ਯੈੱਸ ਪੰਜਾਬ
ਚੰਡੀਗੜ੍ਹ, 21 ਮਈ, 2021:
ਉੱਘੇ ਸਿੱਖ ਕਿਸਾਨ ਆਗੂ ਆਲ ਇੰਡੀਆ ਜੱਟ ਮਹਾਂਸਭਾ ਦੇ ਕੌਮੀ ਡੈਲੀਗੇਟ ਤੇ ਕੇਂਦਰ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਉਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਸਿੰਘੂ ਤੇ ਟਿਕਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਕਰਕੇ ਪੰਜਾਬ ਵਿੱਚ ਕੋਰੋਨਾ–ਵਾਇਰਸ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ।
ਅੱਜ ਇੱਥੇ ਇੱਕ ਪ੍ਰੈੱਸ–ਬਿਆਨ ਜਾਰੀ ਕਰਦਿਆਂ ਸ. ਬਡਹੇੜੀ ਨੇ ਕਿਹਾ ਕਿ ਇਹ ਕਿਸਾਨਾਂ ਨੂੰ ਬਦਨਾਮ ਕਰਨ ਦਾ ਕੋਝਾ ਜਤਨ ਹੈ। ਉਨ੍ਹਾਂ ਦੋਸ਼ ਲਾਇਆ ਕਿ ਤ੍ਰਿਪਤ ਬਾਜਵਾ ਹੁਣ ਭਾਜਪਾ ਦੀ ਬੋਲੀ ਬੋਲ ਕੇ ਆਮ ਜਨਤਾ ਨੂੰ ਗੁੰਮਰਾਹ ਕਰਨ ਲੱਗ ਪਏ ਹਨ।
ਸ. ਬਡਹੇੜੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸ. ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜੇ ਅੰਦੋਲਨਕਾਰੀ ਕਿਸਾਨਾਂ ਤੋਂ ਕੋਰੋਨਾ–ਵਾਇਰਸ ਫੈਲ ਰਿਹਾ ਹੁੰਦਾ, ਤਾਂ ਹੁਣ ਤੱਕ ਅੱਧਾ ਪੰਜਾਬ ਕੋਰੋਨਾ ਵਾਇਰਸ ਤੋਂ ਗ੍ਰਸਤ ਹੋ ਗਿਆ ਹੁੰਦਾ। ਉਨ੍ਹਾਂ ਦੋਸ਼ ਲਾਇਆ ਕਿ ਅਸਲ ’ਚ ਤ੍ਰਿਪਤ ਬਾਜਵਾ ਹੁਣ ਨਰਿੰਦਰ ਮੋਦੀ ਤੇ ਕੋਰੋਨਾ ਵਾਂਗ ਸਰੂਪ ਬਦਲਣ ਦੇ ਆਦੀ ਹੋ ਗਏ ਹਨ।
ਸ. ਬਡਹੇੜੀ ਨੇ ਕਿਹਾ ਕਿ ਅਜਿਹੀ ਕੋਈ ਵੀ ਕੋਸ਼ਿਸ਼ ਕਿਸਾਨ ਅੰਦੋਲਨ ਨੂੰ ਨਾਕਾਮ ਨਹੀਂ ਬਣਾ ਸਕੇਗੀ। ਤਿੰਨੇ ਵਿਵਾਦਗ੍ਰਸਤ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ