35.1 C
Delhi
Monday, May 6, 2024
spot_img
spot_img

ਕੇਂਦਰੀ ਸਿੱਖ ਅਜਾਇਬਘਰ ’ਚ ਲਗਾਈ ਜਾਵੇਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ: ਲੌਂਗੋਵਾਲ

ਅੰਮ੍ਰਿਤਸਰ, 19 ਅਪ੍ਰੈਲ, 2020:
ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਅੰਤਿਮ ਅਰਦਾਸ ਕੀਤੀ ਗਈ।

ਇਸ ਦੌਰਾਨ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਜਦਕਿ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।

ਸਮਾਗਮ ਸਮੇਂ ਭਾਈ ਨਿਰਮਲ ਸਿੰਘ ਦੇ ਸਪੁੱਤਰ ਸ. ਅਮਿਤੇਸ਼ਵਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਾਂ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਭਾਈ ਸਾਹਿਬ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਹਾਲਾਤ ਠੀਕ ਹੋਣ ’ਤੇ ਭਾਈ ਨਿਰਮਲ ਸਿੰਘ ਦੀ ਯਾਦਗਾਰ ਬਣਾਉਣ ਬਾਰੇ ਵੀ ਕਾਰਵਾਈ ਕਰਾਂਗੇ।

ਆਪਣੇ ਸੰਬੋਧਨ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਗੁਰਮਤਿ ਸੰਗੀਤ ਦੇ ਚਮਕਦੇ ਸਿਤਾਰੇ ਸਨ। ਉਨ੍ਹਾਂ ਨੂੰ ਸਾਰਾ ਪੰਥ ਸਤਿਕਾਰਦਾ ਹੈ ਅਤੇ ਹਮੇਸ਼ਾ ਸਤਿਕਾਰਦਾ ਰਹੇਗਾ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਸਾਹਿਬ ਨੂੰ ਬਣਦਾ ਸਨਮਾਨ ਦੇਣ ਲਈ ਇਕੱਤਰਤਾ ਦੌਰਾਨ ਵਿਚਾਰ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਟੇਜ ਦੀ ਸੇਵਾ ਨਿਭਾਈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭੇਜੇ ਆਪਣੇ ਸ਼ੋਕ ਸੁਨੇਹੇ ਵਿਚ ਕਿਹਾ ਕਿ ਲੋਹੀਆਂ ਵਿਖੇ ਬਣ ਰਹੀ ਆਈਟੀਆਈ ਦਾ ਨਾਂ ਭਾਈ ਨਿਰਮਲ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਭੇਜੇ ਸ਼ੋਕ ਸੰਦੇਸ਼ ਵਿਚ ਭਾਈ ਸਾਹਿਬ ਪ੍ਰਤੀ ਸੰਵੇਦਨਾ ਪ੍ਰਗਟਾਈ ਤੇ ਉਨ੍ਹਾਂ ਦੀ ਲੰਮੀ ਕੀਰਤਨ ਸੇਵਾ ਨੂੰ ਯਾਦ ਕੀਤਾ।

ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ, ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਵੱਲੋਂ ਵੀ ਦਸਤਾਰਾਂ ਭੇਜੀਆਂ ਗਈਆਂ। ਸ਼੍ਰੋਮਣੀ ਰਾਗੀ ਸਭਾ, ਕਵੀਸ਼ਰ ਤੇ ਢਾਡੀ ਸਭਾ ਆਦਿ ਨੇ ਭਾਈ ਸਾਹਿਬ ਦੇ ਸਪੁੱਤਰ ਨੂੰ ਦਸਤਾਰਾਂ ਭੇਟ ਕੀਤੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਭਾਈ ਖਾਲਸਾ ਦੇ ਪਰਵਾਰਕ ਮੈਂਬਰਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿਮਘ ਖਾਲਸਾ, ਮੈਂਬਰ ਸ. ਹਰਜਾਪ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਮੁਖਤਾਰ ਸਿੰਘ ਮੈਨੇਜਰ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਭਗਵੰਤਪਾਲ ਸਿੰਘ ਸੱਚਰ ਜਿਲ੍ਹਾ ਕਾਂਗਰਸ ਪ੍ਰਧਾਨ, ਸ. ਸੁਖਵਿੰਦਰ ਸਿੰਘ ਝਬਾਲ, ਸ. ਬਲਦੇਵ ਸਿੰਘ ਸਿਰਸਾ, ਬਾਬਾ ਨਾਹਰ ਸਿੰਘ, ਵਧੀਕ ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਨਰਿੰਦਰ ਸਿੰਘ, ਸ. ਹਰਪਾਲ ਸਿੰਘ ਡੀਸੀਪੀ ਆਦਿ ਮੌਜੂਦ ਸਨ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION