ਰਾਜਪਾਲ ਵੱਲੋਂ ਵੀ ਸਿੱਧੂ ਦਾ ਅਸਤੀਫਾ ਪ੍ਰਵਾਨ, ਬਿਜਲੀ ਮੰਤਰਾਲਾ ਹਾਲ ਦੀ ਘੜੀ ਕੈਪਟਨ ਆਪਣੇ ਕੋਲ ਰੱਖਣਗੇ

ਚੰਡੀਗੜ੍ਹ, 20 ਜੁਲਾਈ, 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਰਾਜਪਾਲ ਵੀ.ਪੀ.ਐਸ ਬਦਨੌਰ ਦੋਵਾਂ ਨੇ ਨਵਜੋਤ ਸਿੰਘ ਸਿੱਧੂ ਦਾ ਇੱਕ ਸੱਤਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਜਿਸ ਨਾਲ ਉਹ ਰਸਮੀ ਤੌਰ ‘ਤੇ ਪੰਜਾਬ ਮੰਤਰੀ ਮੰਡਲ ਵਿਚੋਂ ਬਾਹਰ ਹੋ ਗਏ ਹਨ|

ਮੁੱਖ ਮੰਤਰੀ ਵੱਲੋਂ ਅਸਤੀਫਾ ਪੱਤਰ ਰਾਜਪਾਲ ਨੂੰ ਭੇਜੇ ਜਾਣ ਤੋਂ ਕੁਝ ਘੰਟਿਆਂ ਵਿਚ ਹੀ ਉਨ੍ਹਾਂ ਨੇ ਇਸ ਨੂੰ ਪ੍ਰਵਾਨ ਕਰਕੇ ਇਸ ਦੀ ਜਾਣਕਾਰੀ ਦੇ ਦਿੱਤੀ ਹੈ|

ਸਰਕਾਰੀ ਬੁਲਾਰੇ ਅਨੁਸਾਰ ਬਿਜਲੀ ਮੰਤਰਾਲਾ ਹਾਲ ਦੀ ਘੜੀ ਮੁੱਖ ਮੰਤਰੀ ਕੋਲ ਰਹੇਗਾ|

ਦਿੱਲੀ ਤੋਂ ਵਾਪਸ ਆਉਣ ਤੋਂ ਬਾਅਦ ਦੋ ਦਿਨ ਅਸਵਸਥ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਅਸਤੀਫਾ ਪੱਤਰ ਦੇਖਿਆ ਅਤੇ ਉਨ੍ਹਾਂ ਨੇ ਰਸਮੀ ਪ੍ਰਵਾਨਗੀ ਲਈ ਇਸ ਨੂੰ ਬਦਨੌਰ ਕੋਲ ਭੇਜ ਦਿੱਤਾ|

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਦਿੱਲੀ ਵਿਖੇ ਕਿਹਾ ਸੀ ਕਿ ਉਨ੍ਹਾਂ ਦੀ ਗੈਰ-ਹਾਜ਼ਰੀ ਵਿਚ ਉਨ੍ਹਾਂ ਦੇ ਚੰਡੀਗੜ੍ਹ ਨਿਵਾਸ ਅਸਥਾਨ ਉੱਤੇ ਪਹੁੰਚੇ ਅਸਤੀਫੇ ਨੂੰ ਉਹ ਜਾ ਕੇ ਦੇਖਣਗੇ ਅਤੇ ਇਸ ਬਾਰੇ ਫੈਸਲਾ ਲੈਣਗੇ| ਇਸ ਪੱਤਰ ਵਿਚ ਸਿੱਧੂ ਨੇ ਇੱਕ ਸੱਤਰ ਵਿਚ ਆਪਣਾ ਅਸਤੀਫਾ ਦਿੱਤਾ ਹੈ ਅਤੇ ਇਸ ਦਾ ਕੋਈ ਵੀ ਸਪਸ਼ਟੀਕਰਨ ਜਾਂ ਵਿਸਤਾਰ ਨਹੀਂ ਦਿੱਤਾ|

ਸਿੱਧੂ ਨੇ 10 ਜੂਨ ਨੂੰ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜਿਆ ਸੀ ਅਤੇ ਇਸ ਤੋਂ ਬਾਅਦ ਤਕਰੀਬਨ ਇੱਕ ਮਹੀਨੇ ਪਿੱਛੋਂ ਉਨ੍ਹਾਂ ਨੇ ਇਸ ਬਾਰੇ ਟਵੀਟ ਕੀਤਾ ਸੀ| ਇਸ ਤੋਂ ਬਾਅਦ ਉਨ੍ਹਾਂ ਨੇ ਫਿਰ ਆਪਣੇ ਟਵੀਟ ਵਿਚ ਕਿਹਾ ਸੀ ਕਿ ਉਹ ਰਸਮੀ ਤੌਰ ‘ਤੇ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜ ਦੇਣਗੇ ਜਿਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਕੀਤੇ ਫੇਰਬਦਲ ਦੇ ਹਿੱਸੇ ਵਜੋਂ ਉਨ੍ਹਾਂ ਨੂੰ ਬਿਜਲੀ ਮੰਤਰਾਲਾ ਅਲਾਟ ਕੀਤਾ ਸੀ| ਆਖੀਰ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਅਸਥਾਨ ਉੱਤੇ ਆਪਣਾ ਅਸਤੀਫਾ ਭੇਜ ਦਿੱਤਾ ਜਦਕਿ ਕੈਪਟਨ ਅਮਰਿੰਦਰ ਸਿੰਘ ਉਸ ਵੇਲੇ ਦਿੱਲੀ ਵਿਖੇ ਸਨ|

ਗੌਰਤਲਬ ਹੈ ਕਿ ਸਿੱਧੂ ਨੇ ਆਪਣਾ ਨਵਾਂ ਵਿਭਾਗ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਨੂੰ ਝੋਨੇ ਦੇ ਚਲ ਰਹੇ ਸੀਜ਼ਨ ਦੌਰਾਨ ਖੁਦ ਮੁੱਖ ਮੰਤਰੀ ਦੇਖ ਰਹੇ ਸਨ | ਇਸ ਅਹਿਮ ਮੌਕੇ ਸੂਬੇ ਵਿਚ ਬਿਜਲੀ ਦੀ ਮੰਗ ਬਹੁਤ ਜ਼ਿਆਦਾ ਵੱਧ ਗਈ ਸੀ|

Share News / Article

YP Headlines