ਯੈੱਸ ਪੰਜਾਬ
ਰੂਪਨਗਰ, 10 ਮਾਰਚ, 2023:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ, ਮਾਈਨਿੰਗ ਵਿਭਾਗ ਨੇ ਵੀਰਵਾਰ ਦੇਰ ਰਾਤ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਸਵਾ ਨਦੀ ‘ਚੋਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਕਸੀਅਨ ਮਾਈਨਿੰਗ ਸ੍ਰੀ ਰੁਪਿੰਦਰ ਸਿੰਘ ਪਾਬਲਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਮਾਈਨਿੰਗ ਵਿਭਾਗ ਅਤੇ ਪੁਲਿਸ ਵਿਭਾਗ ਨੇ ਸਾਂਝੇ ਤੌਰ ‘ਤੇ ਇਹ ਛਾਪੇਮਾਰੀ ਕੀਤੀ।
ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਵਾ ਨਦੀ ਦੇ ਨਾਲ ਲੱਗਦੇ ਪਿੰਡਾਂ ਵਿੱਚ ਨਾਜਾਇਜ਼ ਮਾਈਨਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਇਹ ਗੰਭੀਰ ਮਾਮਲਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸਐਸਪੀ ਸ਼੍ਰੀ ਵਿਵੇਕ ਐਸ ਸੋਨੀ ਦੇ ਧਿਆਨ ਵਿੱਚ ਲਿਆਂਦਾ ਸੀ।
ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਲਈ ਅਸੀਂ 2 ਨਿੱਜੀ ਵਾਹਨਾਂ ਦੀ ਵਰਤੋਂ ਕੀਤੀ, ਇੱਥੋਂ ਤੱਕ ਕਿ ਪੁਲਿਸ ਅਧਿਕਾਰੀ ਵੀ ਸਿਵਲ ਡਰੈੱਸ ਵਿੱਚ ਸਨ।
ਐਕਸੀਅਨ ਮਾਈਨਿੰਗ ਨੇ ਦੱਸਿਆ ਕਿ ਲਗਾਤਾਰ ਤਿੰਨ ਦਿਨ ਤੱਕ ਨਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ, ਰਾਤ ਸਮੇਂ ਛਾਪੇਮਾਰੀ ਕਰਕੇ ਪਿੰਡ ਪਲਾਟਾ ਵਿੱਚ ਨਾਜਾਇਜ਼ ਮਾਈਨਿੰਗ ਕਰਦੇ ਹੋਏ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ।
ਐਕਸੀਅਨ ਮਾਈਨਿੰਗ ਨੇ ਦੱਸਿਆ ਕਿ ਸਾਰੇ ਮੁਲਜ਼ਮ ਰਾਤ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ ਪਰ ਉਹ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਬਰਾਮਦ ਕਰਨ ਵਿੱਚ ਸਫਲ ਹੋ ਗਏ। ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ