34.1 C
Delhi
Saturday, May 4, 2024
spot_img
spot_img

ਆਈ.ਏ.ਐਸ. ਜਸਪ੍ਰੀਤ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਜਲੰਧਰ, 11 ਜੁਲਾਈ, 2022:
2014 ਬੈਚ ਦੇ ਆਈ.ਏ.ਐਸ. ਅਧਿਕਾਰੀ ਜਸਪ੍ਰੀਤ ਸਿੰਘ ਵੱਲੋਂ ਅੱਜ ਜਲੰਧਰ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਗਿਆ। ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਕਮਿਸ਼ਨਰ, ਮਾਨਸਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਲੰਧਰ ਸੇਵਾਵਾਂ ਨਿਭਾਅ ਚੁੱਕੇ ਹਨ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦਾ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਅਤੇ ਹੋਰ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ, ਜਿਸ ਉਪਰੰਤ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।

ਅਹੁਦਾ ਸੰਭਾਲਣ ਉਪਰੰਤ ਨਵੇਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਰਦਰਸ਼ੀ, ਭ੍ਰਿਸ਼ਟਾਚਾਰ ਮੁਕਤ ਅਤੇ ਜਵਾਬਦੇਹ ਪ੍ਰਸ਼ਾਸਨ ਦੇਣਾ ਉਨ੍ਹਾਂ ਦੀਆਂ ਮੁੱਖ ਤਰਜ਼ੀਹਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਸਬੰਧਿਤ ਪ੍ਰਾਜੈਕਟਾਂ, ਪੇਂਡੂ ਵਿਕਾਸ, ਵੱਧ ਤੋਂ ਵੱਧ ਬੂਟੇ ਲਗਾਕੇ ਹਰਿਆਲੀ ਦੇ ਘੇਰੇ ਨੂੰ ਵਧਾਉਣ ਦੇ ਨਾਲ-ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਨਵੀਆਂ ਸ਼ਾਮਿਲ ਹੋਈਆਂ ਸੇਵਾਵਾਂ ਜਿਵੇਂ ਕਿ ਪਾਸਪੋਰਟ ਨਾਲ ਸਬੰਧਿਤ ਸੇਵਾਵਾਂ ਆਦਿ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ ਅਤੇ ਜ਼ੀਰੋ ਪੈਂਡੇਸੀ ਨੂੰ ਕਾਇਮ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਜ ਦੇ ਕਮਜ਼ੋਰ ਤਬਕੇ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਦਫ਼ਤਰ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ ਅਤੇ ਪਬਲਿਕ ਡੀਲਿੰਗ ਲਈ ਸਮਾਂ ਨਿਸ਼ਚਿਤ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਬੰਧਿਤ ਵਿਭਾਗਾਂ ਨਾਲ ਲੋੜੀਂਦਾ ਵਿਚਾਰ ਕਰਨ ਉਪਰੰਤ ਰਜਿਸਟਰੀਆਂ ਲਈ ਪੂਰੀ ਤਰ੍ਹਾਂ ਮੁਕੰਮਲ ਕੇਸਾਂ ਵਿੱਚ ਐਨ.ਓ.ਸੀ. ਜਾਰੀ ਕਰਨ ਨੂੰ ਸਮਾਂਬੱਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਪਸੀ ਤਾਲਮੇਲ ਰਾਹੀਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਜਨਤਕ ਹਿੱਤਾਂ ਦੇ ਮੱਦੇਨਜ਼ਰ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਵੀ ਛੇੜੀ ਜਾਵੇਗੀ।

ਪੀ.ਏ.ਪੀ.ਚੌਕ ਨੇੜੇ ਆਵਾਜਾਈ ਨੂੰ ਹੋਰ ਸੁਖਾਲਾ ਕਰਨ ਲਈ ਬੀ.ਐਸ.ਐਫ.ਚੌਕ ਵਾਲੇ ਪਾਸਿਓਂ ਪੀ.ਏ.ਪੀ. ਵਾਲੀ ਸੜਕ ’ਤੇ ਅੰਮ੍ਰਿਤਸਰ ਵਾਲੇ ਪਾਸੇ ਨੂੰ ਫਲਾਈ ਓਵਰ ਬਣਾਉਣ ਸਬੰਧੀ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਕਾਰਜ ਵਿੱਚ ਪੂਰੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋੜੀਂਦੀ ਕਾਰਵਾਈ ਉਪਰੰਤ ਜਲਦ ਤੋਂ ਜਲਦ ਇਸ ਪ੍ਰਾਜੈਕਟ ਦੀ ਸ਼ੁਰੂਆਤ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੜਕੀ ਪ੍ਰਾਜੈਕਟਾਂ ਸਬੰਧੀ ਪਹਿਲਾਂ ਵਾਂਗ ਹੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਨਾਲ ਇਹ ਪ੍ਰਾਜੈਕਟ ਵਿਚਾਰ ਕੇ ਲੋੜੀਂਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

ਜਲੰਧਰ ਦੇ ਸੇਵਾ ਕੇਂਦਰਾਂ ਵਿੱਚ ਅਰਜ਼ੀਆਂ ਦੇ ਬਕਾਏ ਦੀ ਸਿਫ਼ਰ ਔਸਤ ਨੂੰ ਬਰਕਰਾਰ ਰੱਖਣ ਦੀ ਗੱਲ ਕਰਦਿਆਂ ਜਸਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਵਾਂਗ ਲੋਕਾਂ ਨੂੰ ਜਲਦੀ ਤੋਂ ਜਲਦੀ ਵੱਖ-ਵੱਖ ਨਾਗਰਿਕ ਸੇਵਾਵਾਂ ਪ੍ਰਦਾਨ ਦੀ ਚੱਲ ਰਹੀ ਵਿਰਾਸਤ ਨੂੰ ਪਹਿਲਾਂ ਵਾਂਗ ਹੀ ਕਾਇਮ ਰੱਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਵਿੱਚ ਕਈ ਹੋਰ ਅਹਿਮ ਨਾਗਰਿਕ ਸੇਵਾਵਾਂ ਸੇਵਾ ਕੇਂਦਰਾਂ ਦੀ ਸੂਚੀ ਵਿੱਚ ਸ਼ਾਮਿਲ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਪਾਸਪੋਰਟ ਨਾਲ ਸਬੰਧਿਤ ਸੇਵਾਵਾਂ ਵੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਸੇਵਾਵਾਂ ਬਾਰੇ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਕੇਂਦਰੀ ਸਕੀਮਾਂ ਅਤੇ ਪ੍ਰਾਜੈਕਟਾਂ ’ਤੇ ਵੀ ਸਮੇਂ-ਸਮੇਂ ਸਿਰ ਨਜ਼ਰਸਾਨੀ ਕੀਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਖ-ਵੱਖ ਪ੍ਰਾਜੈਕਟਾਂ ਅਤੇ ਭਲਾਈ ਸਕੀਮਾਂ ਦੀ ਲੋੜੀਂਦੀ ਸਮੀਖਿਆ ਨੂੰ ਵੀ ਯਕੀਨੀ ਬਣਾਉਣ।

ਜ਼ਿਲ੍ਹੇ ਵਿੱਚ ਹਰਿਆਵਲ ਦੇ ਘੇਰੇ ਨੂੰ ਵਧਾਉਣ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਏ ਜਾਣਗੇ ਤਾਂ ਜੋ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਲੋਕਾਂ ਲਈ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਐਸ.ਡੀ.ਐਮ. ਬਲਬੀਰ ਰਾਜ ਸਿੰਘ ਤੇ ਰਣਦੀਪ ਸਿੰਘ ਹੀਰ, ਏ.ਸੀ.ਏ. ਜਲੰਧਰ ਵਿਕਾਸ ਅਥਾਰਟੀ ਜਸਬੀਰ ਸਿੰਘ, ਸਕੱਤਰ ਆਰ.ਈ.ਏ. ਰਜਤ ਓਬਰਾਏ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION