32.8 C
Delhi
Tuesday, May 21, 2024
spot_img
spot_img

ਕਾਨੂੰਨ ਵਿਵਸਥਾ ਤੇ ਫ਼ਿਰਕੂ ਸਦਭਾਵਨਾ ਕਾਇਮ ਰੱਖਣ ਵਿੱਚ ਫ਼ੇਲ੍ਹ ਰਹਿਣ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਮੁੱਖ ਮੰਤਰੀ: ਸੁਖ਼ਬੀਰ ਬਾਦਲ

ਯੈੱਸ ਪੰਜਾਬ
ਚੰਡੀਗੜ੍ਹ, 29 ਨਵੰਬਰ, 2022:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਸੂਬੇ ਵਿਚ ਫਿਰਕੂ ਸਦਭਾਵਨਾ ਬਣਾਈ ਰੱਖਣ ਵਿਚ ਵੀ ਫੇਲ੍ਹ ਹੋਣ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਢੁਕਵੇਂ ਕਦਮ ਚੁੱਕ ਕੇ ਪੰਜਾਬੀਆਂ ਵਿਚ ਵਿਸ਼ਵਾਸ ਬਹਾਲ ਕਰਨ ਦੇ, ਮੁੱਖ ਮੰਤਰੀ ਆਪਣੀ ਵਜ਼ਾਰਤ ਸਮੇਤ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਨ ਵਾਸਤੇ ਗੁਜਰਾਤ ਭੱਜ ਗਏ ਹਨ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੇ ਹਾਂ ਪੱਖੀ ਤਬਦੀਲੀ ਵਾਸਤੇ ਆਪ ਨੂੰ ਵੱਡਾ ਫਤਵਾ ਦਿੱਤਾ ਸੀ ਨਾ ਕਿ ਸੂਬੇ ਦੇ ਸਰੋਤ ਦੇਸ਼ ਭਰ ਵਿਚ ਆਪ ਦੇ ਪ੍ਰਭਾਵ ਦਾ ਵਿਸਥਾਰ ਕਰਨ ਵਾਸਤੇ ਸੂਬੇ ਦੇ ਸਰੋਤਾਂ ਨੂੰ ਬਰਬਾਦ ਕਰਨ ਲਈ ਤੇ ਪੰਜਾਬ ਵਿਚ ਕੁਪ੍ਰਸ਼ਾਸਨ ਲਈ ਦਿੱਤਾ ਸੀ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਅਜਿਹੇ ਹਾਲਾਤ ਕਦੇ ਨਹੀਂ ਬਣੇ ਕਿ ਚੁਣੀ ਹੋਈ ਸਰਕਾਰ ਆਪਣੇ ਲੋਕਾਂ ਨੂੰ ਭੁੱਲ ਗਈ ਤੇ ਸੂਬੇ ਨੂੰ ਅਰਾਜਕਤਾ ਵਿਚ ਧੱਕ ਦਿੱਤਾ।

ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅੱਜ ਕੋਈ ਵੀ ਸੁਰੱਖਿਅਤ ਨਹੀਂ ਹੈ। ਉਹਨਾਂ ਕਿਹਾ ਕਿ ਮਿੱਥ ਕੇ ਕਤਲ ਕਰਨਾ ਨਿੱਤ ਦਾ ਕੰਮ ਹੋ ਗਿਆ ਹੈ ਤੇ ਅੱਜ ਬਟਾਲਾ ਨੇੜੇ ਇਕ ਅਕਾਲੀ ਵਰਕਰ ਦਾ ਕਤਲ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਅਸੀਂ ਵੇਖਿਆ ਸੀ ਕਿ ਕਿਵੇਂ ਨੌਜਵਾਨਾਂ ਦੀ ਪਸੰਦ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ, ਪੰਜਾਬ ਪੁਲਿਸ ਇੰਟਰੈਲੀਜੈਂਸ ਦਫਤਰ ’ਤੇ ਆਰ ਪੀ ਜੀ ਹਮਲਾ ਹੋਇਆ, ਹਿੰਦੂ ਤੇ ਸਿੱਖ ਟਕਰਾਅ ਹੋਏ ਤੇ ਗੈਂਗਸਟਰ ਦੀਪਕ ਟੀਨੂੰ ਪੁਲਿਸ ਦੀ ਹਿਰਾਸਤ ਵਿਚੋਂ ਫਰਾਰ ਹੋ ਗਿਆ।

ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਸੱਤਾ ਵਿਚ ਆਏ ਨੂੰ 8 ਮਹੀਨੇ ਹੋਏ ਹਨ ਪਰ ਉਸਨੇ ਸੂਬੇ ਨੂੰ 20 ਸਾਲ ਪਛਾੜ ਦਿੱਤਾ ਹੈ ਤੇ ਲੋਕਾਂ ਨੂੰ 1980ਵਿਆਂ ਦਾ ਕਾਲਾ ਦੌਰ ਚੇਤੇ ਆਉਣ ਲੱਗ ਪਿਆਹੈ ਜੋ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਕਾਰਨ ਤੇ ਫਿਰਕੂ ਟਕਰਾਅ ਦੇ ਨਤੀਜੇ ਵਜੋਂ ਆਇਆਸੀ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਫਿਰੌਤੀਆਂ ਦੇ ਸਭਿਆਚਾਰ ਦੀ ਸੂਬੇ ਦੀਆਂ ਜੇਲ੍ਹਾਂ ਵਿਚ ਪੁਸ਼ਤ ਪਨਾਹੀ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਦੇ ਮਨਾਂ ਵਿਚ ਖੌਫ ਤੇ ਦਹਿਸ਼ਤ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਹਾਲ ਹੀ ਵਿਚ ਕਈ ਨਿਵੇਸ਼ਕ ਮਿਲੇ ਹਨ ਜਿਹਨਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਪੰਜਾਬ ਵਿਚ ਮੌਜੂਦਾ ਸਮਾਂ ਨਿਵੇਸ਼ ਲਈ ਢੁਕਵਾਂ ਨਹੀਂ ਹੈ। ਉਹਨਾਂ ਕਿਹਾ ਕਿ ਇਥੇ ਦੇ ਸਥਾਨਕ ਵਪਾਰੀ ਵੀ ਹੁਣ ਸੂਬੇ ਤੋਂ ਬਾਹਰ ਜਾਣ ਨੂੰ ਤਰਜੀਹ ਦੇਣ ਲੱਗ ਪਏ ਹਨ।

ਉਹਨਾਂ ਕਿਹਾ ਕਿ ਇਸ ਕਾਰਨ ਨੌਕਰੀਆਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਬੇਰੋਜ਼ਗਾਰੀ ਵੱਘ ਰਹੀ ਹੈ, ਜਿਸ ਬਾਰੇ ਨੌਜਵਾਨਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਕਿਵੇਂ ਉਹਨਾਂ ਨੇ ਸੂਬੇ ਵਿਚ ਖਰਾਬ ਹੋਏ ਮਾਹੌਲ ਕਾਰਨ ਉਦਯੋਗ ਬੰਦ ਹੋਣ ਨਾਲ ਆਪਣੇ ਰੋਜ਼ਗਾਰ ਗੁਆਏ ਹਨ। ਉਹਨਾਂ ਕਿਹਾ ਕਿ ਸੂਬੇ ਦੇ ਮਾੜੇ ਹਾਲਾਤਾਂ ਦਾ ਸਭ ਤੋਂ ਵੱਡਾ ਅਸਰ ਦੋ ਪ੍ਰਮੁੱਖ ਭਾਈਚਾਰਿਆਂ ਦੀ ਆਪਸੀ ਸਾਂਝ ’ਤੇ ਪਿਆ ਹੈ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਹੁਤ ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਹੁਣ ਬੀਤੇ ਦੀ ਗੱਲ ਦਿਸਦੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਦਰੁੱਸਤੀ ਵਾਲੇ ਕਦਮ ਚੁੱਕਣ ਦੇ ਆਮ ਆਦਮੀ ਪਾਰਟੀ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਸਤੀ ਸ਼ੋਹਰਤ ਖੱਟਣ ਵਾਸਤੇ ਪ੍ਰਾਪੇਗੰਡੇ ’ਤੇ ਉਤਰ ਆਈ ਹੈ।

ਉਹਨਾਂ ਕਿਹਾ ਕਿ ਐਂਟੀ ਗੈਂਗਸਟਰ ਫੋਰਸ ਜਿਸਦਾ ਕਰੋੜਾਂ ਰੁਪਏ ਦੇ ਇਸ਼ਤਿਹਾਰ ਦੇ ਕੇ ਪ੍ਰਚਾਰ ਕੀਤਾ ਗਿਆ, ਪੂਰੀ ਤਰ੍ਹਾਂ ਫਲਾਪ ਸਾਬਤਹੋਈ ਹੈ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸੂਬੇ ਵਿਚ ਗੈਂਗਸਟਰਾਂ ਦੀ ਸਰਗਰਮੀ ਵਿਚ ਵਾਧਾ ਹੋਇਆ ਹੈ ਤੇ ਇਸੇ ਕਾਰਨ ਕਤਲਾਂ ਤੇ ਫਿਰੌਤੀ ਦੀਆਂ ਘਟਨਾਵਾਂ ਵਧੀਆਂ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਲੁੱਟ ਖੋਹ ਤੇ ਡਾਕੇ ਵੀ ਵੱਧ ਗਏ ਹਨ ਜਿਸ ਕਾਰਨ ਆਮ ਆਦਮੀ ਪ੍ਰੇਸ਼ਾਨ ਹੈ।

ਸਰਦਾਰ ਬਾਦਲ ਨੇ ਆਪ ਸਰਕਾਰ ਨੂੰ ਆਖਿਆ ਕਿ ਉਹ ਪ੍ਰਾਪੇਗੰਡਾ ਛੱਡੇ ਅਤੇ ਦਰੁੱਸਤੀ ਵਾਲੇ ਠੋਸ ਕਦਮ ਚੁੱਕੇ ਤਾਂ ਜੋ ਮਾਹੌਲ ਸਹੀ ਕੀਤਾ ਜਾ ਸਕੇ। ਉਹਨਾਂ ਨੇ ਪੁਲਿਸ ਥਾਣਿਆਂ ਦੀ ਨਿਰੰਤਰ ਨਿਗਰਾਨੀ, ਗਸ਼ਤ ਵਿਚ ਵਾਧਾ ਤੇ ਰਾਤ ਨੂੰ ਗਸ਼ਤ ਕੀਤੇ ਜਾਣ ਅਤੇ ਅਪਰਾਧ ਖਿਲਾਫ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਏ ਜਾਣ ਦਾ ਸੁਝਾਅ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION