ਜਲੰਧਰ, 10 ਫਰਵਰੀ, 2020 –
ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਦੇ 2013 ਬੈਚ ਦੇ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਅੱਜ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਲੰਧਰ ਅਹੁਦਾ ਸੰਭਾਲਿਆ ਗਿਆ।
ਸ੍ਰੀ ਸਾਰੰਗਲ ਜੋ ਕਿ ਪਹਿਲਾਂ ਮੁੱਖ ਕਾਰਜਕਾਰੀ ਅਫ਼ਸਰ ਸਮਾਰਟ ਸਿਟੀ ਅਤੇ ਵਧੀਕ ਕਮਿਸ਼ਨਰ ਨਗਰ ਨਿਗਮ ਜਲੰਧਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਨੂੰ ਹਾਲ ਹੀ ਵਿੱਚ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਜਿਥੇ ਉਹ ਬਤੋਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਤਾਇਨਾਤ ਸਨ ਦਾ ਤਬਾਦਲਾ ਕੀਤਾ ਗਿਆ ਹੈ।
ਜਲੰਧਰ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਹਿਮ ਸਕੀਮਾਂ ਜਿਵੇਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਘਰ-ਘਰ ਰੋਜ਼ਗਾਰ ਯੋਜਨਾ, ਸਮਾਰਟ ਪਿੰਡ ਮੁਹਿੰਮ ਅਤੇ ਹੋਰ ਸਕੀਮਾਂ ਤੋਂ ਇਲਾਵਾ ਮਗਨਰੇਗਾ ਐਕਟ ਦੇ ਤਹਿਤ ਸਰਬਪੱਖੀ ਪੇਂਡੂ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਮੁੱਖ ਤਰਜੀਹ ਦਿੱਤੀ ਜਾਵੇਗੀ।
ਇਸ ਮੌਕੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਟਾਫ਼ ਨੂੰ ਲੋਕ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਲਈ ਸਟਾਫ਼ ਮੈਂਬਰਾਂ ਨੂੰ ਪੂਰੀ ਲਗਨ ਤੇ ਉਤਸ਼ਾਹ ਨਾਲ ਡਿਊਟੀ ਨਿਭਾਉਣ ਲਈ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ, ਰਾਹੁਲ ਸਿੰਧੂ, ਡਾ.ਸੰਜੀਵ ਸ਼ਰਮਾ ਅਤੇ ਵਿਨੀਤ ਕੁਮਾਰ, ਜਿਲ੍ਹਾ ਪ੍ਰੋਗਰਾਮ ਅਫ਼ਸਰ ਏ.ਐਸ.ਭੁੱਲਰ, ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਸਵੀਪ ਸੁਰਜੀਤ ਲਾਲ ਤੋਂ ਇਲਾਵਾ ਹੋਰਨਾਂ ਵਲੋਂ ਸ੍ਰੀ ਸਾਰੰਗਲ ਨੂੰ ਵਧਾਈ ਦਿੱਤੀ ਗਈ।