ਲੌਂਗੋਵਾਲ ਨੇ ਕੈਪਟਨ ਨੂੰ ਕਿਹਾ, ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦਾ ਪਾਲਣ ਕਰੋ, ਤਾਲਮੇਲ ਲਈ ਨਿਰਧਾਰਤ ਮੰਤਰੀ ਹੈ ਕਿੱਥੇ ਨੇ?

ਅੰਮ੍ਰਿਤਸਰ, 9 ਸਤੰਬਰ, 2019 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਸਬੰਧੀ ਦਿੱਤੇ ਬਿਆਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਬਿਆਨ ਆਪਾ-ਵਿਰੋਧੀ ਹੈ, ਕਿਉਂਕਿ ਇਕ ਪਾਸੇ ਉਹ ਮੰਤਰੀਆਂ ਦੀ ਜ਼ੁੰਮੇਵਾਰੀ ਲਗਾਈ ਹੋਣ ਦੀ ਗੱਲ ਕਰ ਰਹੇ ਹਨ, ਜਦਕਿ ਸਚਾਈ ਇਹ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬਣਾਈ ਤਾਲਮੇਲ ਕਮੇਟੀ ਲਈ ਉਨ੍ਹਾਂ ਸਹਿਯੋਗ ਨਹੀਂ ਦਿੱਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਿਸ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਰਕਾਰ ਦੇ ਇਹ ਮੰਤਰੀ ਪੁੱਜੇ ਸਨ, ਉਸ ਵਿਚ ਹੋਰ ਇਕੱਤਰਤਾਵਾਂ ਦਾ ਫੈਸਲਾ ਕੀਤਾ ਗਿਆ ਸੀ। ਇਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ (ਭਾਈ ਲੌਂਗੋਵਾਲ) ਨੂੰ ਇਕ ਪੱਤਰ ਲਿਖ ਕੇ ਸਾਂਝੀ ਤਾਲਮੇਲ ਕਮੇਟੀ ਬਣਾਉਣ ਦਾ ਆਦੇਸ਼ ਕੀਤਾ ਸੀ। ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਆਦੇਸ਼ ਦਾ ਪਾਲਣ ਕਰਦਿਆਂ ਆਪਣੇ ਦੋ ਨੁਮਾਇੰਦੇ ਨਿਰਧਾਰਤ ਕੀਤੇ, ਜਦਕਿ ਪੰਜਾਬ ਸਰਕਾਰ ਨੇ ਕੋਈ ਨੁਮਾਇੰਦਾ ਨਹੀਂ ਭੇਜਿਆ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਮੁੱਖ ਮੰਤਰੀ ਨੂੰ ਸਰਕਾਰ ਤਰਫੋਂ ਦੋ ਨੁਮਾਇੰਦਿਆਂ ਦੇ ਨਾਂ ਭੇਜਣ ਲਈ ਦੋ ਵਾਰ ਪੱਤਰ ਲਿਖੇ ਜਾ ਚੁੱਕੇ ਹਨ। ਇਥੇ ਹੀ ਬੱਸ ਨਹੀਂ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਮਿਲਣੀ ਦੌਰਾਨ ਵੀ ਅਪੀਲ ਕੀਤੀ ਗਈ। ਉਨ੍ਹਾਂ ਦੁੱਖ ਨਾਲ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਦੀਆਂ ਦੋ ਇਕੱਤਰਤਾਵਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੋਈ ਨੁਮਾਇੰਦਾ ਸ਼ਾਮਲ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਜੇਕਰ ਇਕੱਤਰਤਾਵਾਂ ਵਿਚ ਸ਼ਾਮਲ ਹੀ ਨਹੀਂ ਹੋਣਾ ਤਾਂ ਫਿਰ ਪੰਜਾਬ ਦੇ ਮੁੱਖ ਮੰਤਰੀ ਕਿਹੜੇ ਸਾਂਝੇ ਯਤਨਾਂ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਸੰਜੀਦਾ ਹੁੰਦੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਗੱਲਬਾਤ ਅੱਗੇ ਤੋਰਨ ਦੇ ਮੰਤਵ ਨਾਲ ਬਣਾਈ ਗਈ ਤਾਲਮੇਲ ਕਮੇਟੀ ਲਈ ਆਪਣੇ ਨੁਮਾਇੰਦਿਆਂ ਦੇ ਨਾਮ ਭੇਜਦੇ ਅਤੇ ਹਰ ਮੀਟਿੰਗ ਵਿਚ ਸ਼ਾਮਲ ਹੋਣ ਨੂੰ ਯਕੀਨੀ ਵੀ ਬਣਾਉਂਦੇ।

ਉਨ੍ਹਾਂ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਸਿਧਾਂਤਾਂ ਅਤੇ ਉਪਦੇਸ਼ਾਂ ਅਨੁਸਾਰ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਅੱਗੇ ਆਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਸੰਸਥਾ ਹੈ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧ ਕਰਨੇ ਉਸ ਦੀ ਜ਼ੁੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਵਿਚ ਹੋਣ ਵਾਲੇ ਗੁਰਮਤਿ ਸਮਾਗਮਾਂ ਲਈ ਸਹਿਯੋਗ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਹਮੇਸ਼ਾ ਪਹਿਲ ਰਹੀ ਹੈ ਕਿ ਹਰ ਧਿਰ ਨੂੰ ਨਾਲ ਲੈ ਕੇ ਸ਼ਤਾਬਦੀ ਸਮਾਗਮ ਕੀਤੇ ਜਾਣ।

Share News / Article

Yes Punjab - TOP STORIES