26.7 C
Delhi
Friday, April 19, 2024
spot_img
spot_img

ਕੇਂਦਰੀ ਸਿੱਖ ਅਜਾਇਬ ਘਰ ’ਚ 3 ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ; ਜ: ਅਵਤਾਰ ਸਿੰਘ, ਬਾਬਾ ਹਰਦੇਵ ਸਿੰਘ ਤੇ ਜ: ਅਮਰ ਸਿੰਘ ਦੀਆਂ ਪੰਥਕ ਸੇਵਾਵਾਂ ਨਾ ਭੁੱਲਣਯੋਗ: ਬੀਬੀ ਜਗੀਰ ਕੌਰ

ਯੈੱਸ ਪੰਜਾਬ
ਅੰਮ੍ਰਿਤਸਰ, 3 ਨਵੰਬਰ, 2021 –
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਹਰਦੇਵ ਸਿੰਘ ਲੂਲੋਂ ਵਾਲੇ ਅਤੇ ਬੱਬਰ ਅਕਾਲੀ ਸ਼ਹੀਦ ਜਥੇਦਾਰ ਅਮਰ ਸਿੰਘ ਧਾਲੀਵਾਲ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।

ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਥੇਦਾਰ ਅਵਤਾਰ ਸਿੰਘ, ਬਾਬਾ ਹਰਦੇਵ ਸਿੰਘ ਲੂਲੋਂ ਵਾਲੇ ਅਤੇ ਜਥੇਦਾਰ ਅਮਰ ਸਿੰਘ ਧਾਲੀਵਾਲ ਦੀਆਂ ਕੌਮ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਕਿਸੇ ਸ਼ਖ਼ਸੀਅਤ ਦੀ ਤਸਵੀਰ ਦਾ ਸੁਸ਼ੋਭਿਤ ਹੋਣਾ ਵੱਡਾ ਕੌਮੀ ਸਨਮਾਨ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਸਿੱਖ ਸ਼ਖ਼ਸੀਅਤਾਂ ਨੇ ਕੌਮ, ਦੇਸ਼ ਅਤੇ ਧਰਮ ਪ੍ਰਤੀ ਸ਼ਲਾਘਾਯੋਗ ਕਾਰਜ ਕੀਤੇ ਹੋਣ, ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਂਦੀ ਹੈ। ਜਥੇਦਾਰ ਅਵਤਾਰ ਸਿੰਘ, ਬਾਬਾ ਹਰਦੇਵ ਸਿੰਘ ਅਤੇ ਜਥੇਦਾਰ ਅਮਰ ਸਿੰਘ ਧਾਲੀਵਾਲ ਨੇ ਵੀ ਵੱਡੀਆਂ ਪੰਥਕ ਸੇਵਾਵਾਂ ਨਿਭਾਈਆਂ ਹਨ, ਜਿਸ ਨੂੰ ਕੌਮ ਹਮੇਸ਼ਾ ਯਾਦ ਰੱਖੇਗੀ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਬੀਬੀ ਜਗੀਰ ਕੌਰ ਨੇ ਤਿੰਨੇ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰ ਨੂੰ ਸਿਰੋਪਾਓ ਦਿੱਤੇ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਸ਼੍ਰੋਮਣੀ ਕਮੇਟੀ ਦੇ ਲਗਾਤਾਰ 11 ਸਾਲ ਪ੍ਰਧਾਨ ਰਹੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਸਥਾਪਨਾ ਤੋਂ ਲੈ ਕੇ ਆਪਣੇ ਅੰਤਲੇ ਸਮੇਂ ਤੱਕ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਈ।

ਇਸੇ ਤਰ੍ਹਾਂ ਬਾਬਾ ਹਰਦੇਵ ਸਿੰਘ ਲੂਲੋਂ ਵਾਲਿਆਂ ਨੇ ਜਿਥੇ ਸ਼੍ਰੋਮਣ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਵਜੋਂ ਆਪਣੀ ਸੇਵਾਵਾਂ ਦਿੱਤੀਆਂ, ਉਥੇ ਹੀ ਦੇਸ਼ ਵਿਦੇਸ਼ ਵਿਚ ਸਿੱਖੀ ਦਾ ਪ੍ਰਚਾਰ ਕਰਕੇ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸ਼ਖ਼ਸੀਅਤ ਸਨ। ਸਿੱਖ ਕੌਮ ਦੇ ਮਹਾਨ ਸੂਰਬੀਰ ਯੋਧੇ ਜਥੇਦਾਰ ਅਮਰ ਸਿੰਘ ਧਾਲੀਵਾਲ ਨੇ ਗੁਰੂ ਕਾ ਬਾਗ ਮੋਰਚੇ ਅਤੇ ਪੰਜਾ ਸਾਹਿਬ ਦੇ ਸਾਕੇ ਸਮੇਂ ਵਧ ਚੜ੍ਹ ਕੇ ਭੂਮਿਕਾ ਨਿਭਾਈ ਅਤੇ ਕਈ ਵਾਰ ਜੇਲ੍ਹ ਵੀ ਗਏ।

ਤਸਵੀਰਾਂ ਸਥਾਪਤ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਹਰਪਾਲ ਸਿੰਘ ਜੱਲ੍ਹਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਵਣਵਾਲਾ, ਸ. ਸੁਖਵਰਸ਼ ਸਿੰਘ ਪੰਨੂ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਇੰਦਰਜੀਤ ਸਿੰਘ ਮੱਕੜ, ਬੀਬੀ ਮਨਜੀਤ ਕੌਰ, ਬੀਬੀ ਇੰਦਰਜੀਤ ਕੌਰ, ਸ. ਬਿਕਰਮਜੀਤ ਸਿੰਘ ਮੱਕੜ, ਸ. ਅਮਨਪ੍ਰੀਤ ਸਿੰਘ, ਸ. ਏਕਮਜੋਤ ਸਿੰਘ ਮੱਕੜ, ਸ. ਹਰਕੁੰਵਰਜੋਤ ਸਿੰਘ ਮੱਕੜ, ਸ. ਜਗਦੀਸ਼ ਸਿੰਘ ਲੂਲੋਂ ਵਾਲੇ, ਬਾਬਾ ਬੇਅੰਤ ਸਿੰਘ ਹੇਮੁਕੰਟ ਸਾਹਿਬ, ਬਾਬਾ ਸੁਖਦੇਵ ਸਿੰਘ ਬੇਰ ਕਲਾਂ, ਭਾਈ ਵਾਹਿਗੁਰੂ ਸਿੰਘ, ਭਾਈ ਸਤਨਾਮ ਸਿੰਘ ਆਦਿ ਸ਼ਖ਼ਸੀਅਤਾਂ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION