ਵਿਧਾਇਕ ਗੁਰਕੀਰਤ ਕੋਟਲੀ ਵੱਲੋਂ ਕੇਂਦਰ ਨੂੰ ਪਾਕਿਸਤਾਨ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਨੂੰ ਰਾਜਸੀ ਪਨਾਹ ਦੇਣ ਦੀ ਅਪੀਲ

ਖੰਨਾ/ਲੁਧਿਆਣਾ, 11 ਸਤੰਬਰ, 2019 –

ਖੰਨਾ ਦੇ ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ ਨੇ ਅੱਜ ਪਾਕਿਸਤਾਨ ਦੇ ਸਾਬਕਾ ਵਿਧਾਇਕ ਸ੍ਰੀ ਬਲਦੇਵ ਕੁਮਾਰ ਨਾਲ ਖੰਨਾ ਵਿਖੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਪਾਕਿਸਤਾਨ ਵਿੱਚ ਘੱਟ ਗਿਣਤੀਆਂ ‘ਤੇ ਹੋ ਰਹੇ ਅੱਤਿਆਚਾਰਾਂ ਬਾਰੇ ਜਾਣਕਾਰੀ ਲਈ।

ਦੱਸਣਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਵੱਲੋਂ ਪਾਕਿਸਤਾਨ ਵਿੱਚ ਵਿਧਾਇਕ ਰਹਿ ਚੁੱਕੇ ਬਲਦੇਵ ਕੁਮਾਰ ਇੱਕ ਮਹੀਨੇ ਤੋਂ ਖੰਨਾ (ਪੰਜਾਬ) ਵਿਖੇ ਆਪਣੇ ਸਹੁਰੇ ਘਰ ਵਿਖੇ ਪਤਨੀ ਅਤੇ ਬੱਚਿਆਂ ਨਾਲ ਰਹਿ ਰਹੇ ਹਨ। ਇਸੇ ਦੌਰਾਨ ਉਨ੍ਹਾਂ ਭਾਰਤ ਸਰਕਾਰ ਨੂੰ ਰਾਜਸੀ ਸ਼ਰਨ (ਪਨਾਹ) ਦੇਣ ਦੀ ਅਪੀਲ ਕੀਤੀ ਹੈ।

ਅੱਜ ਉਨ੍ਹਾਂ ਦੇ ਸਹੁਰਾ ਘਰ ਵਿਖੇ ਬਲਦੇਵ ਕੁਮਾਰ ਨੂੰ ਵਿਸ਼ੇਸ਼ ਤੌਰ ‘ਤੇ ਮਿਲਣ ਪਹੁੰਚੇ ਸ੍ਰ. ਕੋਟਲੀ ਨੇ ਉਨ੍ਹਾਂ ਤੋਂ ਉਨ੍ਹਾਂ ਦੀ ਖੈਰੀਅਤ ਪੁੱਛੀ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਲਦੇਵ ਕੁਮਾਰ ਦੇ ਮਾਮਲੇ ਨੂੰ ਹਮਦਰਦੀ ਨਾਲ ਵਿਚਾਰੇ ਅਤੇ ਉਨ੍ਹਾਂ ਨੂੰ ਭਾਰਤ ਵਿੱਚ ਰਾਜਸੀ ਪਨਾਹ ਦੇਵੇ। ਉਨ੍ਹਾਂ ਕਿਹਾ ਕਿ ਇਸ ਤਰਾਂ ਕਰਨ ਨਾਲ ਵੱਖ-ਵੱਖ ਫਿਰਕਿਆਂ ਵਿੱਚ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੀ ਸ਼ਾਖ ਮਜ਼ਬੂਤ ਹੋਵੇਗੀ।

ਸ੍ਰ. ਕੋਟਲੀ ਨੇ ਕਿਹਾ ਕਿ ਪੂਰੇ ਵਿਸ਼ਵ ਨੂੰ ਪਤਾ ਹੈ ਕਿ ਅੱਜ ਪਾਕਿਸਤਾਨ ਵਿੱਚ ਮਨੁੱਖੀ ਅਧਿਕਾਰਾਂ ਦਾ ਕਿਸ ਤਰਾਂ ਘਾਣ ਕੀਤਾ ਜਾ ਰਿਹਾ ਹੈ ਅਤੇ ਘੱਟ ਗਿਣਤੀਆਂ ਦਾ ਰਹਿਣਾ ਮੁਸ਼ਕਿਲ ਹੋਇਆ ਪਿਆ ਹੈ। ਇਸ ਮੌਕੇ ਉਨ੍ਹਾਂ ਬਲਦੇਵ ਕੁਮਾਰ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸ੍ਰੀ ਵਿਕਾਸ ਮਹਿਤਾ ਅਤੇ ਹੋਰ ਆਗੂ ਵੀ ਹਾਜ਼ਰ ਸਨ।

Share News / Article

Yes Punjab - TOP STORIES