ਨਵੀਂ ਦਿੱਲੀ, 9 ਜਨਵਰੀ, 2020 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਸਿੱਖਾਂ ਵੱਲੋਂ ਬਣਾਏ ਕੌਮਾਂਤਰੀ ਦਬਾਅ ਕਾਰਨ ਹੀ ਪਾਕਿਸਤਾਨ ਸਰਕਾਰ ਨੇ ਸਿੱਖ ਲੜਕੀ ਜਗਜੀਤ ਕੌਰ ਨੂੰ ਅੱਜ ਲਾਹੌਰ ਹਾਈ ਕੋਰਟ ਵਿਚ ਪੇਸ਼ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਜਾਣ ਬੁੱਝ ਕੇ ਸਿੱਖਾਂ ਤੇ ਹੋਰ ਘੱਟ ਗਿਣਤੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਘੱਟ ਗਿਣਤੀਆਂ ਦੀਆਂ ਲੜਕੀਆਂ ‘ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ ।
ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਘੱਟ ਗਿਣਤੀਆਂ ਦੀਆਂ ਲੜਕੀਆਂ ਨੂੰ ਅਗਵਾ ਕਰਨ, ਫਿਰ ਉਹਨਾਂ ਦਾ ਧਰਮ ਪਰਿਵਰਤਨ ਕਰਨ ਤੇ ਫਿਰ ਜਬਰੀ ਮੁਸਲਿਮ ਲੜਕਿਆਂ ਨਾਲ ਵਿਆਹ ਕਰਵਾਉਣ ਵਾਲੇ ਗੁੰਡਾ ਅਨਸਰਾਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ ਤੇ ਹਰ ਤਰਾਂ ਦੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਸ੍ਰੀ ਸਿਰਸਾ ਨੇ ਕਿਹਾ ਕਿ ਇਮਰਾਨ ਖਾਨ ਸਰਕਾਰ ਉਂਝ ਤਾਂ ਆਪਣੇ ਇਕਪਾਸੜ ਨਜ਼ਰੀਏ ਕਾਰਨ ਵਿਸ਼ਵ ਭਰ ਵਿਚ ਪ੍ਰਸਿੱਧ ਹੋ ਰਹੀ ਹੈ ਪਰ ਸਿੱਖਾਂ ਵੱਲੋਂ ਕੌਮਾਂਤਰੀ ਪੱਧਰੀ ‘ਤੇ ਬਣਾਏ ਦਬਾਅ ਕਾਰਨ ਅੱਜ ਇਸਨੇ ਨਾ ਸਿਰਫ ਜਗਜੀਤ ਕੌਰ ਨੂੰ ਲਾਹੌਰ ਹਾਈ ਕੋਰਟ ਵਿਚ ਪੇਸ਼ ਕੀਤਾ ਹੈ ਬਲਕਿ ਉਸਦੇ ਭਰਾ ਨਾਲ ਮੁਲਾਕਾਤ ਵੀ ਕਰਵਾਈ ਹੈ।
ਉਹਨਾਂ ਕਿਹਾ ਕਿ ਇਸੇ ਦਬਾਅ ਦੀ ਬਦੌਲਤ ਹੀ ਪਹਿਲਾਂ ਸਰਕਾਰ ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ ਸਾਹਿਬ ਅਤੇ ਸਿੱਖਾਂ ਦੇ ਖਿਲਾਫ ਜ਼ਹਿਰ ਉਗਲਣ ਵਾਲੇ ਇਮਰਾਨ ਅਲੀ ਚਿਸ਼ਤੀ ਖਿਲਾਫ ਕਾਰਵਾਈ ਕਰਨ ਲਈ ਮਜਬੂਰ ਹੋਈ ਸੀ।
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਮਰਾਨ ਖਾਨ ਸਰਕਾਰ ਨੂੰ ਇਹ ਗੱਲ ਚੇਤੇ ਰੱਖਣੀ ਚਾਹੀਦੀ ਹੈ ਕਿ ਪਾਕਿਸਤਾਨ ਵਿਚ ਰਹਿੰਦੀਆਂ ਘੱਟ ਗਿਣਤੀਆਂ ਇਕੱਲੀਆਂ ਨਹੀਂ ਬਲਕਿ ਸਾਰਾ ਕੌਮਾਂਤਰੀ ਭਾਈਚਾਰਾ ਉਹਨਾਂ ਦੇ ਨਾਲ ਹੈ ਅਤੇ ਕਿਸੇ ਵੀ ਤਰਾਂ ਦੀ ਧੱਕੇਸ਼ਾਹੀ ਦਾ ਸਾਰਾ ਭਾਈਚਾਰਾ ਕੌਮਾਂਤਰੀ ਪੱਧਰ ‘ਤੇ ਮੂੰਹ ਤੋੜਵਾਂ ਜਵਾਬ ਦੇਵੇਗਾ।
ਉਹਨਾਂ ਕਿਹਾ ਕਿ ਸਿੱਖ ਕੌਮ ਨਾ ਕਦੇ ਕਿਸੇ ਤੋਂ ਡਰੀ ਹੈ ਤੇ ਨਾ ਡਰੇਗੀ। ਉਹਨਾਂ ਕਿਹਾ ਕਿ ਸਿੱਖਾਂ ਦੇ ਗੁਰੂ ਸਾਹਿਬਾਨ ਨੇ ਉਪਦੇਸ਼ ਦਿੱਤਾ ਹੈ ਕਿ ਜ਼ੁਲਮ ਸਹਿਣਾ ਵੀ ਪਾਪ ਹੈ ਤੇ ਜ਼ੁਲਮ ਕਰਨਾ ਵੀ ਹੈ, ਇਸ ਲਈ ਇਮਰਾਨ ਖਾਨ ਸਰਕਾਰ ਸਮਝ ਲਵੇ ਕਿ ਸਿੱਖ ਨਾ ਕਦੇ ਜ਼ੁਲਮ ਕਰਨਗੇ ਤੇ ਨਾ ਹੀ ਕਿਸੇ ਵੀ ਤਰਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ।