ਯੈੱਸ ਪੰਜਾਬ
ਨਵੀਂ ਦਿੱਲੀ, 10 ਨਵੰਬਰ, 2020 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਵੱਲੋਂ ਸਰਕਾਰ ਕੋਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਹੋ ਕੇ ਡਾਕ ਟਿਕਟ ਜਾਰੀ ਕਰਨ ਦੀ ਮੰਗ ਕੀਤੀ ਹੈ।
ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮੁੱਦੇ ਨੂੰ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਣ ਮੰਤਰਾਲੇ ਕੋਲ ਵੀ ਚੁਕਿਆ ਜਾਵੇਗਾ ਅਤੇ ਉਨ੍ਹਾਂ ਨੂੰ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੀ ਵੱਡਮੁੱਲੀ ਸ਼ਹਾਦਤ ਦੀ ਜਾਣਕਾਰੀ ਦਿੰਦੇ ਹੋਏ ਡਾਕ ਟਿਕਟ ਜਾਰੀ ਕਰਨ ਦੀ ਅਪੀਲ ਕੀਤੀ ਜਾਵੇਗੀ।
ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਇਸੇ ਸਿਲਸਿਲੇ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਡੈਲੀਗੇਸ਼ਨ ਡਾਕ ਵਿਭਾਗ ਦੇ ਮੁੱਖ ਦਫ਼ਤਰ ਵਿਚ ਸਬੰਧਤ ਅਧਿਕਾਰੀਆਂ ਨੂੰ ਮਿਲਿਆ ਜਿਸ ਵਿਚ ਕਮੇਟੀ ਦੀ ਧਰਮ ਪ੍ਰਚਾਰ ਦੇ ਮੁਖੀ ਜਤਿੰਦਰ ਪਾਲ ਸਿੰਘ, ਮੀਡੀਆ ਸਲਾਹਕਾਰ ਸੁਦੀਪ ਸਿੰਘ ਰਾਣੀ ਬਾਗ, ਸਮਾਜਸੇਵੀ ਸੁਪਰੀਤ ਸਿੰਘ ਸ਼ਾਮਲ ਸਨ।
ਮੁਲਾਕਾਤ ਮਗਰੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਡੈਲੀਗੇਸ਼ਨ ਵੱਲੋਂ ਅਧਿਕਾਰੀ ਗੌਰਵ ਸੈਨੀ ਨੂੰ ਮਿਲਕੇ ਉਨ੍ਹਾਂ ਨੂੰ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਜਾਣਕਾਰੀ ਦਿੰਦਿਆ ਡਾਕ ਟਿਕਟ ਉਹਨਾ ਸ਼ਹੀਦਾਂ ਦੇ ਨਾਂ ’ਤੇ ਜਾਰੀ ਕਰਨ ਦੀ ਮੰਗ ਰੱਖੀ ਗਈ ਅਤੇ ਸ੍ਰੀ ਗੌਰਵ ਸੈਨੀ ਵੱਲੋਂ ਇਹ ਵਿਸ਼ਾਵਸ ਦਿਵਾਇਆ ਗਿਆ ਕਿ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਇਸ ਨੂੰ ਛੇਤੀ ਤੋਂ ਛੇਤੀ ਕਰਾਉਣ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਵੀ ਉਨ੍ਹਾਂ ਨੂੰ ਐਡਵਾਇਜ਼ਰੀ ਮਿਲੀ ਹੈ ਕਿ ਗੁਰੂ ਸਾਹਿਬ ਦੇ ਨਾਂ ’ਤੇ ਡਾਕ ਟਿਕਟ ਕੱਢਿਆ ਜਾਵੇ।
ਇਹ ਪਹਿਲੀ ਵਾਰ ਹੋਇਆ ਜਦੋਂ ਸਰਕਾਰ ਵੱਲੋਂ ਆਪਣੇ ਪ੍ਰੋਗਰਾਮ ਵਿਚ ਸ਼ਹਾਦਤ ਨੂੰ ਦੇਸ਼ ਭਰ ਵਿਚ ਮਨਾਉਣ ਲਈ ਪ੍ਰੋਗਰਾਮ ਉਲੀਕੇ ਜਾਣ ਦੀ ਗੱਲ ਕੀਤੀ ਗਈ ਹੈ।
ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਐਨ.ਸੀ.ਆਰ.ਟੀ ਦੀਆਂ ਕਿਤਾਬਾਂ ਵਿਚ ਵੀ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਸ਼ਾਮਲ ਕਰਨ ਚਾਹੀਦਾ ਹੈ ਤਾਂ ਕਿ ਆਉਣ ਵਾਲੀ ਪਨੀਰੀ ਨੂੰ ਪਤਾ ਚਲ ਸਕੇ ਕਿ ਸਾਡੀ ਹੋਂਦ ਅੱਜ ਗੁਰੂ ਤੇਗ ਬਹਾਦਰ ਸਾਹਿਬ ਅਤੇ ਸਾਹਿਬਜ਼ਾਦਿਆਂ ਕਰਕੇ ਹੀ ਹੈ ਨਹੀਂ ਤਾਂ ਨਾ ਹਿੰਦੂ ਹੋਣਾ ਸੀ ਨਾ ਤੇ ਨਾ ਹੀ ਮੰਦਿਰ ਕੇਵਲ ਇਕੋ ਧਰਮ ਇਸ ਦੇਸ਼ ਵਿਚ ਰਹਿ ਜਾਣਾ ਸੀ।