31.7 C
Delhi
Saturday, April 20, 2024
spot_img
spot_img

ਕੇਂਦਰ ਸਰਕਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ:ਪਰਨੀਤ ਕੌਰ

ਨਾਭਾ, 16 ਨਵੰਬਰ, 2019 –
ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਅਤੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ।

ਉਹ ਲੋਕ ਸਭਾ ਚੋਣਾਂ ‘ਚ ਇਤਿਹਾਸਕ ਜਿੱਤ ਦਿਵਾਉਣ ਵਾਲੇ ਵੋਟਰਾਂ ਦਾ ਧੰਨਵਾਦ ਕਰਨ ਲਈ ਨਾਭਾ ਵਿਖੇ ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵੱਲੋਂ ਕਰਵਾਏ ਗਏ ਇੱਕ ਵਿਸ਼ਾਲ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਕਰ ਰਹੇ ਸਨ।

ਸ੍ਰੀਮਤੀ ਪਰਨੀਤ ਕੌਰ ਨੇ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਲਾਂਘਾ ਸੰਗਤ ਦੀ ਅਰਦਾਸ, ਵਾਹਿਗੁਰੂ ਦੀ ਮੇਹਰ, ਭਾਰਤ-ਪਾਕਿ ਸਰਕਾਰਾਂ ਦੀ ਪਹਿਲਕਦਮੀ ਅਤੇ ਪੰਜਾਬ ਸਰਕਾਰ ਦੇ ਵਿਸ਼ੇਸ਼ ਯਤਨਾਂ ਸਦਕਾ ਖੁੱਲ੍ਹਿਆ ਹੈ, ਇਸ ਲਈ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦਿਆਂ ਪਾਸਪੋਰਟ ਦੀ ਸ਼ਰਤ ਨਰਮ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਪਿੰਡਾਂ ‘ਚ ਵਸਦੀ ਵੱਡੀ ਗਿਣਤੀ ਸੰਗਤ, ਜਿਨ੍ਹਾਂ ਕੋਲ ਪਾਸਪੋਰਟ ਨਹੀਂ ਹੈ, ਉਹ ਵੀ ਇਸ ਲਾਂਘੇ ਰਾਹੀਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਦੇ ਚਰਨ ਛੋਹ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਪਾਸਪੋਰਟ ਤੋਂ ਬਿਨ੍ਹਾਂ ਕੋਈ ਵੀ ਹੋਰ ਅਧਿਕਾਰਤ ਪਛਾਣ ਪੱਤਰ ਇਸ ਉਦੇਸ਼ ਲਈ ਵਰਤਿਆ ਜਾ ਸਕਦਾ ਹੈ।

ਪਾਕਿਸਤਾਨ ਸਰਕਾਰ ਵੱਲੋਂ ਰੱਖੀ ਗਈ 20 ਡਾਲਰ ਫੀਸ ਬਾਰੇ ਸਵਾਲ ਦੇ ਜਵਾਬ ‘ਚ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਹੈ ਕਿ ਉਹ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਹੋਣ ਨਾਤੇ ਗਰੀਬ ਤੇ ਲੋੜਵੰਦ ਸਿੱਖ ਸੰਗਤ ਦੀ ਫੀਸ ਅਦਾ ਕਰਨ ਲਈ ਅੱਗੇ ਆਵੇ। ਸ੍ਰੀਮਤੀ ਪਰਨੀਤ ਕੌਰ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 300 ਕਰੋੜ ਰੁਪਏ ਦੀ ਲਾਗਤ ਨਾਲ ਵਿਆਪਕ ਇੰਤਜਾਮ ਕੀਤੇ।

ਲੋਕ ਸਭਾ ਮੈਂਬਰ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਪਵਣ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹੱਤੁ ਨੂੰ ਮੰਨਦਿਆਂ ਵਾਤਾਵਰਣ ਸੰਭਾਲ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨਾਂ ਸਾੜਨ ਵਾਲੇ ਕਿਸਾਨਾਂ ਦੀ ਮਦਦ ਕਰਨ ਲਈ ਮੋਦੀ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਸੀ, ਜਿਸ ਨੇ ਪੰਜਾਬ ਸਰਕਾਰ ਦਾ ਜੀ.ਐਸ.ਟੀ. ਦਾ ਬਣਦਾ ਹਿੱਸਾ ਵੀ ਅਜੇ ਤੱਕ ਨਹੀਂ ਦਿੱਤਾ ਪਰੰਤੂ ਮਾੜੀ ਆਰਥਿਕ ਹਾਲਤ ਦੇ ਬਾਵਜੂਦ ਕੈਪਟਨ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਇੱਕ ਸ਼ਲਾਘਾਯੋਗ ਫੈਸਲਾ ਕੀਤਾ ਹੈ ਅਤੇ ਇਸ ਲਈ 30 ਨਵੰਬਰ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।

ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਯਤਨਾਂ ਸਦਕਾ ਨਾਭਾ ਹਲਕੇ ‘ਚ 50 ਕਰੋੜ ਰੁਪਏ ਤੋਂ ਵਧੇਰੇ ਦੇ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਦੱਸਿਆ ਕਿ 17 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਟ੍ਰੀਟਮੈਂਟ ਪਲਾਂਟ ਸਮੇਤ ਕਰੀਬ 40 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜ ਜਲਦ ਕਰਵਾਏ ਜਾਣਗੇ। ਇਸ ਦੌਰਾਨ ਸ੍ਰੀ ਧਰਮਸੋਤ ਅਤੇ ਸਮੂਹ ਨਾਭਾ ਹਲਕੇ ਦੇ ਵੋਟਰਾਂ ਵੱਲੋਂ ਸ੍ਰੀਮਤੀ ਪਰਨੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ, ਓ.ਐਸ.ਡੀ. ਸ. ਬਲਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਸ੍ਰੀ ਰਜਨੀਸ਼ ਮਿੱਤਲ ਸ਼ੈਂਟੀ, ਬਲਾਕ ਸੰਮਤੀ ਨਾਭਾ ਦੇ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸ. ਅਮਰਦੀਪ ਸਿੰਘ ਖੰਨਾ, ਦਿਹਾਤੀ ਕਾਂਗਰਸ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢੀਂਗੀ, ਸ. ਤੇਜਪਾਲ ਸਿੰਘ ਗੋਗੀ ਟਿਵਾਣਾ, ਸ੍ਰੀ ਪ੍ਰੇਮ ਗਾਗਟ, ਸ. ਇੰਦਰਜੀਤ ਸਿੰਘ ਚੀਕੂ, ਗੌਤਮ ਬਾਤਿਸ਼, ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਸ੍ਰੀ ਚੁੰਨੀ ਲਾਲ, ਸ. ਪਰਮਜੀਤ ਸਿੰਘ ਕੱਲਰਮਾਜਰੀ, ਸ੍ਰੀਮਤੀ ਜਸਵਿੰਦਰ ਕੌਰ, ਸ੍ਰੀ ਅਸ਼ੋਕ ਕੁਮਾਰ ਬਿੱਟੂ, ਸ. ਚਮਕੌਰ ਸਿੰਘ, ਸ. ਪ੍ਰਗਟ ਸਿੰਘ, ਸ. ਜਗਦੀਸ਼ ਮੱਗੋ, ਸ. ਜਤਿੰਦਰ ਸਿੰਘ ਜੱਪੀ, ਪੀ.ਏ. ਕਾਬਲ ਸਿੰਘ, ਚਰਨਜੀਤ ਬਾਤਿਸ਼, ਸਰਪੰਚ ਯੂਨੀਅਨ ਦੇ ਪ੍ਰਧਾਨ ਮੁਸਤਾਕ ਅਲੀ ਕਿੰਗ, ਹਲਕਾ ਨਿਵਾਸੀ, ਕੌਂਸਲਰ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਸਮੇਤ ਵੱਡੀ ਗਿਣਤੀ ਪੰਚ-ਸਰਪੰਚ ਅਤੇ ਹੋਰ ਪਤਵੰਤੇ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION