ਸੀ ਵਿਜਿਲ ਐਪ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਵਿੱਚ ਮਦਦ ਕਰੇਗੀ: ਵਿਸ਼ੇਸ਼ ਸਾਰੰਗਲ

ਯੈੱਸ ਪੰਜਾਬ
ਨਵਾਂਸ਼ਹਿਰ, 28 ਦਸੰਬਰ, 2021 –
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਇੱਥੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਦੁਆਰਾ ਵਿਕਸਤ ਕੀਤੀ ਗਈ ਸੀ ਵਿਜਿਲ ਐਪ ਨੇ ਆਮ ਨਾਗਰਿਕ ਨੂੰ ਆਦਰਸ਼ ਚੋਣ ਜ਼ਾਬਤੇ (ਐਮ ਸੀ ਸੀ) ਦੀ ਉਲੰਘਣਾ ਬਾਰੇ ਰਿਪੋਰਟ ਕਰਨ ਦਾ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕੀਤਾ ਹੈ।

ਅੱਜ ਇੱਥੇ ਵੱਖ-ਵੱਖ ਚੋਣ ਟੀਮਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਐਪ ਬਾਰੇ ਜਾਣੂ ਕਰਵਾਉਣ ਲਈ ਇੱਕ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਨਾਗਰਿਕ ਜਾਂ ਮਤਦਾਤਾ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਉਮੀਦਵਾਰਾਂ ਜਾਂ ਸਿਆਸੀ ਪਾਰਟੀਆਂ ਵੱਲੋਂ ਅਪਣਾਈਆਂ ਜਾ ਰਹੀਆਂ ਕਿਸੇ ਵੀ ਕਿਸਮ ਦੀਆਂ ਕੁਤਾਹੀਆਂ ਦੀ ਇਸ ਐਪ ਰਾਹੀਂ ਆਪਣੇ ਪੱਧਰ ’ਤੇ ਨਿਗਰਾਨੀ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਹ ਐਪ ਪ੍ਰਸ਼ਾਸਨ ਨੂੰ ਵੀ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ।
ਸ਼੍ਰੀ ਸਾਰੰਗਲ ਨੇ ਕਿਹਾ ਕਿ ਸੀ ਵਿਜਿਲ ਇੱਕ ਤਰ੍ਹਾਂ ਦੀ ਆਮ ਲੋਕਾਂ ਦੀ ਚੌਕਸੀ ਹੈ। ਉਨ੍ਹਾਂ ਕਿਹਾ ਕਿ ਇਹ ਐਪ ਗੂਗਲ ਪਲੇਅ ਸਟੋਰ ’ਤੇ ਉਪਲਬਧ ਹੈ ਅਤੇ ਇਸ ਐਪ ਨਾਲ ਨਾਗਰਿਕ, ਥਾਂ (ਲੋਕੇਸ਼ਨ) ਆਧਾਰਿਤ ਵੇਰਵਿਆਂ ਦੇ ਨਾਲ ਮੌਕੇ ਤੋਂ ਆਦਰਸ਼ ਚੋਣ ਜ਼ਾਬਤੇ (ਮਾਡਲ ਕੋਡ) ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਫੋਟੋਆਂ ਅਤੇ ਵੀਡੀਓ ਅਪਲੋਡ ਕਰ ਸਕਦੇ ਹਨ। ਜਿਸ ਸਮੇਂ ਉਹ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਕਰਦੇ ਹਨ, ਉਸੇ ਵੇਲੇ ਉਡਣ ਦਸਤੇ ਅਤੇ ਰਿਟਰਨਿੰਗ ਅਫਸਰਾਂ ਵੱਲੋਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਵੇਂ ਹੀ ਐਪ ’ਤੇ ਸ਼ਿਕਾਇਤ ਦਰਜ ਹੁੰਦੀ ਹੈ, ਉਸ ਦਾ 100 ਮਿੰਟਾਂ ਵਿੱਚ ਨਿਪਟਾਰਾ ਕਰਨਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਸ਼ਿਕਾਇਤ ਕਰਤਾ ਪਛਾਣ ਨਹੀਂ ਦੱਸਣਾ ਚਾਹੁੰਦਾ ਤਾਂ ਉਸ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਸ਼੍ਰੀ ਸਾਰੰਗਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਇਹ ਇੱਕ ਇਤਿਹਾਸਕ ਪਹਿਲਕਦਮੀ ਹੈ ਜਿਸ ਦਾ ਉਦੇਸ਼ ਜ਼ਮੀਨੀ ਪੱਧਰ ’ਤੇ ਜਮਹੂਰੀਅਤ ਨੂੰ ਮਜਬੂਤ ਕਰਨ ਲਈ ਅਤੇ ਚੋਣ ਅਮਲ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਨਾਗਰਿਕਾਂ ਦੀ ਮੱਦਦ ਨਾਲ ਕੁਰੀਤੀਆਂ ਨੂੰ ਰੋਕਣਾ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਐਪ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ ਤਾਂ ਜੋ ਇਸ ਨੂੰ ਵੱਡੀ ਸਫਲਤਾ ਮਿਲ ਸਕੇ।
ਸਿਖਲਾਈ ਦੌਰਾਨ, ਮਾਸਟਰ ਟ੍ਰੇਨਰਾਂ ਨੇ ਚੋਣ ਟੀਮਾਂ ਨੂੰ ਸੀ ਵਿਜਿਲ (ਵੈੱਬ/ਐਂਡਰੋਇਡ ਬੇਸਡ ਐਪਲੀਕੇਸ਼ਨ) ਦੇ ਸੰਚਾਲਨ ਦੇ ਢੰਗ-ਤਰੀਕਿਆਂ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਐਸ.ਡੀ.ਐਮ ਬੰਗਾ ਵਿਰਾਜ ਸਿੰਘ ਤਿੜਕੇ, ਚੋਣ ਕਾਨੂੰਗੋ ਪਲਵਿੰਦਰ ਸਿੰਘ ਅਤੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਟੀਮਾਂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ