39 C
Delhi
Friday, April 26, 2024
spot_img
spot_img

ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਹੋਇਆ ਸ਼ਹੀਦੀ ਸਮਾਗਮ

ਅੰਮ੍ਰਿਤਸਰ, 6 ਜੂਨ, 2020:
ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।

ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ।

ਸਮਾਗਮ ਦੌਰਾਨ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਭਾਰਤੀ ਫ਼ੌਜ ਵੱਲੋਂ ਕੀਤਾ ਗਿਆ ਹਮਲਾ ਸਿੱਖ ਮਾਨਸਿਕਤਾ ’ਤੇ ਅਸਹਿ ਹਮਲਾ ਸੀ, ਜਿਸ ਦੀ ਪੀੜ ਰਹਿੰਦੀ ਦੁਨੀਆਂ ਤੱਕ ਸਿੱਖ ਮਨਾਂ ਵਿਚ ਬਣੀ ਰਹੇਗੀ।

ਉਨ੍ਹਾਂ ਆਖਿਆ ਕਿ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਖ਼ਾਤਰ ਸ਼ਹੀਦ ਹੋਏ ਸਾਡੇ ਕੌਮੀ ਜਰਨੈਲਾਂ ਨੇ ਜਿਨ੍ਹਾਂ ਟੀਚਿਆਂ ਲਈ ਆਪਣੀਆਂ ਜਾਨਾਂ ਵਾਰੀਆਂ ਸਨ, ਅੱਜ ਉਨ੍ਹਾਂ ਟੀਚਿਆਂ ਪ੍ਰਤੀ ਕੌਮੀ ਮੰਥਨ ਵਾਸਤੇ ਸਮੁੱਚੀ ਸਿੱਖ ਕੌਮ ਨੂੰ ਸਿਰ ਜੋੜ ਕੇ ਬੈਠਣ ਲੋੜ ਹੈ।

ਉਨ੍ਹਾਂ ਆਖਿਆ ਕਿ ਕੌਮੀ ਟੀਚਿਆਂ ਦੀ ਪ੍ਰਾਪਤੀ ਲਈ ਚੰਗੀ ਨੀਤੀ ਅਤੇ ਨੇਕ ਨੀਅਤ ਜ਼ਰੂਰੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਾਹ ਕਿ ਸਾਨੂੰ ਗੁਰੂ ਦੇ ਸਿੱਖ ਹੋਣ ਨਾਤੇ ਰਾਜਨੀਤਕ ਅਤੇ ਜਥੇਬੰਦਕ ਧੜੇਬੰਦੀਆਂ ਤੋਂ ਉਪਰ ਉਠ ਕੇ ਆਪਸੀ ਸਾਂਝ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਅਜੋਕੇ ਸਮੇਂ ਵਿਚ ਸਾਡੀਆਂ ਸਾਰੀਆਂ ਖੁਆਰੀਆਂ ਅਤੇ ਚੁਣੌਤੀਆਂ ਦਾ ਹੱਲ ਕੇਵਲ ਕੌਮੀ ਇਕਜੁਟਤਾ ਵਿਚ ਹੀ ਹੈ।

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਜੂਨ 1984 ਦੇ ਘੱਲੂਘਾਰੇ ਸਮੇਂ ਕੇਂਦਰੀ ਹਕੂਮਤ ਵੱਲੋਂ ਸਿੱਖਾਂ ’ਤੇ ਢਾਹੇ ਗਏ ਜ਼ੁਲਮਾਂ ਨੂੰ ਮਨੁੱਖੀ ਇਤਿਹਾਸ ਦਾ ਕਾਲਾ ਅਧਿਆਇ ਦੱਸਿਆ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੂਹ ਜਥੇਬੰਦੀਆਂ, ਸਭਾ-ਸੁਸਾਇਟੀਆਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਪਤਨੀ ਬੀਬੀ ਹਰਮੀਤ ਕੌਰ, ਉਨ੍ਹਾਂ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਨਰਲ ਸੁਬੇਗ ਸਿੰਘ ਦੇ ਭਰਾ ਭਾਈ ਬੇਅੰਤ ਸਿੰਘ ਸਮੇਤ ਹੋਰ ਸ਼ਹੀਦਾਂ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਸਮਾਗਮ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਮੀਤ ਸਿੰਘ ਬੂਹ, ਸ. ਬਲਦੇਵ ਸਿੰਘ ਚੂੰਘਾ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ ਬਹਿਣੀਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਬੁਲਾਰਾ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ, ਸ. ਈਮਾਨ ਸਿੰਘ ਮਾਨ, ਸ. ਮਨਜੀਤ ਸਿੰਘ ਭੋਮਾ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ. ਕੰਵਰਪਾਲ ਸਿੰਘ ਬਿੱਟੂ, ਸ. ਬਲਦੇਵ ਸਿੰਘ ਸਿਰਸਾ, ਸ. ਗੁਰਦੀਪ ਸਿੰਘ ਬਠਿੰਡਾ, ਭਾਈ ਮੋਹਕਮ ਸਿੰਘ, ਸ. ਅਮਰਬੀਰ ਸਿੰਘ ਢੋਟ, ਸ. ਤਲਵਿੰਦਰ ਸਿੰਘ ਬੁੱਟਰ ਸ੍ਰੀ ਅਨੰਦਪੁਰ ਸਾਹਿਬ, ਗਿਆਨੀ ਰਵੇਲ ਸਿੰਘ, ਸ. ਹਰਪਾਲ ਸਿੰਘ, ਭਾਈ ਬਲਵੰਤ ਸਿੰਘ ਗੋਪਾਲਾ, ਸ. ਜਗਜੀਤ ਸਿੰਘ ਆਦਿ ਮੌਜੂਦ ਸਨ।

ਜੂਨ 1984 ਦਾ ਘੱਲੂਘਾਰਾ ਕੌਮ ਕਦੇ ਭੁੱਲ ਨਹੀਂ ਸਕਦੀ: ਗਿਆਨੀ ਹਰਪ੍ਰੀਤ ਸਿੰਘ
ਸ਼ਹੀਦੀ ਸਮਾਗਮ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਨੂੰ ਸੰਸਾਰ ਦੇ ਇਤਿਹਾਸ ਅੰਦਰ ਕਾਲਾ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਸਮੇਂ ਕੇਵਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘’ਤੇ ਹੀ ਨਹੀਂ, ਸਗੋਂ 37 ਦੇ ਕਰੀਬ ਗੁਰੂ ਘਰਾਂ ’ਤੇ ਹਮਲੇ ਕੀਤੇ ਗਏ। ਇਹ ਕੇਂਦਰੀ ਹਕੂਮਤ ਦੀ ਬੌਣੀ ਸੋਚ ਦਾ ਪ੍ਰਗਟਾਵਾ ਸੀ। ਸਿੱਖ ਇਸ ਨੂੰ ਕਦੀ ਭੁਲਾ ਨਹੀਂ ਸਕਦੇ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਸਮੇਂ ਦੀ ਕੇਂਦਰੀ ਹਕੂਮਤ ਦਾ ਵਹਿਸ਼ੀਆਨਾ ਕਾਰਾ-ਭਾਈ ਲੌਂਗੋਵਾਲ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਕੌਮ ਰਹਿੰਦੀ ਦੁਨੀਆ ਤੱਕ ਮਨਾਉਂਦੀ ਰਹੇਗੀ, ਕਿਉਂਕਿ 1984 ’ਚ ਭਾਰਤ ਦੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਜਿਸ ਵਹਿਸ਼ੀਆਨਾ ਢੰਗ ਨਾਲ ਤੋਪਾਂ-ਟੈਂਕਾਂ ਨਾਲ ਹਮਲਾ ਕੀਤਾ ਗਿਆ ਸੀ, ਉਹ ਮਨੁੱਖਤਾ ਦੇ ਇਤਿਹਾਸ ਦੇ ਮੱਥੇ ’ਤੇ ਕਲੰਕ ਵਾਂਗ ਉਕਰਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫ਼ੌਜੀ ਹਮਲੇ ਤੋਂ ਬਾਅਦ ਆਜ਼ਾਦ ਭਾਰਤ ਪ੍ਰਤੀ ਸਿੱਖਾਂ ਦਾ ਭਰੋਸਾ ਤਿੜਕ ਗਿਆ ਹੈ ਅਤੇ ਅੱਜ ਤੱਕ ਸਿੱਖ ਦੇਸ਼ ’ਚ ਬੇਗਾਨਗੀ ਦਾ ਅਹਿਸਾਸ ਕਰ ਰਹੇ ਹਨ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਛੇਵੇਂ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ।

ਉਨ੍ਹਾਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਸੰਗਤ ਨੂੰ ਅਪੀਲ ਕੀਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION