29.1 C
Delhi
Saturday, April 27, 2024
spot_img
spot_img

ਕੈਪਟਨ ਦੇ ਅਹਿਮ ਐਲਾਨ: ਵੀਕੈਂਡ ਲਾਕਡਾਊਨ, ਕਰਫ਼ਿਊ ਦਾ ਸਮਾਂ ਵਧਾਇਆ – ਪੜ੍ਹੋ ਮੁਕੰਮਲ ਵੇਰਵਾ

ਚੰਡੀਗੜ੍ਹ, 20 ਅਗਸਤ, 2020:
ਸੂਬੇ ਵਿੱਚ ਵੱਡੇ ਪੱਧਰ ‘ਤੇ ਵਧ ਰਹੇ ਕੋਵਿਡ ਦੇ ਕੇਸਾਂ ਨਾਲ ਨਜਿੱਠਣ ਲਈ ਜੰਗ ਵਰਗੀ ਤਿਆਰੀ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਤਰ੍ਹਾਂ ਦੇ ਹੰਗਾਮੀ ਕਦਮਾਂ ਦਾ ਐਲਾਨ ਕੀਤਾ।

ਇਨ੍ਹਾਂ ਕਦਮਾਂ ਵਿੱਚ ਕੱਲ੍ਹ ਤੋਂ ਹੀ ਹਫਤੇ ਦੇ ਅੰਤਲੇ ਦਿਨਾਂ (ਵੀਕਐਂਡ) ਲਈ ਲੌਕਡਾਊਨ ਅਤੇ ਸੂਬੇ ਦੇ ਸਾਰੇ 167 ਸ਼ਹਿਰਾਂ/ਕਸਬਿਆਂ ਵਿੱਚ ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦੇ ਕਰਫਿਊ ਦਾ ਐਲਾਨ ਸ਼ਾਮਲ ਹੈ।

ਮੁੱਖ ਮੰਤਰੀ ਨੇ 31 ਤੱਕ ਅਗਸਤ ਤੱਕ ਸਿਰਫ ਵਿਆਹ ਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਨੂੰ ਛੱਡ ਕੇ ਸੂਬੇ ਭਰ ਵਿੱਚ ਹਰ ਤਰ੍ਹਾਂ ਦੇ ਇਕੱਠਾਂ ਉਤੇ ਪਾਬੰਦੀ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਰੋਜ਼ਾਨਾ ਕੋਵਿਡ ਦੇ ਵਧਦੇ ਕੇਸਾਂ ਅਤੇ ਮੌਤਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਸੂਬੇ ਵਿੱਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਲਈ ਉਚ ਅਧਿਕਾਰੀਆਂ ਨਾਲ ਕੀਤੀ ਵੀਡਿਓ ਕਾਨਫਰੰਸ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫਤਰ 50 ਫੀਸਦੀ ਸਟਾਫ ਨਾਲ ਖੁੱਲ੍ਹਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹੁਕਮ ਕੀਤੇ ਕਿ ਉਹ ਸਰਕਾਰੀ ਦਫਤਰਾਂ ਵਿੱਚ ਜਨਤਕ ਮਹਿਮਾਨਾਂ ਨੂੰ ਸੀਮਤ ਕਰਨ ਅਤੇ ਆਨਲਾਈਨ ਸ਼ਿਕਾਇਤ ਨਿਵਾਰਨ ਸਿਸਟਮ ਨੂੰ ਲਾਗੂ ਕਰਨ ਜਿਸ ਨੂੰ ਸੂਬਾ ਸਰਕਾਰ ਨੇ ਬਿਨਾਂ ਕਿਸੇ ਰੁਕਾਵਟ ਦੇ ਆਨਲਾਈਨ ਕੰਮਕਾਰ ਨੂੰ ਹੁਲਾਰਾ ਦੇਣ ਲਈ ਮਜ਼ਬੂਤ ਕੀਤਾ ਹੈ।

ਕੋਵਿਡ ਕੇਸਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਪੰਜ ਜ਼ਿਲਿ੍ਹਆਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਐਸ.ਏ.ਐਸ.ਨਗਰ ਵਿੱਚ ਮੁੜ ਵਾਹਨਾਂ ਦੀ ਸਮਰੱਥਾ ਦੀਆਂ ਬੰਦਿਸ਼ਾਂ ਨੂੰ ਲਾਗੂ ਕੀਤਾ ਹੈ। ਬੱਸਾਂ ਤੇ ਹੋਰ ਜਨਤਕ ਆਵਾਜਾਈ ਦੇ ਸਾਧਨਾਂ ਨੂੰ 50 ਫੀਸਦੀ ਸਮਰੱਥਾ ਅਤੇ ਨਿੱਜੀ ਚਾਰ ਪਹੀਆ ਵਾਹਨ ਨੂੰ ਪ੍ਰਤੀ ਵਾਹਨ ਤਿੰਨ ਸਵਾਰੀਆਂ ਤੱਕ ਚਲਾਉਣ ਦੀ ਆਗਿਆ ਹੋਵੇਗੀ।

ਕਿਸੇ ਵੀ ਨਿੱਜੀ ਵਾਹਨ ਵਿੱਚ ਤਿੰਨ ਤੋਂ ਵੱਧ ਸਵਾਰੀਆਂ ਨਹੀਂ ਬੈਠਣੀਆਂ ਚਾਹੀਦੀਆਂ। ਮੁੱਖ ਮੰਤਰੀ ਨੇ ਇਨ੍ਹਾਂ ਪੰਜ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਭੀੜ ‘ਤੇ ਕੰਟਰੋਲ ਕਰਨ ਲਈ ਰੋਜ਼ਾਨਾ ਗੈਰ ਜ਼ਰੂਰੀ ਵਸਤਾਂ ਵਾਲੀਆਂ ਸਿਰਫ 50 ਫੀਸਦੀ ਦੁਕਾਨਾਂ ਹੀ ਖੋਲ੍ਹੀਆ ਜਾਣ। ਸੂਬੇ ਭਰ ਦੇ ਕੁੱਲ ਐਕਟਿਵ ਕੇਸਾਂ ਦੀ 80 ਫੀਸਦੀ ਗਿਣਤੀ ਸਿਰਫ ਇਨ੍ਹਾਂ ਪੰਜ ਜ਼ਿਲਿ੍ਹਆਂ ਵਿੱਚ ਹੈ।

ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਵਿਆਹ ਸਮਾਗਮਾਂ ਅਤੇ ਅੰਤਿਮ ਸਸਕਾਰ ਦੇ ਸਮੇਂ ਇਜਾਜ਼ਤ ਦਿੱਤੇ ਗਏ ਵਿਅਕਤੀਆਂ ਦੀ ਗਿਣਤੀ ਅਤੇ 31 ਅਗਸਤ ਤੱਕ ਸਿਆਸੀ ਇਕੱਠਾਂ ‘ਤੇ ਮੁਕੰਮਲ ਪਾਬੰਦੀ ਸਬੰਧੀ ਬਣਾਏ ਗਏ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਸਥਿਤੀ ਦੀ ਸਮੀਖਿਆ 31 ਅਗਸਤ ਨੂੰ ਕੀਤੀ ਜਾਵੇਗੀ। ਉਨ੍ਹਾਂ ਡੀ.ਜੀ.ਪੀ. ਨੂੰ ਸਭ ਪ੍ਰਕਾਰ ਦੇ ਸਿਆਸੀ ਧਰਨਿਆਂ ਅਤੇ ਇਕੱਠਾਂ ‘ਤੇ ਸਖਤੀ ਨਾਲ ਕਾਰਵਾਈ ਕਰਨ ਲਈ ਨਿਰਦੇਸ਼ ਦਿੰਦੇ ਹੋਏ ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਪਾਬੰਦੀਆਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਹੁਣ ਬਹੁਤ ਹੋ ਚੁੱਕਿਆ ਹੈ ਅਤੇ ਤੁਹਾਨੂੰ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਸਖਤ ਕਦਮ ਚੁੱਕਣੇ ਚਾਹੀਦੇ ਹਨ।” ਸੂਬੇ ਵਿੱਚ ਹੁਣ ਤੱਕ ਕੋਵਿਡ ਨਾਲ ਹੋਈਆਂ 920 ਮੌਤਾਂ ਵੱਲ ਇਸ਼ਾਰਾ ਕਰਦੇ ਹੋਏ ਉਨ੍ਹਾਂ ਕਿਹਾ, ”ਹਰੇਕ ਮੌਤ ਨਾਲ ਮੈਨੂੰ ਦੁੱਖ ਹੁੰਦਾ ਹੈ ਅਤੇ ਆਉਣ ਵਾਲੇ ਹਫਤਿਆਂ ਵਿੱਚ ਸਥਿਤੀ ਦੇ ਵਿਗੜਨ ਦੀਆਂ ਸੰਭਾਵਨਾਂ ਹਨ।”

ਕੋਵਿਡ ਦੇ ਫੈਲਾਅ ਨੂੰ ਠੱਲ੍ਹ ਪਾਉਣ ਲਈ ਚੁੱਕੇ ਜਾ ਰਹੇ ਕਦਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਲੋਕਾਂ ਦੀ ਭਾਗੀਦਾਰੀ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹੋਰ ਸਾਰੇ ਵਿਭਾਗਾਂ, ਐਨ.ਜੀ.ਓਜ਼ ਅਤੇ ਸਥਾਨਕ ਆਗੂਆਂ ਦੀ ਮਦਦ ਨਾਲ ਲੋਕ ਸਾਂਝੇਦਾਰੀ ਯਕੀਨੀ ਬਣਾਉਣ ਲਈ ਕਿਹਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਇਸ ਸਮੇਂ ਸਿਹਤ ਸਬੰਧੀ ਹੰਗਾਮੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਜਿਨ੍ਹਾਂ ਵਿੱਚ ਆਉਂਦੇ ਦਿਨਾਂ ਦੌਰਾਨ ਕੋਵਿਡ ਨੂੰ ਨੱਥ ਪਾਉਣ ਲਈ ਹੋਰ ਵੀ ਤੇਜ਼ੀ ਲਿਆਂਦੀ ਜਾ ਸਕਦੀ ਹੈ। ਹਾਲਾਂਕਿ ਮੌਜੂਦਾ ਸਮੇਂ ਸ਼ਹਿਰੀ ਖੇਤਰਾਂ ਵਿੱਚ ਹੀ ਮਾਮਲੇ ਵੇਖਣ ਨੂੰ ਆ ਰਹੇ ਹਨ ਪਰ ਪੇਂਡੂ ਖੇਤਰਾਂ ਵਿੱਚ ਵੀ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ ਅਤੇ ਲੋੜ ਪੈਣ ‘ਤੇ ਸਫਰ ਕਰਨ ਸਬੰਧੀ ਪਾਬੰਦੀਆਂ ਵੀ ਲਗਾਈਆਂ ਜਾ ਸਕਦੀਆਂ ਹਨ।Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION