ਸ਼ਾਹਕੋਟ(ਜਲੰਧਰ), 28 ਮਈ, 2020 –
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿੱਚ ਮਦਦਗਾਰ ਸਾਬਿਤ ਹੋਵੇਗਾ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਗਿੱਦੜਪਿੰਡ ਵਿਖੇ ਰੇਲਵੇ ਪੁਲ ਦੀ ਜਗ੍ਹਾ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਜਿਥੇ ਹਾਲ ਹੀ ਵਿੱਚ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਵਲੋਂ ਰੇਲਵੇ ਪੁਲ ਹੇਠੋਂ ਮਿੱਟੀ ਕੱਢਣ ਦਾ ਕੰਮ ਕਰਵਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ.ਵਲੋਂ ਦਰਿਆ ਸਤਲੁਜ ’ਤੇ ਬਣੇ ਰੇਲਵੇ ਪੁਲ ਦੇ 12 ਸਪੈਨਾਂ ਵਿਚੋਂਮਿੱਝੀ ਕੱਢਣ ਲਈ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਹੜ੍ਹ ਵਾਲੇ ਪਾਣੀ ਦੇ ਨਾਲ ਹੋਣ ਵਾਲੇ ਨੁਕਸਾਨ ਤੋਂ ਬੱਚਣ ਲਈ ਪੁਲ ਹੇਠੋਂ ਮਿੱਟੀ ਕੱਢਣਾ ਸਮੇਂ ਦੀ ਲੋੜ ਸੀ , ਇਸ ਲਈ ਉਹ ਇਸ ਮਸਲੇ ਨੂੰ ਸੂਬਾ ਸਰਕਾਰ ਕੋਲ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖਾਸ ਕਰਕੇ ਸੂਬਾ ਸਰਕਾਰ ਲੋਕਾਂ ਦੇ ਜਾਨ- ਮਾਲ ਦੀ ਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਬੰਦ ਹੈ ਅਤੇ ਇਸ ਸਬੰਧੀ ਕੀਤੇ ਜਾਣ ਵਾਲੇ ਹਰ ਉਪਰਾਲੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਪੁਲ ਹੇਠ ਮਿੱਟੀ ਕੱਢਣਾ ਸਮੇਂ ਦੀ ਲੋੜ ਹੈ ਤਾਂ ਕਿ ਜੇਕਰ ਜ਼ਿਆਦਾ ਪਾਣੀ ਛੱਡਿਆ ਜਾਂਦਾ ਹੈ ਤਾਂ ਉਹ ਇਸ ਪੁਲ ਹੇਠੋਂ ਬਿਨਾਂ ਕਿਸੇ ਰੁਕਾਵਟ ਦੇ ਲੰਘ ਸਕੇ। ਉਨ੍ਹਾਂ ਵਲੋਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਦੀ ਵੀ ਸ਼ਲਾਘਾ ਕੀਤੀ ਗਈ। ਦੋਵਾਂ ਅਧਿਕਾਰੀਆਂ ਵਲੋਂ ਬਲਾਕ ਸਾਹਕੋਟ ਵਿਖੇ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਪਿੰਡ ਜਾਨੀਆ ਚਾਹਲ ਦਾ ਵੀ ਦੌਰਾ ਕੀਤਾ ਗਿਆ ਜਿਥੇ ਪਿਛਲੇ ਸਾਲ ਬੰਧ ਬਣਾਇਆ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੜ੍ਹਾਂ ਨੂੰ ਰੋਕਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸੰਜੀਵ ਸ਼ਰਮਾ, ਡੀ.ਐਸ.ਪੀ. ਪਿਆਰਾ ਸਿੰਘ, ਕਾਰਜ ਕਾਰੀ ਇੰਜੀਨੀਅਰ ਅਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ