ਸੋਢਲ ਮੇਲੇ ਦੌਰਾਨ ਸੁਰੱਖਿਆ ਲਈ ਹਾਈ ਫ੍ਰੀਕੁਐਂਸੀ ਜੈਮਰ ਲਗਾਇਆ, 1800 ਤੋਂ ਵੱਧ ਅਧਿਕਾਰੀ ਤੇ ਕਰਮਚਾਰੀ ਤਾਇਨਾਤ

ਜਲੰਧਰ, 11 ਸਤੰਬਰ, 2019 –

ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦੇ ਮੱਦੇ ਨਜ਼ਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਅਤਿ ਆਧੁਨਿਕ ਜੈਮਰ ਮੰਦਿਰ ਕੰਪਲੈਕਸ ਵਿਖੇ ਲਗਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਮੇਲੇ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਪ੍ਰਦਾਨ ਕਰਦਿਆਂ ਕਿਹਾ ਕਿ ਇਸ ਇਤਿਹਾਸਿਕ ਮੇਲੇ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਿਰਕਤ ਕਰਨ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਲਗਾਇਆ ਗਿਆ ਉੱਚ ਫ੍ਰੀਕੁਐਂਸੀ ਜੈਮਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਦੇਸ਼ ਦੇ ਕੋਨੇ ਕੋਨੇ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 1800 ਤੋਂ ਵੱਧ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਤਿਹਾਸਿਕ ਮੰਦਿਰ ਵਿਖੇ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਸਰਧਾਲੂਆਂ ਨੂੰ 24 ਘੰਟੇ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਰਧਾਲੂਆਂ ਦੀ ਭਾਰੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਤੋਂ ਇਲਾਵਾ ਸੀਮਾ ਸੁਰੱਖਿਆ ਬੱਲ ਅਤੇ ਕੇਂਦਰੀ ਰਿਜਰਵ ਪੁਲਿਸ ਫੋਰਸ, ਕੁਇਕ ਰਿਸਪੌਂਡ ਟੀਮ, ਐਂਟੀ ਬੰਬ ਸਕੂਐਡ, ਐਂਟੀ ਸਾਬੋਤਾਜ਼ ਟੀਮ, ਰੈਪਿਡ ਐਕਸ਼ਨ ਫੋਰਸ, ਦੰਗਾ ਵਿਰੋਧੀ ਪੁਲਿਸ, ਮਹਿਲਾ ਪੁਲਿਸ ਕਰਮੀ ਤਾਇਨਾਤ ਕਰਨ ਤੋਂ ਇਲਾਵਾ ਮੰਦਿਰ ਅਤੇ ਇਸ ਦੇ ਆਲੇ ਦੁਆਲੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੇਲੇ ਦੌਰਾਨ ਇਕ ਅਤਿ ਆਧੁਨਿਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਅਤੇ ਸਿਵਲ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਅਤੇ ਪੁਲਿਸ ਵਿਭਾਗ ਵਲੋਂ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜੀ ਮੇਲੇ ਦੇ ਸਾਰੇ ਪ੍ਰਬੰਧਾਂ ਦੀ ਦੇਖ ਰੇਖ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਵਾਜਾਈ ਦੇ ਰੂਟਾਂ ਵਿੱਚ ਤਬਦੀਲੀ, ਵਾਹਨਾਂ ਦੀ ਪਾਰਕਿੰਗ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਇਸੇ ਤਰ੍ਹਾਂ ਨਗਰ ਨਿਗਮ ਜਲੰਧਰ ਵਲੋਂ ਇਤਿਹਾਸਿਕ ਮੰਦਿਰ ਨੂੰ ਜਾਂਦੀਆਂ ਸੜਕਾਂ ਦੀ ਸੁਚੱਜੀ ਸਾਫ਼ ਸਫ਼ਾਈ, ਪਾਣੀ ਦਾ ਛਿੜਕਾਅ, ਮੰਦਿਰ ਦੇ ਆਲੇ ਦੁਆਲੇ ਦੀ ਸਫ਼ਾਈ, ਆਰਜ਼ੀ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਨੂੰ ਲੋਕਾਂ ਦੀ ਸਹੂਲਤ ਲਈ ਡਾਕਟਰੀ ਟੀਮਾਂ ਸਮੇਤ ਐਂਬੁਲੈਂਸ ਤਾਇਨਾਤ ਕਰਨ ਲਈ ਕਿਹਾ ਗਿਆ ਹੈ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਮੇਲੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਰਧਾਲੂਆਂ ਲਈ ਸਾਫ਼ ਪੀਣ ਯੋਗ ਪਾਣੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬੱਸ ਸਟੈਂਡ ਤੋਂ ਦੁਆਬਾ ਚੌਕ ਤੱਕ ਬੱਸਾਂ ਦੀ ਗਿਣਤੀ ਨੂੰ ਵਧਾਇਆ ਗਿਆ ਹੈ।

Share News / Article

Yes Punjab - TOP STORIES