ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੇਗੀ, ਕੇਂਦਰ ਸਰਕਾਰ ਵੱਲੋਂ 8 ਹੋਰ ਸਿੱਖਾਂ ਦੀ ਰਿਹਾਈ ਦਾ ਫ਼ੈਸਲਾ

ਯੈੱਸ ਪੰਜਾਬ
ਨਵੀਂ ਦਿੱਲੀ, 28 ਸਤੰਬਰ, 2019:
ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੌਮ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਪ੍ਰਵਾਨ ਕਰਦਿਆਂ ਫ਼ਾਂਸੀ ਦੀ ਸਜ਼ਾ ਦੀ ਉਡੀਕ ਕਰ ਰਹੇ ਇਕ ਕੈਦੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਅਤੇ 8 ਹੋਰ ਸਿੱਖ ਕੈਦੀਆਂ ਨੂੰ ਰਿਹਾ ਕਰਨ ਦਾ ਫ਼ੈਸਲਾ ਲਿਆ ਹੈ।

ਕੇਂਦਰ ਸਰਕਾਰ ਨੇ ਇਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਏ ਜਾਣ ਵਲਾ ਮਨੁੱਖੀ ਫ਼ੈਸਲਾ ਕਰਾਰ ਦਿੰਦਿਆਂ ਕਿਹਾ ਹੈ ਕਿ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ 8 ਸਿੱਖਾਂ ਨੂੰ ਰਿਹਾ ਕੀਤਾ ਜਾਵੇਗਾ।

ਗ੍ਰਹਿ ਮੰਤਰਾਲੇ ਵੱਲੋਂ ਇਸ ਸੰਬੰਧੀ ਸੰਬੰਧਤ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸੂਚਿਤ ਕੀਤਾ ਗਿਆ ਹੈ ਜਿਨ੍ਹਾਂ ਰਾਹੀਂ ਇਨ੍ਹਾਂ 8 ਸਿੱਖਾਂ ਦੀ ਰਿਹਾਈ ਹੋਣੀ ਹੈ।

ਜ਼ਿਕਰਯੋਗ ਹੈ ਕਿ ਇਹ ਸਿੱਖ ਕੈਦੀ ਪੰਜਾਬ ਵਿਚ ਖਾੜਕੂਵਾਦ ਨਾਲ ਸੰਬੰਧਤ ਵੱਖ ਵੱਖ ਕੇਸਾਂ ਵਿਚ ਵੱਖ ਵੱਖ ਅਦਾਲਤਾਂ ਵੱਲੋਂ ਦੋਸ਼ੀ ਪਾਏ ਜਾਣ ਮਗਰੋਂ ਵੱਖ ਵੱਖੇ ਜੇਲ੍ਹਾਂ ਵਿਚ ਬੰਦ ਹਨ।

ਗ੍ਰਹਿ ਮੰਤਰਾਲੇ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਇਕ ਕੇਸ ਵਿਚ ਫ਼ਾਂਸੀ ਦੀ ਸਜ਼ਾ ਪ੍ਰਾਪਤ ਸਿੱਖ ਕੈਦੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਜਾਵੇਗੀ ਜਦਕਿ ਬਾਕੀ 8 ਜਿਨ੍ਹਾਂ ਵਿਚ ਉਮਰ ਕੈਦ ਕੱਟ ਰਹੇ ਕੈਦੀ ਸ਼ਾਮਿਲ ਹਨ, ਨੂੰ ਵਿਸ਼ੇਸ਼ ਹੁਕਮਾਂ ਰਾਹੀਂ ਰਿਹਾ ਕਰ ਦਿੱਤਾ ਜਾਵੇਗਾ।

ਇੱਥੇ ਇਹ ਵਰਨਣਯੋਗ ਹੈ ਕਿ ਪਟਿਆਲਾ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਹੀ ਇਕੋ ਇਕ ਸਿੱਖ ਕੈਦੀ ਹੈ ਜੋ ਫ਼ਾਂਸੀ ਦੀ ਸਜ਼ਾ ਸੁਣਾਏ ਜਾਣ ਤੋ ਬਾਅਦ ਜੇਲ੍ਹ ਵਿਚ ਬੰਦ ਹੈ। ਇਸ ਦਾ ਮਤਲਬ ਹੈ ਕਿ ਭਾਈ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੂੰ ਘਟਾ ਕੇ ਉਮਰ ਕੈਦ ਵਿਚ ਤਬਦੀਲ ਕੀਤਾ ਜਾ ਰਿਹਾ ਹੈ।

ਕਿਹਾ ਗਿਆ ਹੈ ਕਿ ਇਹ ਫ਼ੈਸਲਾ ਸਿੱਖ ਕੌਮ ਦੀਆਂ ਉਹਨਾਂ ਭਾਵਨਾਵਾਂ ਅਤੇ ਮੰਗ ਅਨੁਸਾਰ ਸਦਭਾਵਨਾ ਫ਼ੈਸਲੇ ਵਜੋਂ ਲਿਆ ਗਿਆ ਹੈ ਜਿਨ੍ਹਾਂ ਵਿਚ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਅਤੇ ਮਿਲੀ ਕੈਦ ਹੰਢਾ ਚੁੱਕੇ ਸਿੱਖ ਕੈਦੀਆਂ ਨੂੰ ਰਿਹਾ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ।

ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

YP Headlines