30.1 C
Delhi
Friday, April 26, 2024
spot_img
spot_img

ਕਰਤਾਰਪੁਰ ਲਾਂਘਾ – ਪੰਜਾਬ ਸਰਕਾਰ ਤੈਅ ਸਮੇਂ ਅੰਦਰ ਮੁਕੰਮਲ ਕਰੇਗੀ ਸਾਰੇ ਕੰਮ: ਸੁਖ਼ਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ/ਡੇਰਾ ਬਾਬਾ ਨਾਨਕ(ਗੁਰਦਾਸਪੁਰ), 14 ਅਕਤੂਬਰ, 2019:

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਵਾਸਤੇ ਅੱਜ ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ।

ਭਾਰਤ ਸਰਕਾਰ ਦੇ ਵਫਦ ਦੀ ਅਗਵਾਈ ਕਰ ਰਹੇ ਗ੍ਰਹਿ ਸਕੱਤਰ ਸ੍ਰੀ ਅਜੈ ਭੱਲਾ, ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਦੇ ਅਧਿਕਾਰੀਆਂ ਦੇ ਵਫਦ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਅਤੇ ਜ਼ਮੀਨੀ ਪੱਧਰ ‘ਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਵੀ ਕੀਤੀ।

ਕੇਂਦਰ ਤੇ ਸੂਬਾ ਸਰਕਾਰ ਦੇ ਉਚ ਪੱਧਰੀ ਵਫਦ ਨੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਇਸ ਕੰਮ ਵਿੱਚ ਲੱਗੇ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ। ਲਾਂਘੇ ਦੇ ਨਿਰਮਾਣ ਕੰਮ ਵਿੱਚ ਲੱਗੀ ਕੰਪਨੀ ਸ਼ਾਪੂਰਜੀ ਪਲੌਂਜੀ ਗਰੁੱਪ ਦੇ ਨੁਮਾਇੰਦਿਆਂ ਨੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਸਾਰਾ ਕੰਮ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ।

ਵਫਦ ਵੱਲੋਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ ਗਿਆ, ਇਸ ਉਪਰੰਤ ਉਨ੍ਹਾਂ ਇੰਟੀਗਰੇਟਿਡ ਚੈੱਕ ਪੋਸਟ (ਆਈ.ਸੀ.ਪੀ) ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਥੋਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਨਵੰਬਰ ਮਹੀਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਦੇ ਕੀਤੇ ਜਾਣ ਵਾਲੇ ਉਦਘਾਟਨ ਸਬੰਧੀ ਅਧਿਕਾਰੀਆਂ ਨਾਲ ਵਿਸਥਾਰ ਵਿਚ ਚਰਚਾ ਕੀਤੀ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾਣ ਵਾਲੀ ਜਨਤਕ ਰੈਲੀ ਦੀ ਥਾਂ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨਜ਼ਦੀਕ ਵਾਲੀ ਜਗ੍ਹਾਂ ਦਾ ਨਿਰੀਖਣ ਵੀ ਕੀਤਾ।

ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਪੂਰੇ ਜ਼ੋਰਾ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਸੰਗਤਾਂ ਦੇ ਠਹਿਰਣ ਲਈ ਟੈਂਟ ਸਿਟੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਸੰਗਤਾਂ ਦੀ ਸਹੂਲਤ ਲਈ ਪੰਡਾਲ ਅਤੇ ਪਾਰਕਿੰਗ ਆਦਿ ਦੀ ਵਿਵਸਥਾ ਤੋਂ ਇਲਾਵਾ ਪਾਰਕਿੰਗ ਤੋਂ ਪੰਡਾਲ ਵਾਲੀ ਜਗ੍ਹਾਂ ਤੱਰ ਲਿਜਾਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਾਰੇ ਕੰਮ ਹਰ ਹੀਲੇ 31 ਅਕਤੂਬਰ ਤੱਕ ਮੁਕੰਮਲ ਕਰ ਲਏ ਜਾਣਗੇ।

ਉਨ੍ਹਾਂ ਦੱਸਿਆ ਕਿ ਅੱਜ ਕੇਂਦਰ ਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਇਸੇ ਮਕਸਦ ਤਹਿਤ ਮੀਟਿੰਗ ਕੀਤੀ ਗਈ ਹੈ ਕਿ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਜੋ ਤਿਆਰੀਆਂ ਕਰਨ ਵਾਲੀਆਂ ਹਨ, ਉਹ ਨਿਸ਼ਚਿਤ ਸਮੇਂ ਅੰਦਰ ਕਰ ਲਈਆਂ ਜਾਣ।

ਉਨ੍ਹਾਂ ਦੱਸਿਆ ਕਿ ਲੈਂਡ ਪੋਰਟ ਆਫ ਅਥਾਰਟੀ ਦੇ ਅਧਿਕਾਰੀਆਂ ਨੂੰ ਦੱਸਿਆ ਹੈ ਕਿ 31 ਅਕਤੂਬਰ ਤਕ ਕੌਮੀ ਮਾਰਗ ਅਤੇ ਇੰਟੀਗਰੇਟਿਡ ਚੈਕ ਪੋਸਟ ਦੇ ਵਿਕਾਸ ਕੰਮ ਮੁਕੰਮਲ ਕਰ ਲਏ ਜਾਣਗੇ, ਇਸ ਉਪਰੰਤ ਪ੍ਰਧਾਨ ਮੰਤਰੀ ਵੱਲੋਂ ਨਵੰਬਰ ਮਹੀਨੇ ਵਿਚ ਇਸ ਦਾ ਉਦਘਾਟਨ ਕੀਤਾ ਜਾਵੇਗਾ।

ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੇਸ਼-ਵਿਦੇਸ਼ ਵਿਚੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜੋ ਸ਼ਰਧਾਲੂ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦਰਸ਼ਨਾਂ ਆਉਣਗੇ, ਉਨ੍ਹਾਂ ਦੀ ਹਰ ਸਹੂਲਤ ਦਾ ਖਿਆਲ ਰੱਖਿਆ ਜਾਵੇਗਾ।

ਉਨਾਂ ਦੱਸਿਆ ਕਿ ਸ਼ਰਧਾਲੂ ਗਰੁਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ 30 ਦਿਨਾਂ ਪਹਿਲਾਂ ਅਪਲਾਈ ਕਰਨਗੇ। ਪਾਸਪੋਰਟ ‘ਤੇ ਕੋਈ ਸਟੈਂਪ ਨਹੀ ਲੱਗੇਗੀ ਕੇਵਲ ਪਰਮਿਟ ਜਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇੰਟੀਗਰੇਟਿਡ ਚੈਕ ਪੋਸਟ ਵਿੱਚ ਭਗਤਾਂ, ਗੁਰੂਆਂ ਦੀਆਂ ਤਸਵੀਰਾਂ, ਮਾਤਾ ਸੁਲੱਖਣੀ ਜੀ ਦੀ ਤਸਵੀਰ, ਬਾਬਾ ਸ੍ਰੀ ਚੰਦ ਜੀ ਦੀ ਤਸਵੀਰ, ਬਾਬਾ ਬੰਦਾ ਸਿੰਘ ਬਹਾਦਰ ਆਦਿ ਦੀਆਂ ਤਸਵੀਰਾਂ ਸ਼ਸੋਭਿਤ ਕੀਤੀਆਂ ਜਾਣਗੀਆਂ।

ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਡੇਰਾ ਬਾਬਾ ਨਾਨਕ ਦੇ ਨੇੜਲੇ 11 ਪਿੰਡਾਂ ਅੰਦਰ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਡੇਰਾ ਬਾਬਾ ਨਾਨਕ ਦੇ ਬੱਸ ਅੱਡੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਕਰੀਬ 98 ਲੱਖ ਰੁਪਏ ਦੀ ਲਾਗਤ ਨਾਲ ਸਾਲੇਡ ਵੇਸਟ ਮੈਨੇਜੈਮੈਂਟ ਦੇ ਕੰਮ ਕਰਵਾਏ ਜਾ ਰਹੇ ਹਨ। ਕਸਬੇ ਅੰਦਰ ਕਰੀਬ 93 ਲੱਖ ਰੁਪਏ ਦੀ ਲਾਗਤ ਨਾਲ ਐਲ.ਈ.ਡੀ. ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਡੇਰਾ ਬਾਬਾ ਨਾਨਕ ਕਸਬੇ ਨੂੰ ਆਉਣ ਵਾਲੀਆਂ ਸੜਕਾਂ ਫਤਿਹਗੜ੍ਹ ਚੂੜੀਆਂ ਤੇ ਬਟਾਲਾ ਤੋਂ ਡੇਰਾ ਬਾਬਾ ਨਾਨਕ ਵਾਲੀਆਂ ਸੜਕਾਂ ਦੇ ਵਿਕਾਸ ਕੰਮ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਵਿਖੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰ ਤੇ ਸੂਬਾ ਸਰਕਾਰ ਦੇ ਵਫਦ ਵੱਲੋਂ ਮੀਟਿੰਗ ਰੱਖੀ ਗਈ ਸੀ ਜਿਸ ਦਾ ਮਕਸਦ ਕੰਮ ਦੀ ਪ੍ਰਗਤੀ ਦੇਖਣੀ ਅਤੇ ਹਰ ਹੀਲੇ ਤੈਅ ਸਮੇਂ ਅੰਦਰ ਕੰਮ ਮੁਕੰਮਲ ਕਰਨ ਲਈ ਦਿਸ਼ਾ ਨਿਰਦੇਸ਼ ਦੇਣੇ ਸਨ। ਉਨ੍ਹਾਂ ਕਿਹਾ ਕਿ ਵਫਦ ਵੱਲੋਂ ਵੀ ਕੰਮ ਕਰ ਰਹੀਆਂ ਵੱਖ-ਵੱਖ ਏਜੰਸੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਇਸ ਮੌਕੇ ਬੀ.ਐਸ.ਐਫ ਦੇ ਡੀ.ਜੀ. ਵਿਵੇਕ ਜੋਰੀ, ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ ਚੇਅਰਮੈਨ ਗੋਬਿੰਦ ਮੋਹਨ, ਸਕਤੱਰ ਲੋਕ ਨਿਰਮਾਣ ਸ੍ਰੀ ਹੁਸਨ ਲਾਲ, ਪੰਜਾਬ ਦੇ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਮੈਂਬਰ ਅਖਿਲ ਸਕਸੈਨਾ, ਡਾਇਰੈਕਟਰ ਰਮਨ ਸ਼ਰਮਾ, ਬੀ.ਐਸ.ਐਫ. ਦੇ ਆਈ.ਜੀ. ਮਹੀਪਾਲ ਯਾਦਵ, ਡੀ.ਆਈ.ਜੀ ਰਜੇਸ਼ ਸ਼ਰਮਾ, ਪੰਜਾਬ ਪੁਲਿਸ ਦੇ ਆਈ.ਜੀ. ਐਸ.ਪੀ. ਪਰਮਾਰ, ਐਸ.ਐਸ.ਪੀ ਉਪਿੰਦਰਜੀਤ ਸਿੰਘ ਘੁੰਮਣ, ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਤੇਜਿੰਦਰਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION