37.8 C
Delhi
Thursday, April 25, 2024
spot_img
spot_img

ਕੇਂਦਰ ਵੱਲੋਂ ਕਪੂਰਥਲਾ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ ਕੈਪਟਨ ਅਮਰਿੰਦਰ ਦੀ ਅਪੀਲ ਪ੍ਰਵਾਨ

ਚੰਡੀਗੜ, 28 ਨਵੰਬਰ, 2019 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਨੂੰ ਹੁੰਗਾਰਾ ਦਿੰਦਿਆਂ ਕੇਂਦਰ ਸਰਕਾਰ ਨੇ ਕਪੂਰਥਲਾ ਵਿਖੇ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਤੋਂ ਇਲਾਵਾ ਮੌਜੂਦਾ ਸਥਾਨਕ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਕੇਂਦਰ ਸਰਕਾਰ ਪਾਸੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਨਵਾਂ ਸਰਕਾਰੀ ਮੈਡੀਕਲ ਕਾਲਜ 325 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਜਿਸ ਵਿੱਚੋਂ 60 ਫੀਸਦੀ ਹਿੱਸੇਦਾਰੀ ਵਜੋਂ 195 ਕਰੋੜ ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣੇ ਹਨ ਜਦਕਿ ਬਾਕੀ 40 ਫੀਸਦੀ ਹਿੱਸੇਦਾਰੀ ਵਜੋਂ 130 ਕਰੋੜ ਰੁਪਏ ਦਾ ਯੋਗਦਾਨ ਪੰਜਾਬ ਸਰਕਾਰ ਵੱਲੋਂ ਪਾਇਆ ਜਾਵੇਗਾ। ਮੌਜੂਦਾ ਜ਼ਿਲਾ/ਰੈਫਰਲ ਹਸਪਤਾਲਾਂ ਨਾਲ ਸਬੰਧਤ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਲਈ ਕੇਂਦਰੀ ਸਪਾਂਸਰ ਸਕੀਮ ਤਹਿਤ ਇਸ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਜਿਸ ਨਾਲ ਹਸਪਤਾਲ ਦੀ ਮੌਜੂਦਾ ਸਮੇਂ 220 ਬਿਸਤਰਿਆਂ ਦੀ ਸਮਰੱਥਾ ਵਧ ਕੇ 500 ਬਿਸਤਰਿਆਂ ਦੀ ਹੋ ਜਾਵੇਗੀ ਅਤੇ ਇਸ ਤੋਂ ਇਲਾਵਾ ਹਸਪਤਾਲ ਵਿੱਚ ਬੁਨਿਆਦੀ ਢਾਂਚੇ ਦੀਆਂ ਆਧੁਨਿਕ ਮੈਡੀਕਲ ਸਹੂਲਤਾਂ ਵੀ ਮੁਹੱਈਆ ਹੋਣਗੀਆਂ।

ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ 11 ਏਕੜ ਜ਼ਮੀਨ ਦੇ ਰਕਬੇ ਨੂੰ ਪਹਿਲਾਂ ਹੀ ਸ਼ਨਾਖ਼ਤ ਕੀਤਾ ਹੋਇਆ ਹੈ ਜੋ ਸਥਾਨਕ ਸਿਵਲ ਹਸਪਤਾਲ ਤੋਂ 1.5 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਨਵੀਂ ਸੰਸਥਾ ਦੇ ਬੁਨਿਆਦੀ ਢਾਂਚੇ ’ਤੇ 325 ਕਰੋੜ ਰੁਪਏ ਖਰਚਣ ਤੋਂ ਇਲਾਵਾ ਇਸ ਵਿੱਚ ਲੋੜੀਂਦੇ ਮੈਡੀਕਲ ਸਾਜ਼ੋ-ਸਾਮਾਨ ਲਈ 50 ਕਰੋੜ ਰੁਪਏ ਰੱਖੇ ਗਏ ਹਨ।

ਇੱਥੇ ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦੇ ਸਤਿਕਾਰ ਵਿੱਚ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨ ਅਤੇ ਨਵੇਂ ਸਰਕਾਰੀ ਮੈਡੀਕਲ ਦੀ ਸਥਾਪਨਾ ਕਰਨ ਦਾ ਮਸਲਾ ਭਾਰਤ ਸਰਕਾਰ ਕੋਲ ਉਠਾਇਆ ਸੀ।

ਦੋਆਬਾ ਖੇਤਰ ਵਿੱਚ ਬਣਨ ਵਾਲੇ ਆਪਣੀ ਕਿਸਮ ਦੇ ਪਹਿਲੇ ਸਰਕਾਰੀ ਮੈਡੀਕਲ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ ਅਤੇ ਇਹ ਸਿਹਤ ਸੰਸਥਾ ਖੇਤਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਮੈਡੀਕਲ ਸਿੱਖਿਆ ਤੇ ਖੋਜ ਨੂੰ ਉਤਸ਼ਾਹਿਤ ਕਰੇਗੀ।

ਦੱਸਣਯੋਗ ਹੈ ਕਿ ਸੂਬੇ ਵਿੱਚ ਅੰਮਿ੍ਰਤਸਰ, ਫਰੀਦਕੋਟ ਅਤੇ ਪਟਿਆਲਾ ਵਿੱਚ ਪਹਿਲਾਂ ਹੀ ਤਿੰਨ ਸਰਕਾਰੀ ਮੈਡੀਕਲ ਕਾਲਜ ਚੱਲ ਰਹੇ ਹਨ। ਇਕ ਹੋਰ ਸਰਕਾਰੀ ਮੈਡੀਕਲ ਕਾਲਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਾਪਤ ਕੀਤਾ ਜਾ ਰਿਹਾ ਹੈ ਜਦਕਿ ਪੰਜਵੇਂ ਮੈਡੀਕਲ ਕਾਲਜ ਦੀ ਸਥਾਪਨਾ ਕਪੂਰਥਲਾ ਵਿਖੇ ਕਰਨ ਦੀ ਪ੍ਰਵਾਨਗੀ ਮਿਲ ਗਈ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION