ਜਲੰਧਰ 07 ਜਨਵਰੀ 2020:
ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ, ਸੁਤੰਤਰਤਾ ਸੰਗਰਾਮੀ , ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਓ.ਪੀ.ਸੋਨੀ ਵਲੋਂ ਅੱਜ ਭੂਮੀ ਅਤੇ ਜਲ ਰੱਖਿਆ ਵਿਭਾਗ ਵਲੋਂ ਰਾਜ ਵਿੱਚ ਪਿਛਲੇ 50 ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਦਾ ਕਿਤਾਬਚਾ ਜਾਰੀ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਵਿਧਾਇਕ ਰਜਿੰਦਰ ਬੇਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਵੀ ਹਾਜ਼ਰ ਸਨ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੌਰਾਨ ਕੈਬਨਿਟ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਭੂਮੀ ਤੇ ਜਲ ਸੰਭਾਲ ਵਿਭਾਗ ਪਹਿਲਾਂ ਖੇਤੀਬਾੜੀ ਵਿਭਾਗ ਦਾ ਵਿੰਗ ਸੀ ਜਿਸ ਨੂੰ 15 ਦਸੰਬਰ 1969 ਵਿੱਚ ਵੱਖਰਾ ਵਿਭਾਗ ਬਣਾਇਆ ਗਿਆ।
ਉਨ੍ਹਾਂ ਦੱਸਿਆ ਕਿ ਵਿਭਾਗ ਦੇ ਗੋਲਡਨ ਜੁਬਲੀ ਸਮਾਗਮ ਮਨਾਉਣ ਦਾ ਮੁੱਖ ਮੰਤਵ ਵਿਭਾਗ ਦੀ ਕਾਰਜ ਪ੍ਰਣਾਲੀ ਵਿੱਚ ਵਾਧਾ ਕਰਨਾ , ਸਹੂਲਤਾਂ ਮੁਹੱਈਆ ਕਰਵਾਉਣ ਲਈ ਟੀਮ ਨੂੰ ਮਜ਼ਬੂਤ ਕਰਨਾ ਅਤੇ ਕੁਦਰਤੀ ਸਾਧਨਾਂ ਦੀ ਸੰਭਾਲ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵੱਲ ਧਿਆਨ ਕੇਂਦਰਿਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਸੂਖਮ ਸਿੰਚਾਈ, ਜ਼ਮੀਨਦੋਜ ਪਾਈਪ ਲਾਈਨ, ਸਾਫ ਕੀਤੇ ਪਾਣੀ ਦੀ ਵਰਤੋਂ, ਵਾਟਰ ਸ਼ੈਡ ਪ੍ਰੋਗਰਾਮ ਆਦਿ ਰਾਹੀਂ ਸੂਬੇ ਵਿੱਚ ਭੂਮੀ ਅਤੇ ਜਲ ਸਰੋਤਾਂ ਦੀ ਸੰਭਾਲ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ।
ਸ੍ਰੀ ਸੋਨੀ ਨੇ ਕਿਹਾ ਕਿ ਪੰਜ ਖੇਤਰ ਜਿਸ ਵਿੱਚ ਜਲ ਸੰਭਾਲ ਨੂੰ ਸੁਧਾਰਨਾ, ਬਰਸਾਤੀ ਪਾਣੀ ਦੀ ਸੰਭਾਲ, ਪਾਣੀ ਦੇ ਪੁਰਾਤਨ ਜਲ ਭੰਡਾਰਾਂ ਦਾ ਨਵੀਨੀਕਰਨ, ਵਾਟਰਸ਼ੈਡ ਡਿਵੈਲਪਮੈਂਟ, ਤੁਪਕਾ ਸਿੰਚਾਈ, ਜ਼ਮੀਨ ਦੋਜ਼ ਪਾਈਪ ਲਾਈਨ ਪ੍ਰਣਾਲੀ, ਬਰਸਾਤੀ ਪਾਣੀ ਰਾਹੀਂ ਜਮੀਨੀ ਪਾਣੀ ਦੇ ਪੱਧਰ ਨੂੰ ਸੁਧਾਰਨਾ ਅਤੇ ਜੰਗਲਾਤ ਹੇਠ ਰਕਬੇ ਨੂੰ ਵਧਾਉਣ ਲਈ ਵਿਭਾਗ ਵਲੋਂ ਪਹਿਲਾਂ ਹੀ ਪਹਿਚਾਣ ਕੀਤੀ ਜਾ ਚੁੱਕੀ ਹੈ ਅਤੇ ਇਨਾਂ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਕੰਮ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਡਿੱਗਣ ਤੋਂ ਬਚਾਉਣ ਲਈ ਜਿਵੇਂ ਪੌਦੇ ਲਗਾਉਣਾ, ਹਰਿਆਲੀ ਵਧਾਉਣ, ਮੱਕੀ ਅਤੇ ਹੋਰ ਫ਼ਸਲਾਂ ਨੂੰ ਉਤਸ਼ਾਹਿਤ ਕਰਨਾ ਜਿਨਾਂ ਨੂੰ ਪਾਣੀ ਦੀ ਘੱਟ ਲੋੜ ਹੁੰਦੀ ਹੈ ਜਾਂ ਸੂਬੇ ਵਿੱਚ ਬਰਸਾਤੀ ਪਾਣੀ ਦੀ ਸੰਭਾਲ ਲਈ ਪਹਿਲਾਂ ਹੀ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਮੇਅਰ ਜਗਦੀਸ਼ ਰਾਜ ਰਾਜਾ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਅੰਮ੍ਰਿਤ ਕੁਮਾਰ ਪੰੰਾਲ, ਸੰਜੀਵ ਸ਼ਰਮਾ, ਜੈ ਇੰਦਰ ਸਿੰਘ, ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਸ਼ਾਇਰੀ ਮਲਹੋਤਰਾ ਤੇ ਹਰਦੀਪ ਸਿੰਘ ਧਾਲੀਵਾਲ, ਸਕੱਤਰ ਆਰ.ਟੀ.ਏ. ਡਾ.ਨਯਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਭੂਮੀ ਰੱਖਿਆ ਅਫ਼ਸਰ ਜਲੰਧਰ ਲੁਪਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।