ਰਵਨੀਤ ਬਿੱਟੂ ਦੀ ਅਧਿਕਾਰੀਆਂ ਨੂੰ ਹਦਾਇਤ: ਸਰਕਾਰੀ ਯੋਜਨਾਵਾਂ ਲਾਗੂ ਕਰਨ ਮੌਕੇ ਚੁਣੇ ਨੁਮਾਇੰਦਿਆਂ ਨੂੰ ਭਰੋਸੇ ਵਿਚ ਲਿਆ ਜਾਵੇ

ਲੁਧਿਆਣਾ, 30 ਦਸੰਬਰ, 2019:

ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹਲਕੇ ਦੇ ਲੋਕਾਂ ਨੂੰ ਭਰਪੂਰ ਲਾਭ ਦਿਵਾਉਣ ਲਈ ਵੱਖ-ਵੱਖ ਲੋਕ ਹਿੱਤ ਯੋਜਨਾਵਾਂ ਦਾ ਖੁਦ ਗਿਆਨ ਰੱਖਣਾ ਯਕੀਨੀ ਬਣਾਉਣ। ਜੇਕਰ ਉਨ੍ਹਾਂ ਨੂੰ ਯੋਜਨਾਵਾਂ ਬਾਰੇ ਪਤਾ ਹੋਵੇਗਾ ਤਾਂ ਹੀ ਉਹ ਉਸਦੀ ਪ੍ਰਗਤੀ ਦਾ ਜਾਇਜ਼ਾ ਲੈ ਸਕਦੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਲੋਕ ਹਿੱਤ ਸਰਕਾਰੀ ਯੋਜਨਾਵਾਂ ਨੂੰ ਮੈਦਾਨੀ ਪੱਧਰ ‘ਤੇ ਚੰਗੀ ਤਰ੍ਹਾਂ ਲਾਗੂ ਕਰਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਭਰੋਸੇ ਵਿੱਚ ਲੈਣਾ ਯਕੀਨੀ ਬਣਾਉਣ। ਕਿਉਂਕਿ ਚੁਣੇ ਹੋਏ ਨੁਮਾਇੰਦੇ ਲੋਕਾਂ ਨਾਲ ਜ਼ਮੀਨੀ ਪੱਧਰ ‘ਤੇ ਜੁੜੇ ਹੁੰਦੇ ਹਨ। ਜਿਸ ਦੇ ਹੋਰ ਵੀ ਵਧੀਆ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਅੱਜ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਟਿੰਗ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਆਮ ਤੌਰ ‘ਤੇ ਦੇਖਣ ਵਿੱਚ ਆਉਂਦਾ ਹੈ ਕਿ ਸਰਕਾਰੀ ਯੋਜਨਾਵਾਂ ਜ਼ਮੀਨੀ ਪੱਧਰ ‘ਤੇ ਚੰਗੀ ਤਰ੍ਹਾਂ ਲਾਗੂ ਨਹੀਂ ਹੋ ਪਾਉਂਦੀਆਂ। ਕਈ ਮੌਕਿਆਂ ‘ਤੇ ਸਰਕਾਰੀ ਤੰਤਰ ਲੋਕਾਂ ਤੱਕ ਪੂਰੀ ਤਰ੍ਹਾਂ ਪਹੁੰਚ ਹੀ ਨਹੀਂ ਕਰ ਸਕਦਾ। ਜਿਸਦਾ ਨਤੀਜਾ ਇਹ ਹੁੰਦਾ ਹੈ ਕਿ ਕੁਝ ਲੋਕ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ।

ਇਸ ਦਾ ਕਾਰਨ ਹੁੰਦਾ ਹੈ ਕਿ ਉਨ੍ਹਾਂ ਯੋਜਨਾਵਾਂ ਬਾਰੇ ਨਾ ਤਾਂ ਚੁਣੇ ਹੋਏ ਨੁਮਾਇੰਦਿਆਂ ਨੂੰ ਹੁੰਦਾ ਹੈ ਅਤੇ ਨਾ ਹੀ ਅਧਿਕਾਰੀ ਉਨ੍ਹਾਂ ਨੂੰ ਭਰੋਸੇ ਵਿੱਚ ਲੈਂਦੇ ਹਨ। ਜੇਕਰ ਇਸ ਦਿਸ਼ਾ ਵਿੱਚ ਸੰਬੰਧਤ ਖੇਤਰ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਲੈ ਲਿਆ ਜਾਵੇ ਤਾਂ ਇਹ ਯੋਜਨਾਵਾਂ ਚੰਗੀ ਤਰ੍ਹਾਂ ਨਾਲ ਲਾਗੂ ਕੀਤੀਆਂ ਜਾ ਸਕਦੀਆਂ ਹਨ।

ਸ੍ਰ. ਬਿੱਟੂ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਯੋਜਨਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਸ਼ਿਸ਼ ਕੀਤੀ ਜਾਵੇ ਕਿ ਵੱਖ-ਵੱਖ ਮਾਧਿਅਮਾਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੋ ਵਿਕਾਸ ਕਾਰਜ ਜ਼ਿਲ੍ਹਾ ਲੁਧਿਆਣਾ ਵਿੱਚ ਚੱਲ ਰਹੇ ਹਨ, ਉਨ੍ਹਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਯਤਨ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਸਿੱਖਿਆ, ਖੇਤੀਬਾੜੀ, ਸਮਾਜਿਕ ਸੁਰੱਖਿਆ, ਸਿਹਤ, ਨਗਰ ਨਿਗਮ, ਜਲ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰ ਵਿਭਾਗ ਲੋਕਾਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਨੂੰ ਹਦਾਇਤ ਕੀਤੀ ਗਈ ਕਿ ਇੱਟਾਂ ਦੇ ਰੇਟ ਮੁੜ ਨਿਰਧਾਰਤ ਕਰਨ ਲਈ ਜਲਦ ਮੀਟਿੰਗ ਕੀਤੀ ਜਾਵੇ ਤਾਂ ਜੋ ਵਿਕਾਸ ਕਾਰਜਾਂ ਨੂੰ ਅੱਗੇ ਤੋਰਿਆ ਜਾ ਸਕੇ।

ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਵੱਡੀ ਗਿਣਤੀ ਵਿੱਚ ਸਕੂਲਾਂ ਨੂੰ ਅੰਗਰੇਜ਼ੀ ਮਾਧਿਅਮ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ। ਜਦਕਿ ਜਲਦ ਹੀ ਹੋਰ ਸਕੂਲ ਵੀ ਤਬਦੀਲ ਕੀਤੇ ਜਾ ਰਹੇ ਹਨ, ਜਿਨ੍ਹਾਂ ਬਾਰੇ ਸੂਚਨਾ ਸੰਬੰਧਤ ਹਲਕਾ ਵਿਧਾਇਕਾਂ ਨਾਲ ਸਾਂਝੀ ਕਰਨ ਦੀ ਹਦਾਇਤ ਅਧਿਕਾਰੀਆਂ ਨੂੰ ਕੀਤੀ ਗਈ।

ਮੀਟਿੰਗ ਵਿੱਚ ਉੱਠੇ ਮੁੱਦੇ ‘ਤੇ ਫੌਰਨ ਕਾਰਵਾਈ ਕਰਦਿਆਂ ਸ੍ਰ. ਬਿੱਟੂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਮੈਡੀਕਲ ਜਾਂਚ ਜਾਂ ਡੋਪ ਟੈਸਟ ਆਦਿ ਕਰਾਉਣ ਵਿੱਚ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹਦਾਇਤ ਕੀਤੀ ਕਿ ਕੈਂਸਰ ਦੇ ਮਰੀਜ਼ਾਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰ ‘ਤੇ ਖਾਸ ਕਾਊਂਟਰ ਦੀ ਵਿਵਸਥਾ ਕੀਤੀ ਜਾਵੇ।

ਸ੍ਰੀ ਅਗਰਵਾਲ ਨੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ‘ਤੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਦਾ ਦੌਰਾ ਕਰਕੇ ਉਥੇ ਬੱਚਿਆਂ ਨੂੰ ਦਿੱਤੇ ਜਾ ਰਹੇ ਮਿੱਡ ਡੇਅ ਮੀਲ ਦਾ ਜਾਇਜ਼ਾ ਲੈਂਦੇ ਰਹਿਣ ਤਾਂ ਜੋ ਬੱਚਿਆਂ ਨੂੰ ਪੋਸ਼ਟਿਕ ਅਤੇ ਚੰਗਾ ਖਾਣਾ ਮਿਲਣਾ ਯਕੀਨੀ ਰੱਖਿਆ ਜਾ ਸਕੇ। ਇਸ ਮੌਕੇ ਨਵੇਂ ਬਣੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ.ਯਾਦਵਿੰਦਰ ਸਿੰਘ ਜੰਡਾਲੀ ਅਤੇ ਬਲਾਕ ਸੰਮਤੀਆਂ ਦੇ ਚੇਅਰਮੈਨਾਂ ਦੇ ਦਿਸ਼ਾ ਕਮੇਟੀ ਵਿੱਚ ਸ਼ਾਮਲ ਹੋਣ ‘ਤੇ ਜੀ ਆਇਆ ਨੂੰ ਕਿਹਾ ਗਿਆ।

ਮੀਟਿੰਗ ਦੌਰਾਨ ਲੋਕ ਸਭਾ ਮੈਂਬਰ ਸ੍ਰ. ਬਿੱਟੂ ਨੇ ਜ਼ੋਰ ਦੇ ਕੇ ਕਿਹਾ ਕਿ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਕਮੇਟੀ ਦੇ ਉੱਪ ਚੇਅਰਮੈਨ ਅਤੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਮਲਕੀਤ ਸਿੰਘ ਦਾਖਾ, ਵਿਧਾਇਕ ਸ੍ਰੀ ਸੰਜੇ ਤਲਵਾੜ, ਵਿਧਾਇਕ ਸ੍ਰੀਮਤੀ ਸਰਬਜੀਤ ਕੌਰ ਮਾਣੂੰਕੇ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਅੰਮ੍ਰਿਤ ਸਿੰਘ, ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਲੋਕ ਸਭਾ ਮੈਂਬਰਾਂ ਨੂੰ ਫੁੱਲ੍ਹਾਂ ਦੇ ਗੁਲਦੱਸਤੇ ਦੇ ਕੇ ਸਵਾਗਤ ਕੀਤਾ।

Share News / Article

Yes Punjab - TOP STORIES