35.8 C
Delhi
Friday, March 29, 2024
spot_img
spot_img

ਗੁੰਮ ਹੋਏ ਸਰੂਪਾਂ ਦੇ ਮੁੱਦੇ ਨੂੰ ਨਾ ਸੁਲਝਾਉਣ ਕਾਰਨ ਸਿੱਖ ਸੰਗਤ ਵਿੱਚ ਗੁੱਸਾ ਦਿਨ-ਬ-ਦਿਨ ਵੱਧ ਰਿਹਾ ਹੈ: ਕੁਲਤਾਰ ਸਿੰਘ ਸੰਧਵਾਂ

ਯੈੱਸ ਪੰਜਾਬ
ਚੰਡੀਗੜ੍ਹ, ਨਵੰਬਰ 8, 2020:
ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁੰਮ ਹੋਏ ਸਰੂਪਾਂ ਬਾਰੇ ਕੋਈ ਥਹੁ ਪਤਾ ਨਾ ਲੱਗਣ ਅਤੇ ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇਣ ਕਾਰਨ ਸਿੱਖ ਸੰਗਤ ਵਿੱਚ ਵੱਧ ਰਹੇ ਰੋਸ ਉੱਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੁੱਦੇ ਉੱਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਪਾਸੋਂ ਇਸ ਮਾਮਲੇ ਵਿਚ ਸੰਗਤ ਦੀ ਇੱਛਾ ਅਨੁਸਾਰ ਤਸੱਲੀਬਖ਼ਸ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਬਾਵਜੂਦ ਵੀ ਮੁੱਦਾ ਨਾ ਸੁਲਝਣ ਕਾਰਨ ਇਹ ਗੁੱਸਾ ਹੋਰ ਵਧ ਰਿਹਾ ਹੈ ਜਿਸ ਨਾਲ ਕਿ ਆਉਂਦੇ ਸਮੇਂ ਸਥਿਤੀ ਤਣਾਅਪੂਰਨ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਹਾਈ ਕੋਰਟ ਦੇ ਰਿਟਾਇਰਡ ਸਿੱਖ ਜੱਜਾ ਦੇ ਪੈਨਲ ਤੋਂ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸੰਧਵਾਂ ਨੇ ਕਿਹਾ ਕਿ ਪ੍ਰਸ਼ਾਸਨ, ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਦੋਸ਼ੀਆਂ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ। ਸੰਧਵਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਪਿਛਲੇ ਕਈ ਪ੍ਰਧਾਨ ਹਮੇਸ਼ਾਂ ਹੀ ਬਾਦਲਾਂ ਦੇ ਹੱਥ ਠੋਕੇ ਬਣ ਕੇ ਕਾਰਜ ਕਰਦੇ ਰਹੇ ਹਨ ਅਤੇ ਉਹ ਹੁਣ ਭ੍ਰਿਸ਼ਟਾਚਾਰ ਦੇ ਮੁਜੱਸਮੇ ਬਣ ਚੁੱਕੇ ਹਨ।

ਇਸ ਦੀ ਤਾਜ਼ਾ ਉਦਾਹਰਣ ਬਾਦਲਾਂ ਦੇ ਕਰੀਬੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਸ਼ਮੂਲੀਅਤ ਅਤੇ ਗੁਰਦੁਆਰਾ ਸਾਹਿਬ ਦੇ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਅਦਾਲਤ ਦੁਆਰਾ ਉਸ ਉਪਰ ਕੇਸ ਦਰਜ ਕਰਨ ਦੇ ਹੁਕਮ ਦੇਣਾ ਹੈ। ਉਨ੍ਹਾਂ ਕਿਹਾ ਕਿ ਬਾਦਲ ਟੱਬਰ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਨੇ ਇਸੇ ਤਰ੍ਹਾਂ ਹੀ ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰਦਿਆਂ ਆਪਣੀਆ ਜਾਇਦਾਦਾਂ ਬਣਾਈਆਂ ਹਨ ਜਿਸ ਲਈ ਸਿੱਖ ਕੌਮ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ।

ਸੰਧਵਾਂ ਨੇ ਕਿਹਾ ਕਿ ਬਾਦਲ ਅਤੇ ਕੈਪਟਨ ਮਿਲੇ ਹੋਏ ਹਨ ਅਤੇ ਹਮੇਸ਼ਾ ਇੱਕ ਦੂਜੇ ਨੂੰ ਬਚਾਉਣ ਦਾ ਯਤਨ ਕਰਦੇ ਰਹਿੰਦੇ ਹਨ ਕਿਉਂਕਿ ਦੋਵਾਂ ਦੇ ਖ਼ਿਲਾਫ਼ ਹੀ ਭ੍ਰਿਸ਼ਟਾਚਾਰ ਅਤੇ ਹੋਰ ਘਪਲਿਆਂ ਦੇ ਅਣਗਿਣਤ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੇ ਗੁੰਮ ਹੋਏ ਸਰੂਪਾਂ ਵਰਗੇ ਗੰਭੀਰ ਅਤੇ ਅਤਿ ਨਾਜ਼ੁਕ ਮੁੱਦੇ ਉੱਤੇ ਵੀ ਕੋਈ ਕਾਰਵਾਈ ਨਾ ਕਰਨ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਉਹ ਬਾਦਲਾਂ ਨੂੰ ਬਚਾਉਣਾ ਚਾਹੁੰਦੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਾਸੋਂ ਇਸ ਮਾਮਲੇ ਵਿਚ ਕਾਰਵਾੲੀ ਕਰਨ ਦੀ ਬੇਨਤੀ ਕਰਦਿਆਂ ਸੰਧਵਾਂ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵ ਉੱਚ ਅਦਾਲਤ ਹੈ ਇਸ ਲਈ ਜਥੇਦਾਰ ਸਾਹਿਬ ਨੂੰ ਇਸ ਮਸਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਜਗਤ ਇਸ ਗੱਲ ਤੋਂ ਜਾਣੂ ਹੈ ਕਿ ਇਸ ਮਾਮਲੇ ਵਿਚ ਕੌਣ ਦੋਸ਼ੀ ਹੈ ਇਸ ਲਈ ਜਥੇਦਾਰ ਸਾਹਿਬ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਜਲਦ ਤੋਂ ਜਲਦ ਕਾਰਵਾਈ ਕਰਨੀ ਚਾਹੀਦੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION