ਹਰਿਮੰਦਰ ਸਾਹਿਬ ਵਿਖ਼ੇ ਵਾਪਰੀ ਘਟਨਾ ਗਿਣੀ-ਮਿੱਥੀ ਸਾਜ਼ਿਸ਼, ਹਾਈਕੋਰਟ ਦੀ ਨਿਗਰਾਨੀ ’ਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ ਜਾਂਚ: ਸੁਖ਼ਦੇਵ ਸਿੰਘ ਢੀਂਡਸਾ

ਯੈੱਸ ਪੰਜਾਬ
ਚੰਡੀਗੜ੍ਹ, 20 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਨੂੰ ਗਿਣੀ- ਮਿਥੀ ਸਾਜਿਸ਼ ਕਰਾਰ ਦਿੰਦਿਆਂ ਇਸ ਦੀ ਸਖਤ ਨਿੰਦਾ ਕੀਤੀ ਹੈ ਅਤੇ ਕਾਂਗਰਸ ਸਰਕਾਰ ਤੋਂ ਇਸ ਮਾਮਲੇ ਦੀ ਹਾਈਕੋਰਟ ਦੀ ਨਿਗਰਾਨੀ ਵਿੱਚ ਕਿਸੇ ਸੁਤੰਤਰ ਜਾਂਚ ਏਜੰਸੀ ਤੋਂ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਬਾਦਲਾਂ ਦੇ ਕੰਟਰੋਲ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਸ਼ੈਲੀ `ਤੇ ਸਿੱਖ ਕੌਮ ਦਾ ਭਰੋਸਾ ਉੱਠ ਚੁੱਕਾ ਹੈ।

ਇਸ ਕਰਕੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਲਾਜ਼ਮੀ ਹੈ ਤਾਂ ਜੋ ਘਟਨਾ ਦੇ ਪਿੱਛੇ ਅੰਜਾਮ ਦੇਣ ਵਾਲਿਆਂ ਬਾਰੇ ਪਤਾ ਲੱਗ ਸਕੇ। ਸ: ਢੀਂਡਸਾ ਨੇ ਦੋਸ਼ ਲਾਇਆ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਸ਼ਰਾਰਤੀ ਤੱਤ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸ਼ਾਂਤੀ ਅਤੇ ਏਕਤਾ ਭੰਗ ਕਰਨ ਦੀ ਕੋਸਿ਼ਸ਼ ਕਰ ਰਹੇ ਹਨ।

ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਤੋਂ ਠੀਕ ਪਹਿਲਾਂ ਦਿਲ-ਦਿਹਲਾ ਦੇਣ ਵਾਲੀ ਅਜਿਹੀ ਘਟਨਾ ਵਰਤਮਾਨ ਸਰਕਾਰ ਦੀ ਧਾਰਮਿਕ ਸਥਾਨਾਂ ਵਿਸ਼ੇਸ਼ ਤੌਰ `ਤੇ ਸਿੱਖੀ ਦਾ ਧੂਰਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਪ੍ਰਬੰਧਾਂ ਵਿੱਚ ਵਰਤੀ ਗਈ ਵੱਡੀ ਲਾਪਰਵਾਹੀ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਉਦੇਸ਼ ਨਾ ਕੇਵਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ ਬਲਕਿ ਸਮਾਜਿਕ ਭਾਈਚਾਰੇ ਨੂੰ ਕਮਜ਼ੋਰ ਕਰਨਾ ਵੀ ਹੈ। ਪੰਜਾਬ ਦੇ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਤੋਂ ਸੁਚੇਤ ਰਹਿਣ ਦੀ ਬੇੱਹਦ ਲੋੜ ਹੈ।

ਸ: ਢੀਂਡਸਾ ਨੇ ਦੋਸ਼ ਲਾਇਆ ਕਿ ਪੰਜਾਬ ਨੂੰ ਸੰਪਰਦਾਇਕ ਅਤੇ ਧਾਰਮਿਕ ਅਧਾਰ `ਤੇ ਵੰਡ ਕੇ ਲੋਕਾਂ ਵਿੱਚ ਸੱ਼ਕ ਦੀ ਭਾਵਨ ਪੈਦਾ ਕਰਨ ਲਈ ਸਮੇਂ-ਸਮੇਂ `ਤੇ ਅਜਿਹੀ ਕੋਝੀਆਂ ਕੋਸਿ਼ਸ਼ਾਂ ਕੀਤੀਆਂ ਜਾਂਦੀਆਂ ਹਨ ਅਤੇ ਬੇਅਦਬੀ ਦੀ ਇਹ ਘਟਨਾ ਵੀ ਇਸੇ ਕੜੀ ਦਾ ਹਿੱਸਾ ਹੈ। ਸ: ਢੀਂਡਸਾ ਨੇ ਕਿਹਾ ਕਿ ਇਹ ਘਟਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ, ਯੋਜਨਾਵਾਂ ਅਤੇ ਕਾਰਜਪ੍ਰਣਾਲੀ `ਤੇ ਵੀ ਸ਼ੱਕ ਪੈਦਾ ਕਰਦੀ ਹੈ।

ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ 2017 ਦੀ ਵਿਧਾਨ ਸਭਾ ਚੋਣਾਂ ਵੇਲੇ ਬੇਅਦਬੀ ਵਰਗੇ ਸੰਵੇਦਨਸ਼ੀਲ ਮੁੱਦਿਆਂ `ਤੇ ਇਨਸਾਫ਼ ਦੇਣ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀ ਕੀਤੀ ਗਈ ਹੈ। ਇਸ ਲਈ ਬੇਅਦਬੀ ਦੇ ਦੋਸ਼ੀਆਂ ਵਿੱਚ ਡਰ ਖ਼ਤਮ ਹੋ ਚੁੱਕਾ ਹੈ।

ਜੇ ਪਿਛਲੇ ਬੇਅਦਬੀ ਮਾਮਲਿਆਂ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਕਿਸੇ ਦੀ ਦੁਬਾਰਾ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਹੁੰਦੀ।

ਸ: ਢੀਂਡਸਾ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਮੁੜ-ਮੁੜ ਵਾਪਰ ਰਹੀਆਂ ਘਟਨਾਵਾਂ ਨਾਲ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚ ਰਹੀ ਹੈ ਅਜਿਹੇ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਨ੍ਹਾ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ