ਰੰਧਾਵਾ ਵਲੋਂ ‘ਕਿਸਾਨੀ ਅਤੇ ਜਵਾਨੀ’ ਨੂੰ ਬਚਾਉਣ ਲਈ ਕੇਂਦਰ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸਾਂ ਵਿਰੁੱਧ ਸਾਂਝੇ ਯਤਨ ਕਰਨ ਦਾ ਸੱਦਾ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਜਲੰਧਰ, 15 ਅਗਸਤ, 2020 –

ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ੍ਰ.ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੂਬੇ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਖਿਲਾਫ਼ ਇਕਜੁੱਟ ਹੋ ਕੇ ਸਾਂਝੇ ਤੌਰ ’ਤੇ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।

ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ 74ਵੇਂ ਸੁਤੰਤਰਤਾ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਅਪਣੇ ਸੰਬੋਧਨ ਵਿੱਚ ਸ੍ਰ.ਰੰਧਾਵਾ ਨੇ ਲੋਕਾਂ ਖਾਸ ਕਰਕੇ ਨੌਜਵਾਨਾਂ, ਕਿਸਾਨ ਜਥੇਬੰਦੀਆਂ ਅਤੇ ਹੋਰਨਾ ਨੂੰ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਿਸ ਲੈਣ ਲਈ ਇਕੱਠੇ ਹੋਕੇ ਸਾਂਝੇ ਯਤਨ ਕਰਨ ਲਈ ਕਿਹਾ ਗਿਆ, ਨਹੀਂ ਤਾਂ ਇਸ ਨਾਲ ਘੱਟ ਤੋਂ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਖ਼ਤਮ ਹੋ ਜਾਵੇਗੀ।

ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਮੱਕੀ, ਦਾਲਾਂ, ਸੂਰਜਮੁੱਖੀ ਦੀ ਫ਼ਸਲ ’ਤੇ ਐਮ.ਐਸ.ਪੀ. ਦਾ ਐਲਾਨ ਕਿਉਂ ਨਹੀਂ ਕੀਤਾ ਜਾਂਦਾ ਜਿਸ ਕਰਕੇ ਕਿਸਾਨਾ ਨੂੰ ਘੱਟ ਕੀਮਤ ’ਤੇ ਫ਼ਸਲਾਂ ਵੇਚਣ ਲਈ ਮਜ਼ਬੂਤ ਹੋਣਾ ਪੈ ਰਿਹਾ ਹੈ।

ਸ੍ਰੀ ਰੰਧਾਵਾ ਨੇ ਕਿਹਾ ਕਿ ਐਮ.ਐਸ.ਪੀ.ਤੋਂ ਬਗੈਰ ਪੰਜਾਬ ਦਾ ਕਿਸਾਨ ਕਿਸ ਤਰ੍ਹਾਂ ਅਪਣੀ ਫਸ਼ਲ ਦਾ ਮੰਡੀਕਰਨ ਕਰ ਸਕਦਾ ਹੈ ,ਇਹ ਤਾਂ ਉਨਾਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾਂ ਹੀ ਦੇਸ਼ ਵਿੱਚ ਫ਼ਸਲਾਂ ਦੀ ਖ਼ਰੀਦ ਕਰਨ ਅਤੇ ਕਿਸਾਨਾਂ ਨੂੰ ਐਮ.ਐਸ.ਪੀ.ਦੇਣ ਵਿੱਚ ਮੋਹਰੀ ਰਿਹਾ ਹੈ।

ਇਸ ਮੌਕੇ ਸ੍ਰ.ਰੰਧਾਵਾ ਨੇ ਕਿਹਾ ਕਿ ਇਹ ਸਾਡੇ ਸਭ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਅਪਣੇ ਮਹਾਨ ਅਜ਼ਾਦੀ ਘੁਲਾਟੀਆਂ ਵਲੋਂ ਦੇਖੇ ਗਏ ਸੁਪਨਿਆਂ ਨੂੰ ਪੂਰਾ ਕਰਨ ਲਈ ਸਮਰਪਨ ਭਾਵਨਾ ਨਾਲ ਸਾਂਝੇ ਯਤਨ ਕਰੀਏ ਜਿਨਾਂ ਨੇ ਆਪਣੀਆਂ ਜਾਨਾਂ ਮਾਤ ਭੂਮੀ ਖ਼ਾਤਿਰ ਕੁਰਬਾਨ ਕਰ ਦਿੱਤੀਆਂ।

ਸ੍ਰ.ਰੰਧਾਵਾ ਨੇ ਕਿਹਾ ਕਿ ਇਹ ਉਨਾਂ ਲਈ ਬਣੇ ਮਾਨ ਵਾਲੀ ਗੱਲ ਹੈ ਕਿ ਉਹ ਜਲੰਧਰ ਵਿਖੇ ਦੂਜੀ ਵਾਰ ਅਜਿਹੇ ਸਮਾਗਮਾਂ ਦੀ ਪ੍ਰਧਾਨਗੀ ਕਰ ਰਹੇ ਹਨ,ਜੋ ਕਿ ਦੁਆਬਾ ਦਾ ਹਿੱਸਾ ਹੈ ਅਤੇ ਜਿਸ ਨੇ ਵੱਧ ਤੋਂ ਵੱਧ ਦੇਸ਼ ਦੇ ਅਜ਼ਾਦੀ ਘੁਲਾਟੀਆਂ ਜਿਵੇਂ ਸ਼ਹੀਦ ਭਗਤ ਸਿੰਘ ਅਤੇ ਗਦਰ ਲਹਿਰ ਅਤੇ ਬੱਬਰ ਅਕਾਲੀ ਲਹਿਰ ਦੇ ਯੋਧਿਆਂ ਨੂੰ ਪੈਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਪੰਜਾਬ ਸਵ : ਸ.ਸੰਤੋਖ ਸਿੰਘ ਰੰਧਾਵਾ ਵਲੋਂ ਵੀ ਸਾਲ 1980 ਵਿੱਚ ਅਜਿਹੇ ਸਮਾਗਮਾਂ ’ਤੇ ਕੌਮੀ ਝੰਡਾ ਲਹਿਰਾਇਆ ਗਿਆ ਹੈ।

ਕੋਵਿਡ-19 ਮਹਾਂਮਾਰੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂਂ ਪਹਿਲਾਂ ਹੀ ਅਦ੍ਰਿਸ਼ ਦੁਸ਼ਮਣ ਖਿਲਾਫ਼ ਜੰਗ ਲੜੀ ਜਾ ਰਹੀ ਹੈ ਅਤੇ ਪੰਜਾਬ ਕੋਰੋਨਾ ਯੋਧਿਆਂ ਦੀ ਮਿਹਨਤ ਅਤੇ ਅਣਥੱਕ ਯਤਨਾਂ ਸਦਕਾ ਇਸ ’ਤੇ ਜਿੱਤ ਪ੍ਰਾਪਤ ਕਰ ਲਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਕੀ ਸੂਬਿਆਂ ਨਾਲੋਂ ਸਥਿਤੀ ਕਾਫ਼ੀ ਬਿਹਤਰ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੋਟੋਕਾਲ ਦੀ ਪਾਲਣਾ ਵਿੱਚ ਸਾਨੂੰ ਪੰਜਾਬ ਵਾਸੀਆਂ ਦੇ ਪੂਰਨ ਸਹਿਯੋਗ ਦੀ ਲੋੜ ਹੈ।

ਸ੍ਰ.ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਟਿਆਲਾ, ਅੰਮ੍ਰਿਤਸਰ ਅਤੇ ਫ਼ਰੀਦਕੋਟ ਦੇ ਸਰਕਾਰ ਮੈਡੀਕਲ ਕਾਲਜਾਂ ਵਿੱਚ ਪਲਾਜ਼ਮਾ ਬੈਂਕ ਬਣਾਏ ਗਏ ਹਨ। ਉਨ੍ਹਾਂ ਕੋਵਿਡ-19 ਦੀ ਲਾਗ ਤੋਂ ਤੰਦਰੁਸਤ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਨਾਂ ਨੂੰ ਪਲਾਜਮਾ ਜਰੂਰ ਦਾਨ ਕਰਨਾ ਚਾਹੀਦਾ ਹੈ ਤਾਂ ਜੋ ਦੂਜੇ ਗੰਭੀਰ ਮਰੀਜ਼ ਵੀ ਜਲਦੀ ਤੰਦਰੁਸਤ ਹੋ ਸਕਣ।

ਸ੍ਰ.ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨਾਲ ਕੀਤਾ ਗਿਆ ਹਰ ਇਕ ਵਾਅਦਾ ਪੂਰਾ ਕੀਤਾ ਜਾਵੇਗਾ ਅਤੇ ਹਾਲ ਹੀ ਵਿਚ ‘ਪੰਜਾਬ ਸਮਾਰਟ ਕੁਨੈਕਟ’ ਸਕੀਮ ਤਹਿਤ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡ ਕੇ ਉਨਾ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਡਿਜੀਟਲੀ/ਤਕਨੀਕੀ ਤੌਰ ’ਤੇ ਮਜ਼ਬੂਤ ਕੀਤਾ ਗਿਆ ਹੈ।

ਸ੍ਰ.ਰੰਧਾਵਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਹੁਣ ਤੱਕ ਪੰਜ ਲੱਖ ਤੋਂ ਜ਼ਿਆਦਾ ਕਿਸਾਨਾਂ ਦਾ 4700 ਕਰੋੜ ਰੁਪਏ ਕਰਜ਼ਾ ਮੁਆਫ਼ ਕਰਨ ਤੋਂ ਇਲਾਵਾ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 13 ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।

ਪੰਜਾਬੀਆਂ ਵਲੋਂ ਦੇਸ਼ ਦੇ ਅਜ਼ਾਦੀ ਸੰਘਰਸ਼ ਵਿੱਚ ਪਾਏ ਗਏ ਯੋਗਦਾਨ ਨੂੰ ਯਾਦ ਕਰਦਿਆਂ ਸ੍ਰ.ਰੰਧਾਵਾ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾਂ ਹੀ ਸਮੇਂ-ਸਮੇਂ ’ਤੇ ਅਨਿਆਂ ਅਤੇ ਜ਼ੁਲਮ ਦੇ ਖਿਲਾਫ਼ ਮੋਹਰੀ ਹੋਕੇ ਅਪਣਾ ਯੋਗਦਾਨ ਪਾਇਆ ਹੈ।

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸ੍ਰ.ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਰਾਜਿੰਦਰ ਬੇਰੀ, ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਚੌਧਰੀ ਸੁਰਿੰਦਰ ਸਿੰਘ, ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ , ਡਵੀਜ਼ਨਲ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਸ੍ਰੀ ਸਤਿੰਦਰ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਕਰਨੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਤੇ ਸ੍ਰੀ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਰੁਣ ਸੈਣੀ, ਉਪ ਮੰਡਲ ਮੈਜਿਸਟਰੇਟ ਸ੍ਰੀ ਰਾਹੁਲ ਸਿੰਧੂ ਅਤੇ ਡਾ.ਜੈ ਇੰਦਰ ਸਿੰਘ, ਜਾਇੰਟ ਕਮਿਸ਼ਨਰ ਇਨਾਇਤ, ਸ੍ਰੀਮਤੀ ਸ਼ਾਇਰੀ ਮਲਹੋਤਰਾ, ਸਹਾਇਕ ਕਮਿਸ਼ਨਰ ਸ੍ਰੀ ਹਰਦੀਪ ਸਿੰਘ , ਲੈਫ.ਕਰਨਲ (ਰਿਟਾ.) ਮਨਮੋਹਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •