ਨਵੀਂ ਦਿੱਲੀ, 31 ਮਾਰਚ, 2020 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਦੇ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਫਸੇ ਹੋਏ 300 ਲੋਕਾਂ ਨੂੰ ਤੁਰੰਤ ਇਥੋਂ ਕੱਢਿਆ ਜਾਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਦੱਸਿਆ ਕਿ ਵੱਖ ਵੱਖ ਥਾਵਾਂ ਤੋਂ ਪੈਦਲ ਚਲ ਕੇ 300 ਦੇ ਕਰੀਬ ਵਿਅਕਤੀ ਇਥੇ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਚ ਪਹੁੰਚੇ ਹਨ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਇਹਨਾਂ ਨੂੰ ਖਾਣੇ ਸਮੇਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ ਇਹਨਾਂ ਵਿਚੋਂ ਕੁਝ ਨੂੰ ਖਾਂਸੀ ਅਤੇ ਬੁਖ਼ਾਰ ਹੈ ਤੇ ਇਹਨਾਂ ਨੂੰ ਤੁਰੰਤ ਇਥੋਂ ਕੱਢਣ ਤੇ ਇਹਨਾਂ ਦਾ ਚੈਕਅਪ ਕਰਵਾਏ ਜਾਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਅਜਿਹਾ ਨਾ ਹੋਵੇ ਕਿ ਸਮਾਂ ਰਹਿੰਦੇ ਕਾਰਵਾਈ ਨਾ ਹੋਣ ‘ਤੇ ਇਥੇ ਵੀ ਮਨੁੱਖੀ ਬੰਬ ਵਾਲਾ ਕੰਮ ਹੋਵੇ ਤੇ ਇਹ ਇਨਫੈਕਸ਼ਨ ਵੱਡੀ ਪੱਧਰ ‘ਤੇ ਫੈਲ ਜਾਵੇ।
ਸ੍ਰੀ ਸਿਰਸਾ ਨੇ ਕਿਹਾ ਕਿ ਉਹ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਕਈ ਵਾਰ ਟਵੀਟ ਕਰ ਚੁੱਕੇ ਹਨ ਪਰ ਪੰਜਾਬ ਸਰਕਾਰ ਇਹਨਾਂ ਮਾਮਲਿਆਂ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਤੇ ਨਾਜ਼ੁਕ ਮਾਮਲਾ ਹੈ ਜਿਸ ਵਿਚ ਤੁਰੰਤ ਹੀ ਕਾਰਵਾਈ ਕਰਨ ਦੀ ਜ਼ਰੂਰਤ ਹੈ। ਉਹਨਾਂ ਨੇ ਦੋਵਾਂ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਇਸ ਮਾਮਲੇ ਵਿਚ ਕਦਮ ਚੁੱਕਣ ਅਤੇ ਇਹਨਾਂ 300 ਲੋਕਾਂ ਨੂੰ ਇਥੋਂ ਕੱਢਣ ਦਾ ਉਪਰਾਲਾ ਕੀਤਾ ਜਾਵੇ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ