34 C
Delhi
Tuesday, April 23, 2024
spot_img
spot_img

ਕੈਪਟਨ ਨੇ ਸੁਲਤਾਨਪੁਰ ਲੋਧੀ ਵਿਖ਼ੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ ਕਰਵਾਈ, ਕਿਹਾ ਸਿਆਸੀ ਰੰਗਤ ਨਾ ਦਿੱਤੀ ਜਾਵੇ

ਸੁਲਤਾਨਪੁਰ ਲੋਧੀ, 5 ਨਵੰਬਰ, 2019:
ਅੱਜ ਇਸ ਇਤਿਹਾਸਕ ਕਸਬੇ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾ ਭਰ ਚੱਲਣ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਅਜਿਹੇ ਪਵਿੱਤਰ ਦਿਹਾੜੇ ਨੂੰ ਸਿਆਸੀ ਰੰਗਤ ਨਾ ਦਿੱਤੀ ਜਾਵੇ ਅਤੇ ਇਸ ਮੌਕੇ ਨੂੰ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਵਿਸ਼ਵ ਵਿਆਪੀ ਸਦਭਾਵਨਾ ਦੇ ਮਾਰਗ ਦੀ ਭਾਵਨਾ ਵਿੱਚ ਮਨਾਇਆ ਜਾਵੇ।

ਇੱਥੇ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਪੰਜਾਬ ਸਰਕਾਰ, ਸਿੱਖ ਧਾਰਮਿਕ ਸੰਸਥਾਵਾਂ ਅਤੇ ਸੰਤ ਸਮਾਜ ਵੱਲੋਂ ਸਾਂਝੇ ਤੌਰ ‘ਤੇ ਪ੍ਰਕਾਸ਼ ਕਰਵਾਏ ਸਹਿਜ ਪਾਠ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲਿਆਉਣ ਦੀ ਸੇਵਾ ਨਿਭਾ ਕੇ ਸਮਾਗਮਾਂ ਦਾ ਆਰੰਭ ਕੀਤਾ।

ਇਸ ਮੌਕੇ ‘ਤੇ ਉਨ੍ਹਾਂ ਨੇ ਲੋਕਾਂ ਨੂੰ ਮੁਲਕ ਸਾਹਮਣੇ ਦਰਪੇਸ਼ ਧਾਰਮਿਕ ਅਸਹਿਣਸ਼ੀਲਤਾ ਦੀਆਂ ਵਧ ਰਹੀਆਂ ਚੁਣੌਤੀਆਂ ਨਾਲ ਨਿਪਟਣ ਲਈ ਗੁਰੂ ਸਾਹਿਬ ਵੱਲੋਂ ਸਹਿਣਸ਼ੀਲਤਾ ਅਤੇ ਸਦਭਾਵਨਾ ਦੇ ਦਿੱਤੇ ਸੰਦੇਸ਼ ਨੂੰ ਅਪਣਾਉਣ ਦਾ ਸੱਦਾ ਦਿੱਤਾ।

ਇਸ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਇਕ ਨਿਮਾਣੇ ਸਿੱਖ ਵਜੋਂ ਫਰਜ਼ ਨਿਭਾਉਣ ਦੇ ਮਿਲੇ ਸੁਭਾਗ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸੂਬਾ ਭਰ ਤੋਂ ਇੱਥੇ ਇਕੱਤਰ ਹੋਈ ਸਿੱਖ ਸੰਗਤ ਨੂੰ ਦੱਸਿਆ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਜਿਨ੍ਹਾਂ ਦੇ ਜੀਵਨ ਵਿੱਚ ਇਹ ਮਹਾਨ ਮੌਕਾ ਆਇਆ ਹੈ।

ਮੁੱਖ ਮੰਤਰੀ ਨੇ 12 ਨਵੰਬਰ ਨੂੰ ਕਰਵਾਏ ਜਾ ਰਹੇ ਮੁੱਖ ਸਮਾਗਮ ਵਿੱਚ ਸਮੁੱਚੀ ਸੰਗਤ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਆਗਾਜ਼ ਕਰਨਗੇ ਤਾਂ ਸਾਡਾ ਦਹਾਕਿਆਂ ਦਾ ਸੁਪਨਾ ਸਾਕਾਰ ਹੋਵੇਗਾ।

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਨਵੇਂ ਪ੍ਰਸ਼ਾਸਕੀ ਕੰਪਲੈਕਸ ਅਤੇ ਸੁਲਤਾਨਪੁਰ ਲੋਧੀ ਦੇ ਵਿਰਾਸਤੀ ਸ਼ਹਿਰ ਦੇ ਦੁਆਲੇ 150 ਕਰੋੜ ਰੁਪਏ ਦੀ ਲਾਗਤ ਨਾਲ ਰਿੰਗ ਰੋਡ ਬਣਾਉਣ ਦਾ ਐਲਾਨ ਕੀਤਾ ਜਿਸ ਨਾਲ ਬਾਕੀ ਸ਼ਹਿਰਾਂ ਨਾਲ ਸੰਪਰਕ ਹੋਰ ਵਧਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕਿਲ੍ਹਾ ਸਰਾਏ ਜਿਸ ਨੂੰ ਹੁਣ ਤਹਿਸੀਲ ਪ੍ਰਸ਼ਾਸਕੀ ਦਫ਼ਤਰ ਵਜੋਂ ਡਬਲ ਕੀਤਾ ਜਾ ਰਿਹਾ ਹੈ, ਨੂੰ ਸੂਬਾ ਸਰਕਾਰ ਵੱਲੋਂ ਵਿਰਾਸਤੀ ਇਮਾਰਤ ਦੇ ਤੌਰ ‘ਤੇ ਸੰਭਾਲਿਆ ਜਾਵੇਗਾ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ‘ਤੇ ਸੁਰਜੀਤ ਪਾਤਰ ਵਰਗੇ ਉੱਘੇ ਪੰਜਾਬੀ ਲੇਖਕਾਂ ਵੱਲੋਂ ਲਿਖੀਆਂ ਅਤੇ ਸੰਪਾਦਨ ਕੀਤੀਆਂ ਚਾਰ ਕਿਤਾਬਾਂ ਵੀ ਜਾਰੀ ਕੀਤੀਆਂ। ਇਹ ਕਿਤਾਬਾਂ ‘ਗੁਰੂ ਨਾਨਕ ਬਲੈਜ਼ਡ ਟ੍ਰੇਲ’, ‘ਗੁਰੂ ਨਾਨਕ ਬਾਣੀ’, ਸੋਇਨੇ ਕਾ ਬਿਰਖ ਅਤੇ ‘ਗੁਰੂ ਨਾਨਕ ਦੇਵ ਜੀ ਲਾਈਫ ਐਂਡ ਰੇਲਿਕਸ’, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਨਿਸ਼ਾਨੀਆਂ, ਦੁਰਲੱਭ ਹੱਥ ਲਿਖਤਾਂ ਅਤੇ ਵਿਲੱਖਣ ਪੁਸਤਕਾਂ ‘ਤੇ ਆਧਾਰਤ ਦੋ ਨੁਮਾਇਸ਼ਾਂ ਦਾ ਵੀ ਉਦਘਾਟਨ ਕੀਤਾ। ਇਨ੍ਹਾਂ ਵਿੱਚੋਂ ਇਕ ਨੁਮਾਇਸ਼ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਲਾਈ ਗਈ ਜਿੱਥੇ ਪਹਿਲੇ ਸਿੱਖ ਗੁਰੂ ਸਾਹਿਬ ਜੀ ਦੇ ਜੀਵਨ ਨੂੰ ਦਰਸਾਉਂਦੇ 53 ਪੈਨਲ ਸਨ ਜਦਕਿ ਦੂਜੀ ਨੁਮਾਇਸ਼ ਪੰਜਾਬ ਲਘੂ ਉਦਯੋਗ ਬਰਾਮਦ ਨਿਗਮ ਵੱਲੋਂ ਲਾਈ ਗਈ।

ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨਿਭਾਏ ਜਾਣ ਵਾਲੇ ਆਪਣੇ ਫਰਜ਼ਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਇਸੇ ਦਿਸ਼ਾ ਵਿੱਚ ਹੀ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਬਹੁਤ ਸਾਰੇ ਕੰਮ ਕੀਤੇ ਗਏ ਤਾਂ ਕਿ ਇਨ੍ਹਾਂ ਕਸਬਿਆਂ ਨੂੰ ਅਧੂਨਿਕ ਵਿਰਾਸਤੀ ਨਗਰਾਂ ਵਜੋਂ ਵਿਕਸਿਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਦੱਸਿਆ ਕਿ 235 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਤੇ ਚੌੜਾ ਕਰਨ ਤੋਂ ਇਲਾਵਾ ਨਵੇਂ ਪੁਲਾਂ ਦਾ ਨਿਰਮਾਣ ਕੀਤਾ ਅਤੇ ਹਸਪਤਾਲਾਂ ਦੀ ਹਾਲਤ ਸੁਧਾਰੀ। ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਜੀ ਦੇ ਚਰਨ ਛੋਹ ਪ੍ਰਾਪਤ 70 ਤੋਂ ਵੱਧ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕਰਨ ਲਈ 100 ਕਰੋੜ ਰੁਪਏ ਦਾ ਪ੍ਰੋਜੈਕਟ ਉਲੀਕਿਆ ਗਿਆ ਹੈ ਅਤੇ ਮੁਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਸੈਕਸ਼ਨ ਵਿੱਚ ਸੰਤ ਸੀਚੇਵਾਲ ਜੀ ਦੇ ਸਹਿਯੋਗ ਨਾਲ 11 ਕਰੋੜ ਰੁਪਏ ਦੀ ਲਾਗਤ ਨਾਲ ਪਵਿੱਤਰ ਵੇਈਂ ਦੇ ਸੱਜੇ ਕੰਢੇ ਨੂੰ ਸਾਫ਼ ਕਰਨ ਤੇ ਲਾਈਨਿੰਗ ਕੀਤੀ ਜਾ ਚੁੱਕੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ 50-50 ਫੀਸਦੀ ਦੇ ਅਨੁਪਾਤ ਨਾਲ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਨਗਰ ਵਜੋਂ ਵਿਕਸਿਤ ਕਰਨ ਲਈ ਕੇਂਦਰ ਸਰਕਾਰ ਪਾਸੋਂ ਆਪਣੇ ਪ੍ਰਸਤਾਵ ਨੂੰ ਮਨਜ਼ੂਰ ਕਰਵਾ ਲਿਆ ਹੈ। ਇਸੇ ਤਰ੍ਹਾਂ 175 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸੈਂਟਰ ਫਾਰ ਇੰਟਰਫੇਥ ਸਟੱਡੀਜ਼ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 300 ਕਰੋੜ ਰੁਪਏ ਦੀ ਲਾਗਤ ਨਾਲ ‘ਪਿੰਡ ਬਾਬੇ ਨਾਨਕ ਦਾ’ ਦੀ ਸਥਾਪਨਾ ਦਾ ਵੀ ਪ੍ਰਸਤਾਵ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ਵਾਇਆ ਬਿਆਸ ਤੇ ਰਈਆ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਨੂੰ ਚੌੜਾ ਕਰਨ ਲਈ 102 ਕਰੋੜ ਰੁਪਏ ਦੀ ਲਾਗਤ ਦਾ ਪ੍ਰੋਜੈਕਟ ਹੱਥਾਂ ਵਿੱਚ ਲਿਆ।

ਸੰਗਤ ਲਈ ਕੀਤੇ ਵਿਸ਼ਵ ਪੱਧਰੀ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੈਂਟ ਸਿਟੀ 277 ਏਕੜ ਵਿੱਚ ਫੈਲੀ ਹੋਈ ਹੈ ਜਿੱਥੇ 35 ਹਜ਼ਾਰ ਵਿਅਕਤੀਆਂ ਦੇ ਠਹਿਰਣ ਦੀ ਸਮਰੱਥਾ ਹੈ ਅਤੇ ਇਸ ਉੱਪਰ 53 ਕਰੋੜ ਰੁਪਏ ਖਰਚੇ ਗਏ ਹਨ। ਇਸ ਟੈਂਟ ਸਿਟੀ ਵਿੱਚ 2200 ਆਰਜ਼ੀ ਪਖਾਨੇ ਅਤੇ 10 ਪਾਣੀ ਵਾਲੀਆਂ ਮਸ਼ੀਨਾਂ ਤੋਂ ਇਲਾਵਾ 542 ਏਕੜ ਵਿੱਚ ਪਾਰਕਿੰਗ ਲਈ 18 ਥਾਵਾਂ ਬਣਾਈਆਂ ਗਈਆਂ ਹਨ ਤਾਂ ਕਿ ਸ਼ਰਧਾਲੂਆਂ ਲਈ ਸਹੂਲਤਾਂ ਦੀ ਕੋਈ ਕਮੀ ਨਾ ਰਹੇ।

ਮੁੱਖ ਮੰਤਰੀ ਨੇ ਦੱਸਿਆ ਕਿ ਦਿੱਲੀ ਤੋਂ ਸੁਲਤਾਨਪੁਰ ਲੋਧੀ ਤੱਕ ਪ੍ਰਕਾਸ਼ ਪੁਰਬ ਐਕਸਪ੍ਰੈਸ ਸਮੇਤ ਵਿਸ਼ੇਸ਼ ਰੇਲਾਂ ਚੱਲ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਬਸਾਂ ਅਤੇ ਮਿੰਨੀ ਬਸਾਂ ਦੇ ਨਾਲ-ਨਾਲ ਈ ਰਿਕਸ਼ਾ ਵੀ ਮੁਫ਼ਤ ਚਲਾਏ ਜਾ ਰਹੇ ਹਨ।

ਇਸ ਇਤਿਹਾਸਕ ਮੌਕੇ ‘ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਬੁੱਧਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਭਾਰਤ ਦੇ ਉੱਪ ਰਾਸ਼ਟਰਪਤੀ ਐਮ. ਵੈਂਕੱਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੰਬੋਧਨ ਕਰਨਗੇ।

ਇਸੇ ਤਰ੍ਹਾਂ 7 ਤੇ 8 ਨਵੰਬਰ ਨੂੰ ਚੰਡੀਗੜ੍ਹ ਵਿਖੇ ਅਮਨ-ਸ਼ਾਂਤੀ ਅਤੇ ਏਕਤਾ ‘ਤੇ ਵਿਦਵਾਨਾਂ ਦੀ ਕਾਨਫਰੰਸ ਕਰਵਾਈ ਜਾਵੇਗੀ। ਇਸ ਤੋਂ ਇਲਾਵਾ 9 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਏਕ ਨੂਰ ਅੰਤਰ ਧਰਮ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਧਾਰਮਿਕ ਗੁਰੂ ਦਲਾਈ ਲਾਮਾ ਸਮੇਤ ਬਹੁਤ ਸਾਰੀਆਂ ਉੱਘੀਆਂ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ।

ਇਸੇ ਤਰ੍ਹਾਂ 8 ਤੋਂ 11 ਨਵੰਬਰ ਤੱਕ ਹੋ ਰਹੇ ਡੇਰਾ ਬਾਬਾ ਨਾਨਕ ਉਤਸਵ ਵਿੱਚ ਦੁਨੀਆ ਭਰ ਤੋਂ ਸ਼ਰਧਾਲੂ ਪਹੁੰਚਣਗੇ ਜਦਕਿ 10 ਨਵੰਬਰ ਨੂੰ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਵਿਖੇ ਉੱਘੇ ਪੰਜਾਬੀਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ।

ਆਪਣੇ ਸਵਾਗਤੀ ਭਾਸ਼ਣ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਵੀਰ ਸਿੰਘ ਡਿੰਪਾ ਨੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਤੋਂ ਪਹਿਲਾਂ ਇਤਿਹਾਸਕ ਨਗਰ ਦੇ ਸਰਬ ਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਅੱਜ ਦੇ ਸਮਾਗਮ ਵਿੱਚ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸਾਥੀਆਂ ਤੋਂ ਇਲਾਵਾ ਸੰਤ ਸਮਾਜ ਅਤੇ ਧਾਰਮਿਕ ਜਥੇਬੰਦੀਆਂ ਦੇ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਬਲਬੀਰ ਸਿੰਘ ਸਿੱਧੂ, ਓ.ਪੀ. ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਰਜੀਆ ਸੁਲਤਾਨਾ, ਸੁੰਦਰ ਸ਼ਾਮ ਅਰੋੜਾ, ਭਾਰਤ ਭੂਸ਼ਣ ਆਸ਼ੂ ਅਤੇ ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਏ।

ਇਸ ਮੌਕੇ ਵੱਖ-ਵੱਖ ਸੰਸਦ ਮੈਂਬਰਾਂ ਤੇ ਵਿਧਾਇਕਾਂ ਤੋਂ ਇਲਾਵਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਵੀ ਹਾਜ਼ਰ ਸਨ।

ਸਮਾਗਮ ਵਿੱਚ ਸੰਤ ਸਮਾਜ ਤੇ ਹੋਰ ਧਾਰਮਿਕ ਜਥੇਬੰਦੀਆਂ ਦੀਆਂ ਵੀ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਈਆਂ ਜਿਨ੍ਹਾਂ ਵਿੱਚ ਸੰਤ ਬਾਬਾ ਸਰਬਜੋਤ ਸਿੰਘ ਬੇਦੀ, ਸੰਤ ਹਰੀ ਸਿੰਘ ਰੰਧਾਵਾ ਵਾਲੇ, ਸੰਤ ਬਲਬੀਰ ਸਿੰਘ ਸੀਚੇਵਾਲ, ਜਥੇਦਾਰ ਬਾਬਾ ਅਵਤਾਰ ਸਿੰਘ ਜੀ, ਸੰਤ ਬ੍ਰਹਮਗਿਆਨੀ ਪਰਮਜੀਤ ਸਿੰਘ ਹੰਸਾਲੀ ਵਾਲੇ, ਸੰਤ ਮਨਮੋਹਨ ਸਿੰਘ ਬਾਰਨ ਵਾਲੇ, ਸੰਤ ਬਾਬਾ ਘਾਲਾ ਸਿੰਘ ਜੀ ਨਾਨਕਸਰ, ਸੰਤ ਜਗਜੀਤ ਸਿੰਘ ਜੀ ਹਰਖੋਵਾਲ, ਬਾਬਾ ਮੱਖਣ ਸਿੰਘ ਸੱਤੋਵਾਲ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ, ਸੰਤ ਰਣਜੀਤ ਸਿੰਘ ਸੇਵਾ ਪੰਥੀ, ਸੰਤ ਕਸ਼ਮੀਰਾ ਸਿੰਘ ਗੜੇ ਵਾਲੇ, ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ ਸਮੇਤ ਹੋਰ ਸੰਤ ਮਹਾਂਪੁਰਸ਼ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION