ਯੈੱਸ ਪੰਜਾਬ
ਚੰਡੀਗੜ੍ਹ, 13 ਅਪ੍ਰੈਲ, 2020:
ਕੋਰੋਨਾਵਾਇਰਸ ਵਿਰੁੱਧ ਪੰਜਾਬ ਦੀ ਜੰਗ ਦੀ ਰਣਨੀਤੀ ਬਣਾਉਣ ਲਈ ਵਿਰੋਧੀ ਧਿਰਾਂ ਵੱਲੋਂ ਕੀਤੀ ਜਾ ਰਹੀ ਸਰਬ ਪਾਰਟੀ ਮੀਟਿੰਗ ਦੀ ਮੰਗ ਨੂੰ ਅੰਤ ਸਵੀਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਬੁਲਾ ਲਈ ਹੈ।
ਇਹ ਮੀਟਿੰਗ ਮੰਗਲਵਾਰ 14 ਅਪ੍ਰੈਲ ਨੂੰ ਬਾਅਦ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।
ਮੀਟਿੰਗ ਲਈ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ, ਭਾਜਪਾ ਪੰਜਾਬ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ‘ਆਪ’ ਪੰਜਾਬ ਦੇ ਪ੍ਰਧਾਨ ਸ੍ਰੀ ਭਗਵੰਤ ਮਾਨ, ਅਕਾਲੀ ਦਲ 1920 ਦੇ ਪ੍ਰਧਾਨ ਸ: ਰਵੀਇੰਦਰ ਸਿੰਘ, ਰਾਜ ਸਭਾ ਮੈਂਬਰ ਸ: ਸੁਖ਼ਦੇਵ ਸਿੰਘ ਢੀਂਡਸਾ, ਬਸਪਾ ਪੰਜਾਬ ਦੇ ਪ੍ਰਧਾਨ ਸ੍ਰੀ ਜਸਬੀਰ ਸਿੰਘ ਗੜ੍ਹੀ, ਸੀ.ਪੀ.ਆਈ. ਦੇ ਸੂਬਾ ਸਕੱਤਰ ਸ: ਬੰਤ ਸਿੰਘ ਬਰਾੜ, ਸੀ.ਪੀ.ਆਈ.ਐਮ.ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖ਼ੋਂ ਨੂੰ ਸੱਦਾ ਦਿੱਤਾ ਗਿਆ ਹੈ।
ਦਿਲਚਸਪ ਗੱਲ ਇਹ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਚੁਣੇ ਹੋਏ ਨੁਮਾਇੰਦੇ ਹੋਣ ਦੇ ਬਾਵਜੂਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ: ਸਿਮਰਜੀਤ ਸਿੰਘ ਬੈਂਸ, ਐਮ.ਐਲ.ਏ. ਨੂੂੰ ਸੱਦਾ ਨਹੀਂ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੋਈ ਇਕ ਸਰਬ ਪਾਰਟੀ ਮੀਟਿੰਗ ਲਈ ਵੀ ਉਹਨਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ