ਯੈੱਸ ਪੰਜਾਬ
ਜਲੰਧਰ, 11 ਅਗਸਤ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਚ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਿਰ ਢਾਹੇ ਜਾਣ ਦੀ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਸੰਬੰਧੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਹੀ ਮੰਗ ਨਹੀਂ ਕੀਤੀ ਸਗੋਂ ਇਸ ਬਾਰੇ ਕੇਂਦਰੀ ਮੰਤਰੀ ਸ੍ਰੀ ਹਰਦੀਪ ਪੁਰੀ ਨਾਲ ਵੀ ਗੱਲਬਾਤ ਕੀਤੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਇਸ ਮਸਲੇ ਦੇ ਹੱਲ ਲਈ ਪੰਜਾਬ ਦੇ ਕੈਬਨਿਟ ਮੰਤਰੀਆਂ ਸ:ਚਰਨਜੀਤ ਸਿੰਘ ਚੰਨੀ, ਸ੍ਰੀਮਤੀ ਅਰੁਨਾ ਚੌਧਰੀ, ਜਲੰਧਰ ਦੇ ਐਮ.ਪੀ. ਸ੍ਰੀ ਸੰਤੋਖ਼ ਸਿੰਘ ਚੌਧਰੀ, ਵਿਧਾਇਕ ਸ੍ਰੀ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ੍ਰੀ ਰਾਜ ਕੁਮਾਰ ਚੱਬੇਵਾਲ ’ਤੇ ਆਧਾਰਿਤ ਇਕ ਕਮੇਟੀ ਦਾ ਗਠਨ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਸ੍ਰੀ ਸੁਸ਼ੀਲ ਰਿੰਕੂ ਨੇ ਕਿਹਾ ਕਿ ਅੱਜ ਹੀ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਇਸ ਸੰਬੰਧੀ ਟੈਲੀਫ਼ੋਨ ’ਤੇ ਗੱਲਬਾਤ ਹੋਈ ਹੈ ਜਿਨ੍ਹਾਂ ਨੇ ਉਨ੍ਹਾਂ ਤੋਂ ਸਾਰੇ ਹਾਲਾਤ ਦੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਸਣੇ ਸਾਰੇ ਕਮੇਟੀ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਸਾਰੇ ਸੰਬੰਧਤ ਧਾਰਮਿਕ ਸਥਾਨਾਂ ’ਤੇ ਜਾ ਕੇ ਸੰਤਾਂ ਨੂੰ ਮਿਲਣ ਅਤੇ ਉਨ੍ਹਾਂ ਨੂੰ ਇਹ ਦੱਸਣ ਕਿ ਪੰਜਾਬ ਦੀ ਸਰਕਾਰ ਕੇਵਲ ਪ੍ਰਧਾਨ ਮੰਤਰੀ ਦਾ ਦਖ਼ਲ ਮੰਗਣ ਤਕ ਹੀ ਸੀਮਤ ਨਹੀਂ ਰਹੇਗੀ ਸਗੋਂ ਪੰਜਾਬ ਸਰਕਾਰ ਇਸ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿਚ ਪਾਏ ਜਾਣ ਵਾਲੀ ‘ਰੀਵੀਊ ਪਟੀਸ਼ਨ’ ਲਈ ਵੀ ਭਾਈਚਾਰੇ ਦੇ ਨਾਲ ਖੜ੍ਹੀ ਹੋਵੇਗੀ ਅਤੇ ਹਰ ਸੰਭਵ ਮਦਦ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਹ ਭਰੋਸਾ ਵੀ ਦਿੱਤਾ ਹੈ ਕਿ ਮੰਦਿਰ ਦੇ ਮੁੜ ਨਿਰਮਾਣ ਲਈ ਆਉਣ ਵਾਲੇ ਖ਼ਰਚ ਵਿਚ ਵੀ ਪੰਜਾਬ ਸਰਕਾਰ ਵੱਡਾ ਯੋਗਦਾਨ ਪਾਏਗੀ। ਸ੍ਰੀ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਉਹ ਇਸ ਮਾਮਲੇ ਦੇ ਸਨਮਾਨਯੋਗ ਹੱਲ ਲਈ ਵਚਨਬੱਧ ਹਨ।
ਸ੍ਰੀ ਰਿੰਕੂ ਨੇ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਤੀਬੱਧਤਾ ਨੂੰ ਵੇਖ਼ਦੇ ਹੋਏ ਰਾਜ ਦੇ ਅੰਦਰ ਮਾਹੌਲ ਸੁਖ਼ਾਵਾਂ ਬਨਾਉਣ ਲਈ ਸਹਿਯੋਗ ਦੇਣ ਅਤੇ ਸੜਕਾਂ, ਚੌਂਕਾਂ ਵਿਚ ਟਰੈਫ਼ਿਕ ਜਾਮ ਨਾ ਕੀਤਾ ਜਾਵੇ।