34 C
Delhi
Thursday, April 25, 2024
spot_img
spot_img

ਉੜੀਸਾ ਦੇ ਗੁਰ-ਅਸਥਾਨਾਂ ਬਾਰੇ ਕੌਮ ਅੰਦਰ ਦੁਬਿਧਾ ਪੈਦਾ ਕਰ ਰਹੇ ਹਨ ਬੈਂਸ ਭਰਾ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 24 ਦਸੰਬਰ, 2019 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੜੀਸਾ ਦੇ ਜਗਨਨਾਥ ਪੁਰੀ ’ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠ ਬਾਰੇ ਸ. ਸਿਮਰਜੀਤ ਸਿੰਘ ਬੈਂਸ ਤੇ ਸ. ਬਲਵਿੰਦਰ ਸਿੰਘ ਬੈਂਸ ਦੇ ਬਿਆਨ ਨੂੰ ਗੁੰਮਰਾਹਕੁੰਨ ਤੇ ਸ਼ੋਸ਼ੇਬਾਜ਼ੀ ਕਰਾਰ ਦਿੱਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਇਸ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਜਗਨਨਾਥ ਪੁਰੀ ਸਥਿਤ ਪਹਿਲੇ ਪਾਤਸ਼ਾਹ ਨਾਲ ਸਬੰਧਤ ਅਸਥਾਨਾਂ ਸਬੰਧੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਸਥਾਨਕ ਪ੍ਰਸਾਸ਼ਨ ਨਾਲ 16 ਦਸੰਬਰ ਨੂੰ ਮੀਟਿੰਗ ਕੀਤੀ ਜਾ ਚੁੱਕੀ ਹੈ, ਜਿਸ ਦੌਰਾਨ ਜਿਲ੍ਹਾ ਕੁਲੈਕਟਰ ਨੇ ਮੰਗੂ ਮੱਠ ਨੂੰ ਸੁਰੱਖਿਅਤ ਰੱਖਣ ਅਤੇ ਇਸ ਦੇ ਆਲੇ-ਦੁਆਲੇ ਲੋੜ ਅਨੁਸਾਰ ਇਮਾਰਤਾਂ ਬਣਾਉਣ ਦਾ ਭਰੋਸਾ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ 19 ਦਸੰਬਰ ਦੀ ਇਕੱਤਰਤਾ ਦੌਰਾਨ ਸੌਂਪ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਬਾਉਲੀ ਮੱਠ ਸਾਹਿਬ ਦੇ ਵਿਕਾਸ ਅਤੇ ਸੇਵਾਵਾਂ ਸਬੰਧੀ ਵੀ ਕਰੀਬ ਦੋ ਮਹੀਨੇ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਸਰਕਾਰ ਨਾਲ ਸਮਝੌਤਾ ਸਹੀਬੱਧ ਕੀਤਾ ਜਾ ਚੁੱਕਾ ਹੈ। ਇਸ ਸਮਝੌਤੇ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਨੁਮਾਇੰਦਿਆਂ ਵੱਲੋਂ ਹਸਤਾਖਰ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਬਾਉਲੀ ਮੱਠ ਸਾਹਿਬ ਵਿਖੇ ਸੰਗਤੀ ਸਹੂਲਤਾਂ ਤੇ ਲੋੜੀਂਦੀਆਂ ਉਸਾਰੀਆਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਰਾਏ ਅਨੁਸਾਰ ਤਿਆਰ ਕਰਵਾਉਣ ਦਾ ਫੈਸਲਾ ਹੋਇਆ ਹੈ। ਉਨ੍ਹਾਂ ਆਖਿਆ ਕਿ ਬੈਂਸ ਭਰਾਵਾਂ ਵੱਲੋਂ ਗੁਰਦੁਆਰਾ ਸ੍ਰੀ ਬਾਉਲੀ ਮੱਠ ਸਾਹਿਬ ਸਬੰਧੀ ਜਾਣਬੁਝ ਕੇ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਇਸ ਅਸਥਾਨ ਬਾਰੇ ਸਥਿਤੀ ਪਹਿਲਾਂ ਹੀ ਬਿਲਕੁਲ ਸਪੱਸ਼ਟ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਬੈਂਸ ਭਰਾਵਾਂ ਨੂੰ 19 ਦਸੰਬਰ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਸਾਹਿਬ ਵੱਲੋਂ ਕੀਤੀ ਗਈ ਇਕੱਤਰਤਾ ਦੌਰਾਨ ਇਸ ਗੱਲ ਦੀ ਜਾਣਕਾਰੀ ਮਿਲ ਗਈ ਸੀ ਅਤੇ ਉਨ੍ਹਾਂ ਨੇ ਇਸ ਮਾਮਲੇ ਨੂੰ ਸਿਆਸੀ ਹਿੱਤਾਂ ਲਈ ਵਰਤਣ ਦੀ ਚਲਾਕੀ ਕੀਤੀ ਹੈ। ਉਨ੍ਹਾਂ ਬੈਂਸ ਭਰਾਵਾਂ ਦੀ ਕਾਰਵਾਈ ਨੂੰ ਕੇਵਲ ਸੁਰਖੀਆਂ ਬਟੋਰਨ ਅਤੇ ਕੌਮ ਨੂੰ ਗੁੰਮਰਾਹ ਕਰਨ ਵਾਲੀ ਕਰਾਰ ਦਿੰਦਿਆਂ ਆਖਿਆ ਕਿ ਅਜਿਹਾ ਕਰਨ ਨਾਲ ਕੌਮ ਅੰਦਰ ਦੁਬਿਧਾ ਪੈਦਾ ਹੋਈ ਹੈ।

ਉਨ੍ਹਾਂ ਕਿਹਾ ਕਿ ਕੌਮੀ ਮਸਲਿਆਂ ’ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਇਹ ਮਾਮਲੇ ਬੇਹੱਦ ਸੰਜੀਦਾ ਅਤੇ ਸੰਗਤ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ। ਜਦੋਂ ਕੋਈ ਇਸ ਨੂੰ ਸਿਆਸੀ ਫਾਇਦਿਆਂ ਲਈ ਵਰਤਣ ਦਾ ਯਤਨ ਕਰਦਾ ਹੈ ਤਾਂ ਉਲਝਣ ਹੋਰ ਵਧਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਪਹਿਲਾ ਹੀ ਸਪੱਸ਼ਟ ਕੀਤਾ ਹੋਇਆ ਹੈ ਕਿ ਗੁਰੂ ਸਾਹਿਬ ਨਾਲ ਸਬੰਧਤ ਕਿਸੇ ਵੀ ਵਿਰਾਸਤ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਜਾ ਰਿਹਾ।

ਇਥੋਂ ਤੱਕ ਮੰਗੂ ਮੱਠ ਨਜ਼ਦੀਕ ਸੁੰਦਰੀਕਰਨ ਦੌਰਾਨ ਸਾਹਮਣੇ ਆਏ ਇੱਕ ਪੁਰਾਤਨ ਖੂਹ ਨੂੰ ਵੀ ਸਰਕਾਰ ਵੱਲੋਂ ਸੰਭਾਲਿਆ ਜਾ ਰਿਹਾ ਹੈ। ਇਸ ਮੌਕੇ ਭਾਈ ਮਹਿਤਾ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸਕੱਤਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ ਵੀ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION