ਵਿਜੀਲੈਂਸ ਬਿਓਰੋ ਨੇ ਬਰਾੜ ਬੀਜ ਸਟੋਰ ਵੱਲੋਂ ਕਿਸਾਨਾਂ ਨੂੰ ਗੈਰ ਮਿਆਰੀ ਬੀਜ ਵੇਚਣ ਦੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ

ਲੁਧਿਆਣਾ, 27 ਮਈ, 2020 –

ਕੁਝ ਦਿਨ ਪਹਿਲਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰਬਰ 1 ਦੇ ਸਾਹਮਣੇ ਪੈਂਦੇ ਬਰਾੜ ਬੀਜ ਸਟੋਰ ‘ਤੇ ਛਾਪੇਮਾਰੀ ਦੌਰਾਨ ਇਥੋਂ ਬੀਜ ਦੇ ਨਮੂਨੇ, ਬਿੱਲ ਬੁੱਕਾਂ ਅਤੇ ਹੋਰ ਦਸਤਾਵੇਜ਼ ਕਬਜ਼ੇ ਵਿੱਚ ਲੈ ਕੇ ਪੁਲਿਸ ਮਾਮਲਾ ਦਰਜ ਕਰਵਾਇਆ ਸੀ। ਇਹ ਮਾਮਲਾ ਹੁਣ ਵਿਜੀਲੈਂਸ ਵਿਭਾਗ ਦੇ ਦਰਬਾਰ ਵਿੱਚ ਵੀ ਪੁੱਜ ਗਿਆ ਹੈ।

ਇਸੇ ਮਾਮਲੇ ਦੇ ਤੱਥਾਂ ਨੂੰ ਘੋਖਣ ਲਈ ਵਿਜੀਲੈਂਸ ਵਿਭਾਗ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਸ੍ਰ. ਰੁਪਿੰਦਰ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਲੁਧਿਆਣਾ ਦੇ ਮੁੱਖ ਖੇਤੀਬਾੜੀ ਵਿਭਾਗ ਅਫ਼ਸਰ ਸ੍ਰ. ਨਰਿੰਦਰ ਸਿੰਘ ਬੈਨੀਪਾਲ ਨਾਲ ਮੀਟਿੰਗ ਕੀਤੀ।

ਦੱਸਣਯੋਗ ਹੈ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ ਕਿ ਬਰਾੜ ਬੀਜ ਸਟੋਰ ਮਾਲਕ ਵੱਲੋਂ ਕਿਸਾਨਾਂ ਨੂੰ ਵੱਧ ਰੇਟ ‘ਤੇ ਜਾਅਲੀ ਬੀਜ ਵੇਚੇ ਜਾ ਰਹੇ ਹਨ। ਇਸ ਸੰਬੰਧੀ ਇੱਕ ਕਿਸਾਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੂੰ ਲਿਖ਼ਤੀ ਸ਼ਿਕਾਇਤ ਵੀ ਕੀਤੀ ਗਈ ਸੀ ਕਿ ਉਸਨੂੰ ਪੀ.ਆਰ.128 ਕਿਸਮ 200 ਰੁਪਏ ਪ੍ਰਤੀ ਕਿਲੋ ਵੇਚੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਇਸ ਸ਼ਿਕਾਇਤ ‘ਤੇ ਕਾਰਵਾਈ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਸੀ, ਜਿਸ ‘ਤੇ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਕਰਕੇ ਪੀ.ਆਰ.128, 129 ਕਿਸਮਾਂ, ਕੱਟੇ ਬਿੱਲਾਂ ਦੀਆਂ ਵੱਡੀ ਗਿਣਤੀ ਵਿੱਚ ਬਿੱਲ ਬੁੱਕਾਂ ਬਰਾਮਦ ਕੀਤੀਆਂ ਗਈਆਂ ਅਤੇ ਮੌਕੇ ‘ਤੇ ਪ੍ਰਾਪਤ ਸਾਰੇ ਬੀਜਾਂ ਦੇ ਨਮੂਨੇ ਲਏ ਗਏ ਸਨ। ਇਸ ਸੰਬੰਧੀ ਪੁਲਿਸ ਵੱਲੋਂ ਧਾਰਾ 420 ਤਹਿਤ ਮਾਮਲਾ ਦਰਜ ਕੀਤਾ ਹੋਇਆ ਹੈ।

ਮੀਟਿੰਗ ਦੌਰਾਨ ਸ੍ਰ. ਰੁਪਿੰਦਰ ਸਿੰਘ ਨੇ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਆਪਣੇ ਵਿਭਾਗੀ ਅਧਿਕਾਰੀਆਂ ਦੀ ਡਿਊਟੀ ਲਗਾਈ। ਉਨ੍ਹਾਂ ਦੱਸਿਆ ਕਿ ਝੋਨੇ ਦਾ ਇਹ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਇਲਾਵਾ ਹੋਰ ਕੋਈ ਵੀ ਵਿਕਰੇਤਾ ਵੇਚ ਨਹੀਂ ਸਕਦਾ।

ਇਸ ਮੌਕੇ ਸ੍ਰ. ਰੁਪਿੰਦਰ ਸਿੰਘ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਲੋਕਾਂ ਨੂੰ ਸਾਹ ਦੀ ਸਮੱਸਿਆ ਆਉਣ ਦਾ ਡਰ ਰਹਿੰਦਾ ਹੈ, ਜੇਕਰ ਸਾਹ ਦਾ ਰੋਗ ਲੱਗ ਜਾਵੇ ਤਾਂ ਉਸਨੂੰ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਆਸਾਨੀ ਨਾਲ ਘੇਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭੀ ਜਾਵੇਗੀ।

ਦੱਸਣਯੋਗ ਹੈ ਕਿ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਦਾ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਝੋਨੇ ਦੇ ਬੀਜਾਂ ਦੀ ਖਰੀਦ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਸ਼ੁੱਧ ਮਿਆਰੀ ਬੀਜ ਸਪਲਾਈ ਕਰਵਾਉਣਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਅਹਿਮ ਜਿੰਮੇਵਾਰੀ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਅਜਿਹੇ ਕਿਸੇ ਵੀ ਠੱਗੀ ਨਾ ਵੱਜਣ ਨੂੰ ਯਕੀਨੀ ਬਣਾਉਣ ਲਈ ਹੀ ਅਜਿਹੇ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


Share News / Article

Yes Punjab - TOP STORIES