28.1 C
Delhi
Saturday, May 11, 2024
spot_img
spot_img

ਕੈਪਟਨ ਦੀ ਮੋਦੀ ਨੂੰ ਅਪੀਲ: 400ਵੇਂ ਪ੍ਰਕਾਸ਼ ਪੁਰਬ ਸੰਬੰਧੀ 937 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਜਾਵੇ

ਯੈੱਸ ਪੰਜਾਬ
ਚੰਡੀਗੜ੍ਹ, 8 ਅਪਰੈਲ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ 937 ਕਰੋੜ ਰੁਪਏ ਦੀਆਂ ਵੱਖੋ-ਵੱਖਰੇ ਪ੍ਰਾਜੈਕਟਾਂ ਸਬੰਧੀ ਤਜਵੀਜ਼ਾਂ ਨੂੰ ਮਨਜ਼ੂਰੀ ਦਿੱਤੀ ਜਾਵੇ ਜਿਨ੍ਹਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨਾ ਵੀ ਸ਼ਾਮਲ ਹੈ ਤਾਂ ਜੋ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਅਕੀਦਤ ਭੇਟ ਕੀਤੀ ਜਾ ਸਕੇ ਜਿਨ੍ਹਾਂ ਦਾ 400 ਸਾਲਾ ਪ੍ਰਕਾਸ਼ ਪੁਰਬ ਇਸ ਵਰ੍ਹੇ ਮਨਾਇਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਦੇ ਜਸ਼ਨਾਂ ਸਬੰਧੀ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਸੱਦੀ ਗਈ ਉੱਚ ਪੱਧਰੀ ਕੌਮੀ ਕਮੇਟੀ ਦੀ ਮੀਟਿੰਗ ਵਿੱਚ ਵਰਚੁਅਲ ਤੌਰ ‘ਤੇ ਸ਼ਿਰਕਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, ”ਅਸੀਂ ਸਾਰੇ ਵਡਭਾਗੇ ਹਾਂ ਕਿ ਸਾਨੂੰ ਆਪਣੀ ਜ਼ਿੰਦਗੀ ਵਿੱਚ ਇਹ ਇਤਿਹਾਸਕ ਜਸ਼ਨ ਮਨਾਉਣ ਦਾ ਮੌਕਾ ਮਿਲ ਰਿਹਾ ਹੈ ਅਤੇ ਮੈਂ ਮੋਦੀ ਜੀ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ ਕਿ ਇਨ੍ਹਾਂ ਇਤਿਹਾਸਕ ਜਸ਼ਨਾਂ ਨੂੰ ਨਾ ਸਿਰਫ ਕੌਮੀ ਸਗੋਂ ਆਲਮੀ ਪੱਧਰ ‘ਤੇ ਵੀ ਮਨਾਇਆ ਜਾਵੇ।”

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਨ੍ਹਾਂ ਨੂੰ ਹਿੰਦ ਦੀ ਚਾਦਰ ਵੀ ਕਿਹਾ ਜਾਂਦਾ ਹੈ, ਸਾਡੇ ਦੇਸ਼ ਦੀ ਧਰਮ ਨਿਰਪੱਖ ਪ੍ਰੰਪਰਾ ਦੇ ਚਾਨਣ ਮੁਨਾਰੇ ਹਨ ਅਤੇ ਉਨ੍ਹਾਂ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ- ‘ਸੀਸ ਦੀਆ ਪਰ ਸਿਰਰ ਨਾ ਦੀਆ’- ਸਾਡੇ ਦੇਸ਼ ਦੇ ਇਤਿਹਾਸ ਦਾ ਇਕ ਮਹੱਤਵਪੂਰਨ ਹਿੱਸਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਖੁਦ ਨੂੰ ‘ਸੁਭਾਗਾ’ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਦੇ ਮੌਜੂਦਾ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ, ”ਮੇਰੇ ਪਿਛਲੇ ਕਾਰਜਕਾਲ ਦੌਰਾਨ ਵੀ ਮੈਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 400ਵੀਂ ਵਰ੍ਹੇਗੰਢ ਦੇ ਜਸ਼ਨਾਂ ਦਾ ਹਿੱਸਾ ਬਨਣ ਦਾ ਸੁਭਾਗ ਪ੍ਰਾਪਤ ਹੋਇਆ।”

ਪ੍ਰਧਾਨ ਮੰਤਰੀ ਨੂੰ ਇਸ ਸਬੰਧੀ ਕੇਂਦਰ ਸਰਕਾਰ ਨੂੰ ਭੇਜੇ ਗਏ ਯਾਦ ਪੱਤਰ ਬਾਰੇ ਜਾਣਕਾਰੀ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਵਿੱਚ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੇ ਕਸਬਿਆਂ ਅਤੇ ਪਿੰਡਾਂ ਦੇ ਢਾਂਚੇ ਵਿੱਚ ਸੁਧਾਰ ਕਰਨ ਦੀ ਯੋਜਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਵੀ ਇਸ ਸਬੰਧ ਵਿੱਚ ਕਾਫੀ ਮਹੱਤਵ ਰੱਖਦੇ ਹਨ ਅਤੇ ਇਸ ਤੋਂ ਛੁੱਟ ਸੂਬੇ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 78 ਪਿੰਡ ਹਨ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੁਆਰਾ ਭੇਜੀਆਂ ਗਈਆਂ ਤਜਵੀਜ਼ਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ, ਅੰਮ੍ਰਿਤਸਰ ਅਤੇ ਬਾਬਾ ਬਕਾਲਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪ੍ਰਾਜੈਕਟਾਂ ਤੋਂ ਇਲਾਵਾ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਸੂਬੇ ਦੇ 78 ਪਿੰਡਾਂ ਵਿੱਚ ਛੱਪੜਾਂ ਅਤੇ ਪ੍ਰੰਪਰਾਗਤ ਜਲ ਸਰੋਤਾਂ ਦੀ ਹਾਲਤ ਵਿੱਚ ਸੁਧਾਰ ਕਰਨਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਆਫ ਟੈਕਸਟਾਈਲ ਤਕਨਾਲੋਜੀ ਅਤੇ ਬਾਬਾ ਬਕਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਹੈਂਡੀਕਰਾਫਟ ਸਥਾਪਤ ਕਰਨਾ ਸ਼ਾਮਿਲ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਇਸ ਮੌਕੇ ਵਿਸ਼ੇਸ਼ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸੁਨੇਹੇ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਦੇਸ਼ ਤੋਂ ਇਲਾਵਾ ਵਿਦੇਸ਼ਾਂ ਦੇ ਸਾਰੇ ਭਾਰਤੀ ਮਿਸ਼ਨਾਂ ਵਿਖੇ ਯਾਦਗਾਰੀ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ 1 ਮਈ ਦੇ ਮੁੱਖ ਸਮਾਗਮ ਨੂੰ ਦੇਸ਼ ਅਤੇ ਖਾਸ ਕਰਕੇ ਪੰਜਾਬ ਵਿਚਲੀ ਕੋਵਿਡ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਭਰ ਵਿੱਚ ਇਸ ਇਤਿਹਾਸਕ ਮੌਕੇ ਕਰਵਾਏ ਜਾਣ ਵਾਲੇ ਜਸ਼ਨਾਂ ਲਈ ਵਿਸਥਾਰਤ ਯੋਜਨਾਬੰਦੀ ਕਰਨ ਲਈ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ,”ਮੈਂ, ਇਨ੍ਹਾਂ ਸਮਾਗਮਾਂ ਨੂੰ ਤੁਹਾਡੇ ਵੱਲੋਂ ਇੰਨੀ ਜ਼ਿਆਦਾ ਤਵੱਜੋ ਦਿੱਤੇ ਜਾਣ ਲਈ ਤੁਹਾਡਾ ਧੰਨਵਾਦ ਕਰਦਾ ਹਾਂ ਕਿਉਂਜੋ ਆਮ ਤੌਰ ‘ਤੇ ਅਜਿਹੇ ਜਸ਼ਨਾਂ ਦਾ ਆਯੋਜਨ ਕਰਨ ਦੀ ਜ਼ਿੰਮੇਵਾਰੀ ਸੂਬੇ ਜਾਂ ਭਾਈਚਾਰਿਆਂ ‘ਤੇ ਹੀ ਛੱਡ ਦਿੱਤੀ ਜਾਂਦੀ ਹੈ।” ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਆਪਣੇ ਸੂਬੇ ਵਿੱਚ ਵੀ ਯਾਦਗਾਰੀ ਜਸ਼ਨ ਮਨਾਏ ਜਾਣ ਦੇ ਦਿੱਤੇ ਭਰੋਸੇ ਦੀ ਸ਼ਲਾਘਾ ਕੀਤੀ।

ਇਸ ਵਰਚੁਅਲ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਵੀ ਹਿੱਸਾ ਲਿਆ।

ਇਹ ਜ਼ਿਕਰਯੋਗ ਹੈ ਕਿ ਇਸ ਉੱਚ ਪੱਧਰੀ ਕੌਮੀ ਕਮੇਟੀ ਦਾ ਗਠਨ ਬੀਤੇ ਵਰ੍ਹੇ 24 ਅਕਤੂਬਰ ਨੂੰ ਕੇਂਦਰ ਸਰਕਾਰ ਦੁਆਰਾ ਕੀਤਾ ਗਿਆ ਸੀ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਯਾਦਗਾਰੀ ਜਸ਼ਨ ਮਨਾਉਣ ਲਈ ਨੀਤੀਆਂ, ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਮਨਜ਼ੂਰੀ ਦਿੱਤੀ ਜਾ ਸਕੇ। ਇਸ ਕਮੇਟੀ ਵਿੱਚ 70 ਮੈਂਬਰ ਹਨ ਅਤੇ ਇਸ ਦੇ ਚੇਅਰਮੈਨ ਪ੍ਰਧਾਨ ਮੰਤਰੀ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION