ਜਲੰਧਰ, 8 ਮਾਰਚ, 2020:
ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿਹਤ ਵਿਭਾਗ ਨੂੰ ਸੈਨੇਟਾਈਜ਼ਰ, ਮਾਸਕ ਅਤੇ ਹੋਰ ਦਵਾਈਆਂ ਦੀ ਨਕਲੀ ਘਾਟ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਸਿਹਤ ਵਿਭਾਗ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬੜੀ ਮਾੜੀ ਗੱਲ ਹੈ ਕਿ ਕਈ ਮੌਕਾਪ੍ਰਸਤ ਲੋਕ ਸੈਨਟਾਈਜ਼ਰ ਅਤੇ ਮਾਸਕ ਵਰਗੀਆਂ ਚੀਜ਼ਾਂ ਦੀ ਨਕਲੀ ਘਾਟ ਦੱਸ ਕੇ ਪੈਸਾ ਕਮਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸੇ ਤਰ੍ਹਾਂ ਸ਼੍ਰੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਕੁਝ ਲੋਕ ਇਨ੍ਹਾਂ ਚੀਜਾਂ ਦਾ ਐਮ.ਆਰ.ਪੀ ਤੋਂ ਵੱਧ ਪੈਸੇ ਵਸੂਲ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੀ ਹੋ ਰਹੇ ਕੰਮ ਨੂੰ ਚੈੱਕ ਕੀਤਾ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਵਿਸ਼ੇਸ਼ ਟੀਮ ਦਾ ਗਠਨ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਚੈਕਿੰਗ ਕੀਤੀ ਜਾਵੇਗੀ ਕਿ ਜਿਲ੍ਹੇ ਵਿੱਚ ਇਨ੍ਹਾਂ ਵਸਤਾਂ ਦਾ ਕੋਈ ਹੋਰਡਿੰਗ ਨਾ ਹੋਵੇ। ਸ਼੍ਰੀ ਸ਼ਰਮਾ ਨੇ ਕਿਹਾ ਕਿ ਜੋ ਕੋਈ ਵੀ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਕਾਨੂੰਨ ਦੇ ਦਾਇਰੇ ਵਿੱਚ ਕਾਰਵਾਈ ਕੀਤੀ ਜਾਵੇਗੀ।
ਇਸ ਨੇਕ ਕੰਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਿਹਤ ਵਿਭਾਗ ਦੀ ਇਸ ਮਹਿੰਮ ਵਿੱਚ ਪੂਰਨ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਪਹਿਲਾਂ ਹੀ ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ।
ਸ਼੍ਰੀ ਸ਼ਰਮਾ ਨੇ ਕਿਹਾ ਕਿ ਅਜੇ ਤੱਕ ਜਿਲ੍ਹੇ ਵਿੱਚ ਕੋਰੋਨਾ ਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਇਸ ਲਈ ਇਸ ਵਾਇਰਸ ਤੋਂ ਡਰਨ ਦੀ ਜਰੂਰਤ ਨਹੀਂ ਹੈ ਅਤੇ ਸਾਧਾਰਣ ਸਾਵਧਾਨੀਆਂ ਵਰਤਣ ਨਾਲ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ।