ਸਮੂਹ ਅਸਲਾ ਲਾਇਸੰਸ ਧਾਰਕ ਆਪਣੇ ਹਥਿਆਰ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ: ਐਸ.ਐਸ.ਪੀ. ਮੁਖ਼ਵਿੰਦਰ ਸਿੰਘ ਭੁੱਲਰ

ਯੈੱਸ ਪੰਜਾਬ
ਬਟਾਲਾ, 20 ਦਸੰਬਰ, 2021 –
ਐੱਸ.ਐੱਸ.ਪੀ. ਬਟਾਲਾ ਸ. ਮੁਖਵਿੰਦਰ ਸਿੰਘ ਭੁੱਲਰ ਨੇ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਵਿਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ 5 ਜਨਵਰੀ 2022 ਤੱਕ ਜਮ੍ਹਾ ਕਰਵਾ ਦੇਣ।

ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫੋਜ਼ਦਾਰੀ 1973 ਦੀ ਧਾਰਾ 144 ਅਧੀਨ ਅਸਲਾ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਐੱਸ.ਐੱਸ.ਪੀ. ਬਟਾਲਾ ਸ. ਭੁੱਲਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਚੋਣਾਂ ਨੇੜਲੇ ਭਵਿੱਖ ਵਿਚ ਹੋਣ ਜਾ ਰਹੀਆਂ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣਾ ਅਸਲਾ (ਹਥਿਆਰ) ਨੇੜਲੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾ ਕਰਵਾਉਣ।

ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਅਸਲਾ ਧਾਰਕਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਅਤਿ ਜਰੂਰੀ ਹੈ, ਤਾਂ ਜੋ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਉਨ੍ਹਾਂ ਕਿਹਾ ਕਿ ਸਮੂਹ ਅਸਲਾ ਧਾਰਕ ਆਪਣੇ ਹਥਿਆਰ ਮਿਤੀ 05 ਜਨਵਰੀ 2022 ਤਕ ਜਮ੍ਹਾਂ ਕਰਵਾ ਦੇਣ। ਉਨ੍ਹਾਂ ਕਿਹਾ ਕਿ ਜਿਸ ਅਸਲਾ ਧਾਰਕ ਨੇ ਦਿੱਤੇ ਸਮੇਂ ਤੱਕ ਆਪਣੇ ਹਥਿਆਰ ਜਮ੍ਹਾਂ ਨਾ ਕਰਵਾਏ ਤਾਂ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ