੋਆਪੇਰਟਿਵ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼, 2016 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲਾ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਵਿਭਾਗ ਦੇ ਪੁਨਰਗਠਨ ਕਾਰਨ ਉਪਬੰਧਾਂ ਵਿੱਚ ਕੀਤੀ ਗਈ ਸੋਧ ਨਾਲ ਆਡਿਟ ਅਫਸਰ, ਸੁਪਰਡੈਂਟ ਗ੍ਰੇਡ-2, ਸੀਨੀਅਰ ਆਡੀਟਰ, ਇੰਸਪੈਕਟਰ ਆਡਿਟ ਅਤੇ ਸੀਨੀਅਰ ਸਹਾਇਕ ਦੀਆਂ ਅਸਾਮੀਆਂ ਲਈ ਸਿੱਧੇ/ਪ੍ਰਮੋਸ਼ਨਲ ਮੌਕੇ ਪ੍ਰਦਾਨ ਹੋਣਗੇ।
ਜ਼ਿਕਰਯੋਗ ਹੈ ਕਿ ਅਫਸਰਜ਼ ਕਮੇਟੀ ਦੀ ਪ੍ਰਵਾਨਗੀ ਉਪਰੰਤ 30 ਦਸੰਬਰ 2020 ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿਭਾਗ ਦਾ ਪੁਨਰਗਠਨ ਕੀਤਾ ਗਿਆ ਸੀ, ਜਿਸ ਵਿੱਚ ਇੰਸਪੈਕਟਰਾਂ ਦੀਆਂ ਅਸਾਮੀਆਂ 774 ਤੋਂ ਘਟਾ ਕੇ 654, ਸੀਨੀਅਰ ਆਡੀਟਰਾਂ ਦੀਆਂ ਅਸਾਮੀਆਂ 32 ਤੋਂ ਵਧਾ ਕੇ 107 ਕਰ ਦਿੱਤੀਆਂ ਗਈਆਂ ਸਨ।
ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ 29 ਅਪ੍ਰੈਲ, 2021 ਨੂੰ ਜਾਰੀ ਹੁਕਮਾਂ ਦੀ ਪ੍ਰਵਾਨਗੀ ਉਪਰੰਤ ਆਡਿਟ ਅਫ਼ਸਰ ਦੀਆਂ ਅਸਾਮੀਆਂ 22 ਤੋਂ ਵਧਾ ਕੇ 24 ਅਤੇ ਸੁਪਰਡੈਂਟ ਗਰੇਡ-2 ਦੀਆਂ ਅਸਾਮੀਆਂ 16 ਤੋਂ ਵਧਾ ਕੇ 22 ਅਤੇ ਸੀਨੀਅਰ ਸਹਾਇਕ ਦੀਆਂ ਅਸਾਮੀਆਂ 24 ਤੋਂ ਵਧਾ ਕੇ 34 ਕਰ ਦਿੱਤੀਆਂ ਗਈਆਂ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ