ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਵੱਲੋਂ 22 ਮਈ ਨੂੰ ਹੋਣ ਵਾਲੀ ਸਾਈਕਲ ਰੈਲੀ ਵਿੱਚ ਨਾਗਰਿਕਾਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਸੰਗਰੂਰ, 14 ਮਈ, 2022 (ਦਲਜੀਤ ਕੌਰ ਭਵਾਨੀਗੜ੍ਹ)
ਸੰਗਰੂਰ ਵਿਖੇ 22 ਮਈ ਨੂੰ ‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਅਤੇ ਪੜ੍ਹਾਂਗੇ’ ਨਾਅਰੇ ਹੇਠ ਆਯੋਜਿਤ ਕੀਤੀ ਜਾ ਰਹੀ ਮੈਗਾ ਸਾਈਕਲ ਰੈਲੀ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਸ੍ਰੀ ਮਨਦੀਪ ਸਿੰਘ ਸਿੱਧੂ ਵੱਲੋਂ ਸਾਂਝੇ ਤੌਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਹਾਲ ਵਿਖੇ ਵਿਸ਼ੇਸ਼ ਐਪ ਜਾਰੀ ਕੀਤੀ ਗਈ।

ਇਸ ਮੌਕੇ ਐੱਸਐੱਸਪੀ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ 22 ਮਈ ਨੂੰ ਹੋ ਰਹੀ ਮੈਗਾ ਸਾਇਕਲ ਰੈਲੀ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਐਪ ਰਾਹੀ ਵਿਦਿਆਰਥੀ ਰੈਲੀ ਵਿੱਚ ਸਾਮਿਲ ਹੋਣ ਲਈ ਰਜਿਸਟ੍ਰੇਸ਼ਨ ਕਰ ਸਕਦੇ ਹਨ।

ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਰੈਲੀ ਵਿੱਚ ਸ਼ਾਮਿਲ ਹੋਣ ਲਈ ਐਪ ‘ਤੇ ਕੇਵਲ ਰਜਿਸਟਰ ਕਰਨਾ ਜ਼ਰੂਰੀ ਨਹੀਂ ਹੈ, ਬਲਕਿ ਇਹ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਤਿਆਰ ਕਰਨ ਲਈ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਜਰਨਲ ਗੁਰਨਾਮ ਸਿੰਘ ਪਬਲਿਕ ਸਕੂਲ ਤੋਂ ਸੁਰੂ ਹੋ ਕੇ ਪੁਲਿਸ ਲਾਈਨ ਨੇੜੇ ਦੀ ਲੰਘਦੀ ਹੋਈ ਗੁਰੂਦੁਆਰਾ ਮਸਤੂਆਣਾ ਸਾਹਿਬ ਨਤਮਸਤਕ ਹੋ ਕੇ ਸਨਰਾਈਜ ਪੈਲੇਸ ਧੂਰੀ ਰੋਡ ਵਿਖੇ ਖਤਮ ਹੋਵੇਗੀ।

ਉਨ੍ਹਾਂ ਕਿਹਾ ਕਿ ਮੈਗਾ ਸਾਈਕਲ ਰੈਲੀ ਵਿੱਚ ਪੰਜਾਬ ਭਰ ਤੋਂ ਨਾਮੀ ਖੇਡ ਓਲੰਪੀਅਨ, ਪੁਲਿਸ ਅਫਸਰ, ਅਦਾਕਾਰ ਅਤੇ ਗਾਇਕ ਵੀ ਇਸ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਰੈਲੀ ਖਤਮ ਹੋਣ ਉਪਰੰਤ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਪ੍ਰਸ਼ਾਦ ਵਜੋਂ ਪੌਦੇ ਵੰਡੇ ਜਾਣਗੇ। ਐੱਸਐੱਸਪੀ ਨੇ ਕਿਹਾ ਕਿ ਇਸ ਰੈਲੀ ਦਾ ਮਕਸਦ ਨਸ਼ਿਆਂ ਵਿਰੁੱਧ ‘ਜਾਗਦੇ ਰਹੋ’ ਦਾ ਹੋਕਾ ਦੇਣਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਾਈਕਲ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ ਅਤੇ ਇਥੋਂ ਇਹ ਸੁਨੇਹਾ ਘਰ-ਘਰ ਪਹੁੰਚਾਉਣ ਦੀ ਲੋੜ ਹੈ ਕਿ ਨਸ਼ਿਆਂ ਵਿਰੁੱਧ ਇਹ ਇਕ ਵੱਡੀ ਜੰਗ ਹੈ ਜੋ ਕਿ ਜਨ ਚੇਤਨਾ ਦੇ ਨਾਲ ਹੀ ਸਫਲ ਹੋ ਸਕਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐਫਓ ਮੋਨਿਕਾ ਦੇਵੀ ਯਾਦਵ, ਇੰਡਸਟਰੀਅਲ ਚੈਂਬਰ ਸੰਗਰੂਰ ਦੇ ਪ੍ਰਧਾਨ ਕਿੱਟੀ ਚੋਪੜਾ, ਰੋਟਰੀ ਦੇ ਗਵਰਨਰ ਘਨਸ਼ਿਆਮ ਕਾਂਸਲ ਤੇ ਰਾਇਸੀਲਾ ਗਰੁੱਪ ਦੇ ਚੇਅਰਮੈਨ ਏ.ਆਰ.ਸ਼ਰਮਾ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ