ਸਿਰਸਾ ਦੀ ਸੋਨੀਆ ਗਾਂਧੀ ਨੂੰ ਅਪੀਲ: ਕਮਲਨਾਥ ਤੇ ਟਾਈਟਲਰ ਨੂੰ ਤੁਰੰਤ ਕਾਂਗਰਸ ਪਾਰਟੀ ਵਿਚੋਂ ਬਰਖ਼ਾਸਤ ਕੀਤਾ ਜਾਵੇ

ਨਵੀਂ ਦਿੱਲੀ, 2 ਨਵੰਬਰ, 2019 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕੁੱਲ ਹਿੰਦ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਤੇ ਪਾਰਟੀ ਆਗੂ ਜਗਦੀਸ਼ ਟਾਈਟਲਰ ਨੂੰ ਪਾਰਟੀ ਵਿਚੋਂ ਬਰਖ਼ਾਸਤ ਕੀਤਾ ਜਾਵੇ ਅਤੇ ਕਮਲਨਾਥ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਵੀ ਲਾਂਭੇ ਕੀਤਾ ਜਾਵੇ।

ਸੋਨੀਆ ਗਾਂਧੀ ਨੂੰ ਲਿਖੇ ਇਕ ਪੱਤਰ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਸ਼ਾਇਦ ਉਹ ਜਾਣਦੇ ਹੋਣਗੇ ਕਿ ਪਿਛਲੇ 35 ਸਾਲਾਂ ਤੋਂ ਅਸੀਂ 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਨਿਆਂ ਦੀ ਲੜਾਈ ਲੜ ਰਹੇ ਹਾਂ। ਉਹਨਾਂ ਕਿਹਾ ਕਿ ਮੌਜੂਦਾ ਸਾਲ ਵਿਚ ਸਿੱਖ ਕਤਲੇਆਮ ਦੀ 35ਵੀਂ ਵਰੇਗੰਢ ਹੈ ਅਤੇ ਉਹ ਉਹਨਾਂ ਦਾ ਧਿਆਨ ਕੇਸ ਨੰਬਰ 601/84 ਪੁਲਿਸ ਥਾਣਾ ਪਾਰਲੀਮੈਂਟ ਸਟ੍ਰੀਟ, ਨਵੀਂ ਦਿੱਲੀ ਵੱਲ ਦੁਆਉਣਾ ਚਾਹੁੰਣਗੇ ਜੋ ਕਿ ਐਸ ਆਈ ਟੀ ਨੇ ਮੁੜ ਖੋਲ ਲਿਆ ਹੈ ਅਤੇ ਜਿਸ ਵਿਚ ਸੀਨੀਅਰ ਕਾਂਗਰਸੀ ਆਗੂ ਕਮਲਨਾਥ ਮੁਲਜ਼ਮ ਹੈ ਜਿਸਨੇ 1 ਨਵੰਬਰ 1984 ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭੀੜ ਨੂੰ ਗੁਰਦੁਆਰਾ ਸਾਹਿਬ ਨੂੰ ਸਾੜਨ ਵਾਸਤੇ ਭੜਕਾਇਆ ਤੇ ਭੀੜ ਵੱਲੋਂ ਦੋ ਬੇਗੁਨਾਹ ਸਿੱਖਾਂ ਨੂੰ ਜਿਉਂਦਾ ਸਾੜ ਦਿੱਤਾ ਗਿਆ।

ਉਹਨਾਂ ਕਿਹਾ ਕਿ ਇਕ ਹੋਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੀ 1984 ਦੇ ਸਿੱਖ ਕਤਲੇਆਮ ਕੇਸ ਵਿਚ ਜ਼ਮਾਨਤ ‘ਤੇ ਰਿਹਾਅ ਹੈ।

ਸ੍ਰੀ ਸਿਰਸਾ ਨੇ ਉਹਨਾਂ ਨੂੰ ਚੇਤੇ ਕਰਵਾਇਆ ਕਿ ਕਮਲਨਾਥ ਤੇ ਹੋਰ ਮੁਲਜ਼ਮ ਆਪਣੇ ਸਿਆਸੀ ਪ੍ਰਭਾਵ ਕਾਰਨ ਅਤੇ ਕਾਂਗਰਸ ਪਾਰਟੀ ਦੇ ਦਬਾਅ ਕਾਰਨ ਸਜ਼ਾਵਾਂ ਤੋਂ ਬਚ ਗਏ ਸਨ। ਉਹਨਾਂ ਕਿਹਾ ਕਿ ਸਿੱਖ ਭਾਈਚਾਰੇ ਨੇ ਪੂਰੀ ਇਕਜੁੱਟਤਾ ਨਾਲ ਕਮਲਨਾਥ ਅਤੇ ਜਗਦੀਸ਼ ਟਾਈਟਲਰ ਦੀ 1984 ਦੇ ਸਿੱਖ ਕਤਲੇਆਮ ਵਿਚ ਅਣਮਨੁੱਖੀ ਤੇ ਨਿਰਦਈ ਭੂਮਿਕਾ ਕਾਰਨ ਉਹਨਾਂ ਨੂੰ ਕਾਂਗਰਸ ਪਾਰਟੀ ਵਿਚੋਂ ਕੱਢਣ ਲਈ ਆਵਾਜ਼ ਬੁਲੰਦ ਕੀਤੀ ਹੈ।

ਉਹਨਾਂ ਕਿਹਾ ਕਿ ਜਦੋਂ ਤੱਕ ਕਮਲਨਾਥ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਅਹੁਦੇ ਅਤੇ ਕਾਂਗਰਸ ਪਾਰਟੀ ਦੀ ਸਰਗਰਮ ਮੈਂਬਰਸ਼ਿਪ ਤੋਂ ਬਰਖ਼ਾਸਤ ਨਹੀਂ ਕੀਤਾ ਜਾਂਦਾ, ਮਾਮਲੇ ਦੀ ਨਿਰਪੱਖ ਤੇ ਆਜ਼ਾਦ ਜਾਂਚ ਸੰਭਵ ਨਹੀਂ ਹੈ।

ਉਹਨਾਂ ਕਿਹਾ ਕਿ ਕਾਂਗਰਸ ਇਕ ਰਾਸ਼ਟਰੀ ਪਾਰਟੀ ਹੈ ਅਤੇ ਇਹ ਵਿਰੋਧੀ ਧਿਰ ਵਜੋਂ ਅਹਿਮ ਤੇ ਸਰਗਰਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਲਈ ਇਸਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਵੀਕਾਰ ਕਰੇ ਕਿ ਕਾਂਗਰਸ ਪਾਰਟੀ ਅਤੇ ਇਸਦੇ ਅਹੁਦੇਦਾਰਾਂ ਨੇ 1984 ਦੌਰਾਨ ਬੇਦੋਸ਼ੇ ਸਿੱਖਾਂ ਦੇ ਕਤਲੇਆਮ ਵਿਚ ਸ਼ਾਮਲ ਸੀ ਅਤੇ ਇਹਨਾਂ ਨੇ ਅਹਿਮ ਭੂਮਿਕਾ ਅਦਾ ਕੀਤੀ।

ਉਹਨਾਂ ਕਿਹਾ ਕਿ ਵਿਸ਼ਵ ਦੀਆਂ ਨਜ਼ਰਾਂ ਉਹਨਾਂ ‘ਤੇ ਹਨ ਅਤੇ ਜੇਕਰ ਉਹਨਾਂ ਨੇ 1984 ਦੇ ਮੁੱਖ ਦੋਸ਼ੀਆਂ ਦਾ ਸਾਥ ਦਿੱਤਾ ਤਾਂ ਦੁਨੀਆਂ ਦੇ ਇਨਸਾਫ ਪਸੰਦ ਲੋਕ ਕਦੇ ਵੀ ਉਹਨਾਂ ਨੂੰ ਮੁਆਫ ਨਹੀਂ ਕਰਨਗੇ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਉਹਨਾਂ ਨੂੰ ਅਪੀਲ ਕੀਤੀ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੁਆਉਣ ਵਾਸਤੇ ਉਹ ਬਿਨਾਂ ਹੋਰ ਦੇਰੀ ਦੇ ਕਮਲਨਾਥ ਨੂੰ ਮੁੱਖ ਮੰਤਰੀ ਦੇ ਅਹੁਦੇ ਅਤੇ ਕਾਂਗਰਸ ਪਾਰਟੀ ਵਿਚੋਂ ਅਤੇ ਜਗਦੀਸ਼ ਟਾਈਟਲਰ ਨੂੰ ਪਾਰਟੀ ਵਿਚੋਂ ਤੁਰੰਤ ਬਰਖ਼ਾਸਤ ਕਰਨ।