ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਪਿੱਛੇ ਸਾਜ਼ਿਸ਼ ਬੇਨਕਾਬ ਕਰਨ ਲਈ ਇਸਦੀ ਡੂੰਘਾਈ ਨਾਲ ਜਾਂਚ ਹੋਵੇ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ
ਨਵੀਂ ਦਿੱਲੀ, 18 ਦਸੰਬਰ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਵਾਪਰੀ ਮੰਦਭਾਗੀ ਘਟਨਾ ਪਿੱਛੇ ਸਾਜ਼ਿਸ਼ ਬੇਨਕਾਬ ਕਰਨਵ ਾਸਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਨੇ ਕਿਹਾ ਕਿ ਬੇਅਦਬੀ ਦੀਆਂ ਇਹ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ ਜੋ ਸਿੱਖ ਕੌਮ ਨੁੰ ਕਮਜ਼ੋਰ ਕਰਨ ਦਾ ਯਤਨ ਹਨ। ਉਹਨਾਂ ਕਿਹਾ ਕਿ ਇਹ ਵੱਡੀ ਸਾਜ਼ਿਸ਼ ਦਾ ਹਿੱਸਾ ਹਨ ਜਿਸ ਪ੍ਰਤੀ ਸਾਨੁੰ ਸਭ ਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ।

ਉਹਨਾਂ ਕਿਹਾ ਕਿ ਜਿਥੇ ਮੈਂ ਅੱਜ ਵਾਪਰੀ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਾ ਹਾਂ, ਉਥੇ ਹੀ ਦਿੱਲੀ ਦੀਆਂ ਸੰਗਤਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੀਆਂ ਇਹ ਵੱਡੀਆਂ ਸਾਜ਼ਿਸ਼ਾਂ ਫੇਲ੍ਹ ਕਰਨ ਵਾਸਤੇ ਗੁਰੂ ਘਰਾਂ ਵਿਖੇ ਸਖ਼ਤ ਪਹਿਰੇ ਰੱਖੇ ਜਾਣ, ਸੀ ਸੀ ਵੀ ਟੀ ਕੈਮਰੇ ਵੱਧ ਤੋਂ ਵੱਧ ਲਗਵਾਏ ਜਾਣ ਅਤੇ ਪੂਰੀ ਚੌਕਸੀ ਰੱਖੀ ਜਾਵੇ ਤਾਂ ਜੋ ਕੋਈ ਵੀ ਅਜਿਹੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ।

ਉਹਨਾਂ ਕਿਹ ਕਿ ਇਹ ਸਿੱਖ ਕੌਮ ਲਈਪਰਖ ਦੀ ਘੜੀ ਹੈ ਜਿਸ ਵਿਚ ਅਸੀਂ ਪੂਰੀ ਚੌਕਸੀ ਰੱਖ ਕੇ ਸਫਲ ਹੋਣਾ ਹੈ। ਉਹਨਾਂ ਕਿਹਾ ਕਿ ਇਹ ਸਾਜ਼ਿਸ਼ਾਂ ਸਮਾਜਿਕ ਟਕਰਾਅ ਪੈਦਾ ਕਰਨ ਦਾ ਵੀ ਯਤਨ ਹਨ ਜਿਸ ਪ੍ਰਤੀ ਵੀ ਸਾਨੂੰ ਖਿਆਲ ਰੱਖਣਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ