34 C
Delhi
Thursday, April 18, 2024
spot_img
spot_img

ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਰੂਪਮਾਨ ਕਰਦੀ ਪ੍ਰਦਰਸ਼ਨੀ ਨੂੰ ਸੰਗਤ ਦਾ ਭਰਵਾਂ ਹੁੰਗਾਰਾਂ

ਚੰਡੀਗੜ੍ਹ/ਸੁਲਤਾਨਪੁਰ ਲੋਧੀ, 6 ਨਵੰਬਰ, 2019 –

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿਖੇ ਸਥਾਪਤ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਨੇੜੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਵੱਲੋਂ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਸਹਿਯੋਗ ਨਾਲ ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਰੂਪਮਾਨ ਕਰਦੀ ਪ੍ਰਦਰਸ਼ਨੀ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਕੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਸੀ ਅਤੇ ਅੱਜ ਸ਼ਾਮ ਤੱਕ 1 ਲੱਖ ਦੇ ਕਰੀਬ ਸੰਗਤ ਇਹ ਪ੍ਰਦਰਸ਼ਨੀ ਦੇਖ ਚੁੱਕੀ ਹੈ।

ਗੁਰੂ ਨਾਨਕ ਦੇਵ ਜੀ ਵੱਲੋਂ ਸੱਚਾ ਸੌਦਾ ਕਰਨ ਵੇਲੇ ਦੇ ਸਿੱਕਿਆਂ ਸਮੇਤ ਬਾਬਾ ਬੰਦਾ ਸਿੰਘ ਬਹਾਦਰ ਤੋਂ ਮਹਾਰਾਜਾ ਰਣਜੀਤ ਸਿੰਘ ਵੇਲੇ ਦਰਮਿਆਨ ਦੇ ਸੋਨੇ, ਚਾਂਦੀ ਅਤੇ ਤਾਂਬੇ ਦੇ ਸਿੱਕੇ ਪੁਰਾਤਨ ਸਮੇਂ ਦੇ ਬਰਤਨ, ਗੁਰੂ ਸਾਹਿਬ ਨਾਲ ਸਬੰਧਤ ਸਾਖੀਆਂ, ਛੋਟੀਆਂ ਪੇਟਿੰਗਾਂ ਅਤੇ ਹੋਰ ਤਸਵੀਰਾਂ ਇਸ ਪ੍ਰਦਰਸ਼ਨੀ ਦਾ ਸ਼ਿੰਗਾਰ ਬਣੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ 5 ਅਤੇ 6 ਨਵੰਬਰ ਦੌਰਾਨ ਪੁੱਜੀ ਕਰੀਬ ਇਕ ਲੱਖ ਸੰਗਤ ਨੇ ਇਸ ਪ੍ਰਦਰਸ਼ਨੀ ਵਿੱਚ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਅਤੇ ਸਿੱਖਿਆਵਾਂ ਬਾਰੇ ਬੜੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਹੈ।

ਉਨਾਂ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਸੋਨੇ, ਚਾਂਦੀ ਅਤੇ ਤਾਂਬੇ ਦੇ ਸਿੱਕਿਆਂ ਤੋਂ ਇਲਾਵਾ ਟੋਕਨ ਰੱਖੇ ਗਏ ਹਨ, ਜਿਨਾਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਤੋਂ ਲੈ ਕੇ ਮਹਾਰਾਜਾ ਰਣਜੀਤ ਸਿੰਘ ਦੇ ਰਾਜਕਾਲ ਤੱਕ ਦੇ ਰਾਜਿਆਂ ਵੱਲੋਂ ਗੁਰੂ ਨਾਨਕ ਸਾਹਿਬ ਦੇ ਨਾਮ ਜਾਰੀ ਕੀਤੇ ਸਿੱਕੇ ਪ੍ਰਦਰਸ਼ਿਤ ਕੀਤੇ ਗਏ ਹਨ।

ਉਨਾਂ ਕਿਹਾ ਕਿ ਇਹ ਸਿੱਖ ਜਗਤ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਤੋਂ ਲੈ ਕੇ ਮਹਾਰਾਜਾ ਰਣਜੀਤ ਸਿੰਘ ਤੱਕ ਜਿੰਨੇ ਵੀ ਰਾਜੇ ਹੋਏ ਉਨਾਂ ਨੇ ਗੁਰੂ ਨਾਨਕ ਸਾਹਿਬ ਦੇ ਨਾਮ ਸਿੱਕੇ ਜਾਰੀ ਕੀਤੇ ਸਨ। ਇਸ ਤੋਂ ਇਲਾਵਾ ਪੁਰਾਤਨ ਬਰਤਨ, ਜੋ ਕਿ ਸੌ ਤੋਂ ਡੇਢ ਸੌ ਸਾਲ ਪੁਰਾਣੇ ਹਨ, ਵੀ ਇਸ ਪ੍ਰਦਰਸ਼ਨੀ ਵਿੱਚ ਸ਼ਰਧਾਲੂਆਂ ਦੇ ਦੇਖਣ ਲਈ ਰੱਖੇ ਹਨ, ਜਿਸ ਰਾਹੀਂ ਸੰਗਤ ਨੂੰ ਵਿਰਾਸਤੀ ਚੀਜ਼ਾਂ ਸੰਭਾਲਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਛੋਟੀਆਂ ਪੇਟਿੰਗਜ਼ ਅਤੇ ਵੱਡੀਆਂ ਤਸਵੀਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਰੂਪਮਾਨ ਕੀਤਾ ਗਿਆ ਹੈ ਅਤੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਲੁਧਿਆਣਾ ਤੋਂ ਡਾ. ਅਨੁਰਾਗ ਸਿੰਘ (ਸਿੱਖ ਸਕਾਲਰ) ਵੱਲੋਂ ਮੁਹੱਈਆ ਕਰਵਾਈਆਂ ਜਨਮ ਸਾਖੀਆਂ ਵੀ ਇਥੇ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਗੁਰੂ ਸਾਹਿਬ ਨਾਲ ਸਬੰਧਤ ਛੋਟੀਆਂ ਪੇਟਿੰਗਜ਼ ਆਈ. ਏ. ਐਸ. ਨਵਜੋਤ ਸਿੰਘ ਰੰਧਾਵਾ ਵੱਲੋਂ ਉਪਲਬਧ ਕਰਵਾਈਆਂ ਗਈਆਂ ਹਨ।

ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਦੇ ਵਧੀਕ ਡਾਇਰੈਕਟਰ ਲਖਮੀਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਦਰਭ ਵਿੱਚ ਲੱਗੀ ਇਸ ਪ੍ਰਦਰਸ਼ਨੀ ਰਾਹੀਂ ਸੰਗਤ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਨੇੜਿਓਂ ਜਾਣਿਆ ਹੈ ਅਤੇ ਆਉਂਦੇ ਦਿਨਾਂ ਵਿੱਚ ਪ੍ਰਦਰਸ਼ਨੀ ਨੂੰ ਇਸ ਤੋਂ ਵੀ ਭਰਵਾਂ ਹੁੰਗਾਰਾ ਮਿਲਣ ਦੀ ਉਮੀਦ ਹੈ।

ਇਸ ਮੌਕੇ ਪ੍ਰਦਰਸ਼ਨੀ ਦੇਖਣ ਪੁੱਜੇ ਸ਼ਰਧਾਲੂਆਂ ਨੇ ਕਿਹਾ ਕਿ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਬਹੁਤ ਹੀ ਸ਼ਲਾਘਾਯੋਗ ਹੈ, ਜਿਸ ਰਾਹੀਂ ਜਿਥੇ ਉਨਾਂ ਨੂੰ ਗੁਰੂ ਨਾਨਕ ਸਾਹਿਬ ਦੇ ਨਾਮ ਜਾਰੀ ਕੀਤੇ ਸਿੱਕਿਆਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਉਥੇ ਗੁਰੂ ਜੀ ਦੇ ਜੀਵਨ, ਉਦਾਸੀਆਂ ਅਤੇ ਫ਼ਲਸਫ਼ੇ ਬਾਰੇ ਵੱਡਮੁੱਲੀ ਜਾਣਕਾਰੀ ਵੀ ਹਾਸਲ ਹੋਈ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION