41.1 C
Delhi
Wednesday, May 29, 2024
spot_img
spot_img
spot_img

ਕੈਪਟਨ ਅਮਰਿੰਦਰ ਵੱਲੋਂ 9.5 ਲੱਖ ਕਿਸਾਨ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਹੇਠ ਲਿਆਉਣ ਲਈ ਹਰੀ ਝੰਡੀ

ਚੰਡੀਗੜ੍ਹ, 16 ਜੁਲਾਈ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਦਕਿ ਬੀਤੇ ਸਾਲ ਪੰਜ ਲੱਖ ਕਿਸਾਨਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਸੀ।

ਸੂਬਾ ਸਰਕਾਰ ਵੱਲੋਂ ਇਹ ਸਕੀਮ 20 ਅਗਸਤ, 2019 ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ‘ਤੇ ਸ਼ੁਰੂ ਕੀਤੀ ਗਈ ਸੀ ਅਤੇ ਸਾਲ 2019-20 ਦੌਰਾਨ 45 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦੇ ਘੇਰੇ ਹੇਠ ਲਿਆਂਦਾ ਗਿਆ ਜੋ ਖਾਸ ਕਰਕੇ ਕੋਵਿਡ ਦੇ ਸੰਕਟ ਦੌਰਾਨ ਪੰਜਾਬ ਦੇ ਲੋਕਾਂ ਲਈ ਬਹੁਤ ਸਹਾਈ ਸਿੱਧ ਹੋਈ। ਸੂਬਾ ਸਰਕਾਰ ਨੇ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸੂਚੀਬੱਧ ਕੀਤੇ ਹਸਪਤਾਲਾਂ ਵਿੱਚ ਕੋਵਿਡ-19 ਦੇ ਇਲਾਜ ਲਈ ਦਰਾਂ ਵੀ ਤੈਅ ਕੀਤੀਆਂ ਗਈਆਂ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਦੇ ਪਹਿਲੇ ਸਾਲ ਦੌਰਾਨ ਪੰਜ ਲੱਖ ਕਿਸਾਨ ਇਸ ਯੋਜਨਾ ਦੇ ਘੇਰੇ ਹੇਠ ਆਏ ਸਨ ਜਿਨ੍ਹਾਂ ਨੂੰ ਮੰਡੀ ਬੋਰਡ ਵੱਲੋਂ ਸਾਲ 2015 ਵਿੱਚ ਜਾਰੀ ਕੀਤੇ ‘ਜੇ’ ਫਾਰਮਾਂ ਦੇ ਆਧਾਰ ‘ਤੇ ਯੋਗ ਪਾਇਆ ਗਿਆ ਸੀ। ਸਾਲ 2020-21 ਦੌਰਾਨ 8.70 ਲੱਖ ‘ਜੇ’ ਫਾਰਮ ਹੋਲਡਰ ਕਿਸਾਨਾਂ ਅਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ।

ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨ੍ਹਾਂ ਦੀ ਖੇਤੀਬਾੜੀ ਉਪਜ ਵੇਚਣ ਲਈ ‘ਜੇ’ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਨੂੰ ਸਕੀਮ ਵਿੱਚ ਸ਼ਾਮਲ ਕਰਨ ਨਾਲ ਸਾਰੇ 9.50 ਲੱਖ ਕਿਸਾਨ ਤੇ ਉਨ੍ਹਾਂ ਦੇ ਪਰਿਵਾਰ 20 ਅਗਸਤ, 2020 ਤੋਂ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ।

ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨ੍ਹਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ। ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਯੋਗ ਕਿਸਾਨਾਂ ਨੂੰ 24 ਜੁਲਾਈ ਤੱਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਏ ਕੋਲ ਜਮ੍ਹਾਂ ਕਰਵਾਉਣੇ ਹੋਣਗੇ।

ਮੁੱਖ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੂੰ ਬਿਨਾਂ ਕਿਸੇ ਦਿੱਕਤ ਦੇ ਇਸ ਸਹੂਲਤ ਦਾ ਲਾਭ ਲੈਣ ਨੂੰ ਯਕੀਨੀ ਬਣਾਉਣ ਵਿੱਚ ਕਿਸਾਨਾਂ ਦੀ ਸਹਾਇਤਾ ਕਰਨ ਲਈ ਮਾਰਕੀਟ ਕਮੇਟੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਲਈ ਆਖਿਆ ਹੈ।

ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ ਨੇ ਦੱਸਿਆ ਕਿ ਮੰਡੀ ਬੋਰਡ ਨੇ ਯੋਗ ਕਿਸਾਨਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਹੈ ਤਾਂ ਕਿ ਹਰੇਕ ਕਿਸਾਨ ਨੂੰ ਇਸ ਦਾ ਲਾਭ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।

ਮੰਡੀ ਬੋਰਡ ਵੱਲੋਂ ਕਿਸਾਨਾਂ ਪਾਸੋਂ ਅਰਜ਼ੀਆਂ ਪ੍ਰਾਪਤ ਹੋਣ ਤੋਂ ਬਾਅਦ ਵਿਸ਼ੇਸ਼ ਤੌਰ ‘ਤੇ ਬਣਾਏ ਪੋਰਟਲ ‘ਤੇ ਅਪਲੋਡ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਯੋਗ ਕਿਸਾਨਾਂ ਨੂੰ ‘ਸਿਹਤ ਬੀਮਾ ਕਾਰਡ’ ਜਾਰੀ ਹੋ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਨਗਦੀ ਰਹਿਤ ਸਕੀਮ ਨਾਲ ਸਾਰੀਆਂ ਬਿਮਾਰੀਆਂ ਜਿਨ੍ਹਾਂ ਨੂੰ 24 ਘੰਟੇ ਤੋਂ ਵੱਧ ਸਮੇਂ ਲਈ ਹਸਪਤਾਲ ਵਿੱਚ ਦਾਖਲ ਹੋਣ ਦੀ ਲੋੜ ਹੁੰਦੀ ਹੈ ਜਾਂ ਦਿਨ ਦੀ ਦੇਖਭਾਲ ਦੇ ਇਲਾਜ ਬਾਰੇ ਸਕੀਮ ਹੇਠ ਸੂਚੀਬੱਧ ਹਨ, ਦਾ ਇਲਾਜ ਹੋਵੇਗਾ।

ਸ੍ਰੀ ਤਿਵਾੜੀ ਨੇ ਅੱਗੇ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ ਕਿਸਾਨ ਪਰਿਵਾਰ ਵਿੱਚ ਘਰ ਦੇ ਮੁਖੀ ਤੋਂ ਇਲਾਵਾ ਪਤੀ/ਪਤਨੀ, ਮਾਤਾ/ਪਿਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਅਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਗ ਬੱਚੇ ਲਾਭ ਦੇ ਹੱਕਦਾਰ ਮੰਨੇ ਜਾਣਗੇ। ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION