25.1 C
Delhi
Friday, March 29, 2024
spot_img
spot_img

ਕੈਪਟਨ ਅਮਰਿੰਦਰ ਨੇ ਦੂਜੇ ਸੂਬਿਆਂ ਰਾਹੀਂ ਪਾਕਿਸਤਾਨ ਤੋਂ ਹੁੰਦੀ ਨਸਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਦੁਹਰਾਈ

ਯੈੱਸ ਪੰਜਾਬ
ਚੰਡੀਗੜ੍ਹ, 26 ਜੂਨ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਨਾਲ ਨਿਪਟਣ ਲਈ ਕੌਮੀ ਡਰੱਗ ਨੀਤੀ ਲਿਆਉਣ ਲਈ ਆਪਣੀ ਮੰਗ ਨੂੰ ਦੁਹਰਾਉਂਦੇ ਹੋਏ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਾਸਤੇ ਐਸ.ਟੀ.ਐਫ., ਪੁਲੀਸ ਅਤੇ ਖੁਫੀਆ ਵਿੰਗ ਦਰਮਿਆਨ ਹੋਰ ਤਾਲਮੇਲ ਕਰਨ ਦੀ ਲੋੜ ਉਤੇ ਜੋਰ ਦਿੱਤਾ।

ਇਸ ਅਲਾਮਤ ਖਿਲਾਫ ਲੜਾਈ ਵਿਚ ਸਾਰੀਆਂ ਧਿਰਾਂ ਦੇ ਸਹਿਯੋਗ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਆਲਮੀ ਸਮੱਸਿਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਕਿ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ ਵਰਗੇ ਗੁਆਂਢੀ ਸੂਬੇ ਨਸ਼ਿਆਂ ਦੀ ਤਸਕਰੀ ਨਾਲ ਨਿਪਟਣ ਲਈ ਕਾਰਗਰ ਢੰਗ-ਤਰੀਕਾ ਲਾਗੂ ਕਰਨ ਵਾਸਤੇ ਰਜਾਮੰਦ ਹੋਏ ਸਨ ਪਰ ਇਸ ਪਾਸੇ ਵੱਲ ਮਹੱਤਵਪੂਰਨ ਅਮਲ ਨਹੀਂ ਹੋਇਆ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਪ੍ਰਤੀ ਕਿਸੇ ਕਿਸਮ ਦਾ ਲਿਹਾਜ਼ ਨਹੀਂ ਵਰਤੇਗੀ। ਉਨ੍ਹਾਂ ਨੇ ਇਸ ਸਮੱਸਿਆ ਦਾ ਕਾਰਨ ਸੂਬੇ ਵਿਚ ਨਾਰਕੋ-ਅੱਤਵਾਦ ਨੂੰ ਹੱਲਾਸ਼ੇਰੀ ਦੇਣ ਲਈ ਪਾਕਿਸਤਾਨ ਦੇ ਨਾਲ-ਨਾਲ ਤਸਕਰਾਂ, ਗੈਂਗਸਟਰਾਂ ਅਤੇ ਅੱਤਵਾਦੀਆਂ ਦਰਿਮਆਨ ਮਜਬੂਤ ਗੱਠਜੋੜ ਦੱਸਿਆ।

ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਹਾੜੇ ਮੌਕੇ ਲੋਕਾਂ ਨੂੰ ਮੁਖਾਤਿਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬਹੁਤੇ ਨਸ਼ੇ ਖਾਸ ਤੌਰ ਉਤੇ ਅਫਗਾਨਿਸਤਾਨ ਤੋਂ ਹੈਰੋਇਨ ਦੀ ਤਸਕਰੀ ਵਾਇਆ ਪਾਕਿਸਤਾਨ, ਗੁਆਂਢੀ ਸੂਬੇ ਹਰਿਆਣਾ, ਜੰਮੂ ਕਸ਼ਮੀਰ, ਰਾਜਸਥਾਨ, ਦਿੱਲੀ ਅਤੇ ਇੱਥੋਂ ਤੱਕ ਕਿ ਨੇਪਾਲ ਤੋਂ ਹੁੰਦੀ ਹੈ।

ਉਨ੍ਹਾਂ ਨੇ ਇਸ ਕਦਮ ਨੂੰ ਪੰਜਾਬ ਦੀ ਜਵਾਨੀ ਨੂੰ ਕਮਜੋਰ ਕਰਨ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਤੋਂ ਦੂਰ ਕਰਨ ਲਈ ਪਾਕਿਸਤਾਨ ਦੀ ਸਾਜਿਸ਼ ਦੱਸਿਆ। ਉਨ੍ਹਾਂ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਅਤੇ ਕਾਂਡਲਾ ਬੰਦਰਗਾਹ ਰਾਹੀਂ ਪੰਜਾਬ ਨੂੰ ਭੇਜੀ ਜਾਣ 700 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੇ ਜਾਣ ਦੀਆਂ ਘਟਨਾਵਾਂ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜੰਮੂ ਕਸ਼ਮੀਰ ਵਿਚ ਉੜੀ ਸੈਕਟਰ ਰਾਹੀਂ ਪਾਕਿਸਤਾਨ ਵੱਲੋਂ ਖਤਰਨਾਕ ਹਥਿਆਰ ਭੇਜੇ ਗਏ।

ਹਾਲ ਹੀ ਵਿੱਚ ਕੈਨੇਡਾ ਵਿੱਚ ਨਸ਼ਿਆਂ ਦੀ ਵੱਡੀ ਖੇਪ ਜ਼ਬਤ ਕਰਨ ਦੀ ਘਟਨਾ ਉਤੇ ਚਿੰਤਾ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਇਸ ਜੁਰਮ ਵਿਚ ਕੁਝ ਪੰਜਾਬੀ ਨੌਜਵਾਨਾਂ ਦੀ ਵੀ ਸ਼ਮੂਲੀਅਤ ਪਾਈ ਗਈ ਹੈ ਜਿਸ ਨਾਲ ਨਾ ਸਿਰਫ ਪੰਜਾਬ ਦੀ ਬਦਨਾਮੀ ਹੋਈ ਹੈ ਸਗੋਂ ਦੁਨੀਆ ਭਰ ਵਿਚ ਅਮਨ-ਅਮਾਨ ਨਾਲ ਰਹਿ ਰਹੇ ਪੰਜਾਬੀਆਂ ਦੇ ਅਕਸ ਨੂੰ ਵੀ ਸੱਟ ਵੱਜੀ ਹੈ।

ਨਸ਼ਿਆਂ ਵਿਰੁੱਧ ਲੜਾਈ ਵਿਚ ਹੁਣ ਤੱਕ ਚੁੱਕੇ ਕਦਮਾਂ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ‘ਏ’ ਕੈਟਾਗਰੀ ਦੇ ਦੋ ਗੈਂਗਸਟਰਾਂ ਨੂੰ ਸਫਲਤਾਪੂਰਵਕ ਡਿਪੋਰਟ ਕਰਵਾਇਆ ਹੈ ਜਿਨ੍ਹਾਂ ਵਿਚ ਸਾਲ 2019 ਵਿਚ ਅਰਮੀਨੀਆ ਤੋਂ ਸੁਖਪ੍ਰੀਤ ਬੁੱਢਾ ਅਤੇ ਸਾਲ 2021 ਵਿਚ ਯੂ.ਏ.ਈ. ਤੋਂ ਸੁੱਖ ਭਿਖਾਰੀਵਾਲਾ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਗੌਰਵ ਪਟਿਆਲ ਨੂੰ ਅਰਮੀਨੀਆ ਤੋਂ ਡਿਪੋਰਟ ਕੀਤਾ ਜਾਣਾ ਪ੍ਰਕਿਰਿਆ ਅਧੀਨ ਹੈ ਜਦਕਿ ਰਮਨਜੀਤ ਰੋਮੀ ਜੋ ਗੈਂਗਸਟਰਾਂ ਦੇ ਇਕ ਹੈਂਡਲਰ ਹੈ, ਨੂੰ ਹਾਂਗਕਾਂਗ ਤੋਂ ਵਾਪਸ ਲਿਆਂਦਾ ਜਾ ਰਿਹਾ ਹੈ। ਇਸੇ ਤਰ੍ਹਾਂ ਗੈਂਗਸਟਰ ਹੈਰੀ ਚੱਠਾ ਨੂੰ ਪੁਰਤਗਾਲ ਤੋਂ ਅਤੇ ਗਗਨ ਹਠੂਰ ਨੂੰ ਆਸਟ੍ਰੇਲੀਆ ਤੋਂ ਵਾਪਸ ਲਿਆਂਦਾ ਜਾ ਰਿਹਾ ਹੈ।

ਨਸ਼ਾਖੋਰੀ ਦੇ ਮਾੜੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ 2 ਅਕਤੂਬਰ, 2018 ਨੂੰ ਸ਼ੁਰੂ ਕੀਤੇ ਬੱਡੀ ਪ੍ਰੋਗਰਾਮ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਤੱਕ ਇਸ ਪ੍ਰੋਗਰਾਮ ਨੂੰ 16,000 ਵਿਦਿਅਕ ਸੰਸਥਾਵਾਂ (ਸਰਕਾਰੀ ਅਤੇ ਪ੍ਰਾਈਵੇਟ) ਵਿਚ ਲਾਗੂ ਕੀਤਾ ਜਾ ਚੁੱਕਾ ਹੈ ਅਤੇ 37 ਲੱਖ ਵਿਦਿਆਰਥੀਆਂ ਅਤੇ 1.30 ਸੀਨੀਅਰ ਬੱਡੀਜ਼ ਉਤੇ ਅਧਾਰਿਤ 7.5 ਲੱਖ ਬੱਡੀ ਗਰੁੱਪ ਕਾਇਮ ਕੀਤੇ ਗਏ।

ਇਸ ਮੌਕੇ ਮੁੱਖ ਮੰਤਰੀ ਨੇ ਅਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਦੀ ਅਗਵਾਈ ਵਿਚ ਵਿਸ਼ੇਸ਼ ਟੀਮ ਵੱਲੋਂ ਅੰਮ੍ਰਿਤਸਰ ਵਿਖੇ ਜ਼ਬਤ ਕੀਤੇ ਨਸ਼ਿਆਂ/ਨਸ਼ੀਲੀਆਂ ਦਵਾਈਆਂ ਨੂੰ ਲਾਈਵ ਨਸ਼ਟ ਕਰਨ ਦੀ ਡਿਜੀਟਲ ਤੌਰ ਉਤੇ ਸ਼ੁਰੂਆਤ ਕੀਤੀ। ਇਸ ਖੇਪ ਵਿਚ ਕੌਮਾਂਤਰੀ ਮੰਡੀ ਵਿਚ 1318 ਕਰੋੜ ਰੁਪਏ ਦੀ ਕੀਮਤ ਵਾਲੀ 659 ਕਿਲੋ ਹੈਰੋਇਨ, 3000 ਕਿਲੋ ਭੁੱਕੀ, 5.8 ਕਰੋੜ ਗੋਲੀਆਂ/ਕੈਪਸੂਲ, 166 ਕਿਲੋ ਗਾਂਜਾ, 5 ਕਿਲੋ ਚਰਸ ਅਤੇ ਵੱਡੀ ਮਾਤਰਾ ਵਿਚ ਭੰਗ, ਸਮੈਕ, ਸਿਰਪ (ਪੀਣ ਵਾਲੀ ਦਵਾਈ) ਅਤੇ ਟੀਕੇ ਸ਼ਾਮਲ ਹਨ।

ਉਨ੍ਹਾਂ ਨੇ ਸਕੂਲ ਅਤੇ ਉਚੇਰੀ ਸਿੱਖਿਆ ਵਿਭਾਗਾਂ ਵੱਲੋਂ ਹਫ਼ਤਾ ਭਰ ਚੱਲਣ ਵਾਲੀ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ।

ਇਸ ਤੋਂ ਪਹਿਲਾਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾਖੋਰੀ ਨੂੰ ਨੱਥ ਪਾਉਣ ਲਈ ਕਾਫ਼ੀ ਹੱਦ ਤੱਕ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਨਸ਼ਾ ਛੱਡਣ ਦਾ ਇਲਾਜ ਲੈ ਰਹੇ ਵਿਅਕਤੀਆਂ ਨੂੰ ਹਰ ਸਾਲ 70 ਕਰੋੜ ਰੁਪਏ ਦੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਸਨ।

ਨਸ਼ਾ ਪੀੜਤਾਂ ਨੂੰ ਇਲਾਜ ਲਈ ਮੁਫ਼ਤ ਦਵਾਈਆਂ ਪ੍ਰਦਾਨ ਕਰਨ ਵਾਸਤੇ ਸੂਬਾ ਸਰਕਾਰ ਵੱਲੋਂ 70 ਕਰੋੜ ਰੁਪਏ ਖ਼ਰਚ ਕਰਨ ਨਾਲ ਨਸ਼ਾ ਛੱਡਣ ਲਈ ਇਲਾਜ ਲੈਣ ਵਾਲੇ ਵਿਅਕਤੀਆਂ ਦੀ ਗਿਣਤੀ 2,67,000 ਤੋਂ ਵਧ ਕੇ 6,72,000 ਹੋ ਗਈ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਵਾਸਤੇ ਸਕੂਲ ਦੇ ਪਾਠਕ੍ਰਮ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਦਾ ਵਿਸ਼ਾ ਸ਼ਾਮਲ ਕਰਨ।

ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਫਗਾਨਿਸਤਾਨ ਤੋਂ ਪਿੱਛੇ ਹਟਣ ਦੇ ਅਮਰੀਕਾ ਦੇ ਫੈਸਲੇ ਦੇ ਮੱਦੇਨਜ਼ਰ ਪੁਲਿਸ ਫੋਰਸ ਨੂੰ ਵਧੇਰੇ ਚੌਕਸ ਰਹਿਣ ਲਈ ਨਿਰਦੇਸ਼ ਦੇਣ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਲਗਭਗ 550 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਸਾਂਝੀ ਹੋਣ ਕਰਕੇ ਇਹ ਹੈਰੋਇਨ, ਖਾਸ ਤੌਰ `ਤੇ ਅਫ਼ਗਾਨਿਸਤਾਨ ਵਿੱਚ ਪੈਦਾ ਕੀਤੀ ਗਈ, ਦੀ ਦੇਸ਼ ਭਰ ਦੇ ਹੋਰਨਾਂ ਰਾਜਾਂ ਨੂੰ ਤਸਕਰੀ ਲਈ ਆਵਾਜਾਈ ਦਾ ਮੁੱਖ ਰਸਤਾ ਬਣ ਗਿਆ ਹੈ। ਪਾਕਿਸਤਾਨ ਨੇ ਨਦੀਆਂ, ਸਰਹੱਦੀ ਵਾੜ, ਸਮੁੰਦਰੀ ਰਸਤੇ ਸਮੇਤ ਵੱਖ-ਵੱਖ ਢੰਗਾਂ ਦੀ ਵਰਤੋਂ ਕਰਦਿਆਂ ਪੰਜਾਬ ਵਿਚ ਹੈਰੋਇਨ ਦੀ ਤਸਕਰੀ ਲਈ ਸਰਹੱਦਾਂ `ਤੇ ਇਕ ਵਿਸ਼ਾਲ ਤਸਕਰੀ ਬੁਨਿਆਦੀ ਢਾਂਚਾ ਸਥਾਪਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ 420 ਤੋਂ ਵੱਧ ਵੱਡੇ ਤਸਕਰਾਂ (2 ਕਿੱਲੋ ਤੋਂ ਵੱਧ ਹੈਰੋਇਨ ਦੀ ਬਰਾਮਦਗੀ ਦੇ ਅਧਾਰ `ਤੇ) ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸਿਰਸਾ ਤੋਂ ਅਤਿ ਲੋੜੀਂਦੇ ਨਸ਼ਾ ਤਸਕਰ ਰਣਜੀਤ ਚੀਤਾ ਨੂੰ ਵੀ ਕਾਬੂ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਜਨਵਰੀ, 2020 ਵਿਚ ਅੰਮ੍ਰਿਤਸਰ ਦੇ ਸੁਲਤਾਨਵਿੰਡ ਖੇਤਰ ਵਿਚ ਇਕ ਨਾਰਕੋ ਯੂਨਿਟ ਦਾ ਪਰਦਾਫਾਸ਼ ਕੀਤਾ ਸੀ ਜਿਸ ਵਿਚ ਇਕ ਅਫਗਾਨੀ ਵਿਅਕਤੀ ਨੂੰ ਗ੍ਰਿਫਤਾਰੀ ਕਰਨ ਦੇ ਨਾਲ 190 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਏ ਗਏ ਕੁਝ ਪੁਲਿਸ ਮੁਲਾਜ਼ਮਾਂ, ਫੌਜ ਅਤੇ ਬੀ.ਐਸ.ਐਫ. ਦੇ ਜਵਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੁਲਿਸ ਨੇ ਐਨ.ਡੀ.ਪੀ.ਐਸ. ਤਹਿਤ 233 ਕਰੋੜ ਰੁਪਏ ਦੀ ਗੈਰਕਾਨੂੰਨੀ ਜਾਇਦਾਦ ਜ਼ਬਤ ਕੀਤੀ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਵੱਖ-ਵੱਖ ਫਾਰਮਾ ਡਰੱਗ ਇਕਾਈਆਂ ਦਾ ਵੀ ਪਰਦਾਫਾਸ਼ ਕੀਤਾ ਸੀ ਅਤੇ ਇਨ੍ਹਾਂ ਕਾਰਵਾਈਆਂ ਵਿੱਚ ਟਰਾਮਾਡੋਲ, ਐਲਪ੍ਰੈਕਸ ਅਤੇ ਬੇਨਾਡਰਿਲ ਆਦਿ ਸਮੇਤ ਭਾਰੀ ਮਾਤਰਾ ਵਿੱਚ ਫਾਰਮਾ ਡਰੱਗਸ ਵੀ ਜ਼ਬਤ ਕੀਤੀਆਂ ਗਈਆਂ ਸਨ।

ਪੁਲਿਸ ਵਿਭਾਗ ਵੱਲੋਂ ਦਿੱਲੀ ਦੇ ਬਾਹਰਵਾਰ ਨਰੇਲਾ ਵਿੱਚ ਇੱਕ ਫਾਰਮਾ ਫੈਕਟਰੀ ਦਾ ਪਰਦਾਫਾਸ਼ ਵੀ ਕੀਤਾ ਗਿਆ ਸੀ ਜੋ ਪੰਜਾਬ ਸਮੇਤ 17 ਰਾਜਾਂ ਵਿੱਚ ਫਾਰਮਾ ਡਰੱਗਜ਼ ਸਪਲਾਈ ਸਪਲਾਈ ਕਰਨ ਵਿੱਚ ਸ਼ਾਮਲ ਪਾਈ ਗਈ ਸੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਡਰੱਗ ਫੈਕਟਰੀ ਦਾ ਵੀ ਪਰਦਾਫਾਸ਼ ਕੀਤਾ ਗਿਆ ਹੈ।

ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਅਗਰਵਾਲ ਨੇ ਖੁਲਾਸਾ ਕੀਤਾ ਕਿ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਦੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਦਰ 50 ਫੀਸਦੀ ਤੋਂ ਵਧ ਕੇ 80 ਫੀਸਦੀ ਹੋ ਗਈ ਹੈ।

ਇਸ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੇ ਨੋਡਲ ਅਧਿਕਾਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੇ ਮਿਸ਼ਨ ਰੈੱਡ ਸਕਾਈ ਦੀ ਸ਼ੁਰੂਆਤ ਕੀਤੀ ਸੀ ਅਤੇ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਉਨ੍ਹਾਂ ਤੱਕ ਪਹੁੰਚ ਕੀਤੀ।

ਇਸ ਸਮਾਗਮ ਵਿਚ ਹਿੱਸਾ ਲੈਂਦਿਆਂ ਜਲੰਧਰ ਤੋਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਵਜੀਤ ਕੌਰ, ਨਸ਼ਿਆਂ ਦੀ ਸਮੱਸਿਆ `ਚੋਂ ਨਿਕਲੇ ਸੰਗਰੂਰ ਦੇ ਹਰਵਿੰਦਰ ਸਿੰਘ, ਤਰਨਤਾਰਨ ਜ਼ਿਲ੍ਹੇ ਦੀ ਡੈਪੋ ਹੈੱਡਮਿਸਟ੍ਰੈੱਸ ਜੀ.ਐਚ.ਐਸ. ਪੰਜਰ ਜੀਤ ਕੌਰ, ਨਸ਼ਾ ਵਿਰੋਧੀ ਨਿਗਰਾਨ ਕਮੇਟੀ ਦੀ ਮੈਂਬਰ ਲੁਧਿਆਣਾ ਤੋਂ ਡਾ. ਸੁਖਪਾਲ ਕੌਰ ਅਤੇ ਸਰਕਾਰੀ ਕਾਲਜ ਮੁਹਾਲੀ ਤੋਂ ਬੀ.ਐਸਸੀ ਨਾਨ-ਮੈਡੀਕਲ ਦੀ ਵਿਦਿਆਰਥਣ ਕਿਰਨਪ੍ਰੀਤ ਕੌਰ ਨੇ ਆਪਣੀ ਜਾਣਕਾਰੀ ਅਤੇ ਤਜਰਬੇ ਸਾਂਝੇ ਕੀਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION