36.1 C
Delhi
Friday, March 29, 2024
spot_img
spot_img

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿਚ ਗੁ: ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਯੈੱਸ ਪੰਜਾਬ
ਸ੍ਰੀ ਫਤਹਿਗੜ੍ਹ ਸਾਹਿਬ, 27 ਦਸੰਬਰ, 2020:
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਇਸ ਨਗਰ ਨਗਰ ਕੀਰਤਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਇਸ ਤੋਂ ਇਲਾਵਾ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਪੁੱਜੀਆਂ ਹੋਈਆਂ ਸਨ।

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਇਸ ਦੌਰਾਨ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵਿਚ ਵੱਖ-ਵੱਖ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੰਗਜੂ ਜੌਹਰ ਦਿਖਾਏ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ।

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਸਮੇਂ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਅਤੇ ਅਰਦਾਸ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤੀ।

ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਦਰਬਾਰਾ ਸਿੰਘ ਗੁਰੂ, ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਭਾਈ ਅਮਰਜੀਤ ਸਿੰਘ ਚਾਵਲਾ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਅਵਤਾਰ ਸਿੰਘ ਰਿਆ, ਸ. ਹਰਪਾਲ ਸਿੰਘ ਜੱਲ੍ਹਾ, ਸ. ਜਰਨੈਲ ਸਿੰਘ ਕਰਤਾਰਪੁਰ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸਾਬਕਾ ਸਕੱਤਰ ਸ. ਦਲਮੇਘ ਸਿੰਘ ਖੱਟੜਾ, ਸ. ਅਵਤਾਰ ਸਿੰਘ ਸੈਂਪਲਾ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ, ਗਿਆਨੀ ਫੂਲਾ ਸਿੰਘ, ਗਿਆਨੀ ਪ੍ਰਣਾਮ ਸਿੰਘ, ਬਾਬਾ ਜੱਸਾ ਸਿੰਘ, ਸ. ਗੁਰਪ੍ਰੀਤ ਸਿੰਘ ਰੰਧਾਵਾ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਬਲਵਿੰਦਰ ਸਿੰਘ ਭੰਮਾਰਸੀ, ਸ. ਕਰਨੈਲ ਸਿੰਘ ਪੀਰ ਮੁਹੰਮਦ ਆਦਿ ਹਾਜ਼ਰ ਸਨ।

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਸਬੰਧੀ ਸਜਾਏ ਗਏ ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵਿਲੱਖਣ ਹੈ, ਜਿਸ ਨੇ ਪੂਰੀ ਦੁਨੀਆਂ ਇਹ ਦੱਸਿਆ ਕਿ ਧਰਮ ਦੇ ਅਕੀਦੇ ’ਤੇ ਪਹਿਰਾ ਦੇਣ ਦੀ ਜਾਚ ਸਿਖਾਈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਬਿਖੜੇ ਸਮੇਂ ਹਿੰਮਤ ਦਾ ਪੱਲਾ ਫੜ੍ਹ ਕੇ ਧਰਮ ਵਿਚ ਪਰਪੱਕ ਰਹਿਣ ਦਾ ਰਾਹ ਦਿਖਾਉਂਦੀਆਂ ਹਨ।

ਸਿੱਖ ਕੌਮ ਨੂੰ ਆਪਣੇ ਸ਼ਹੀਦੀ ਵਿਰਸੇ ’ਤੇ ਮਾਣ ਹੈ ਅਤੇ ਹਮੇਸ਼ਾ ਰਹੇਗਾ। ਬੀਬੀ ਜਗੀਰ ਕੌਰ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਇਤਿਹਾਸ ਕੌਮ ਨੂੰ ਸਿੱਖ ਸਿਧਾਂਤਾਂ ਦੀ ਪਹਿਰੇਦਾਰੀ ਕਰਨ ਅਤੇ ਗੁਰਮਤਿ ਰਹਿਣੀ ਵਿਚ ਪੱਕਿਆ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਦਿਨ ਨੂੰ ਆਪਣੇ ਜੀਵਨ ਦਾ ਲਕਸ਼ ਨਿਰਧਾਰਤ ਕਰਨ ਲਈ ਪ੍ਰਣ ਦਿਵਸ ਵਜੋਂ ਆਪਣੀ ਯਾਦ ਦਾ ਸਦੀਵਕਾਲ ਹਿੱਸਾ ਬਣਾਏ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਜੀ ਦੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਿੱਖ ਕੌਮ ਦੇ ਇਤਿਹਾਸ ਸ਼ਹਾਦਤਾਂ ਦਾ ਇਤਿਹਾਸ ਦੱਸਿਆ।

ਉਨ੍ਹਾਂ ਕਿਹਾ ਕਿ ਸ਼ਹਾਦਤ ਹਮੇਸ਼ਾ ਧਰਮ ਦੀ ਖ਼ਾਤਰ ਦਿੱਤੀ ਜਾਂਦੀ ਹੈ ਅਤੇ ਇਸ ਸਬੰਧ ਵਿਚ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਵੱਡੀ ਕੋਈ ਉਦਾਹਰਣ ਨਹੀਂ। ਉਨ੍ਹਾਂ ਕਿਹਾ ਕਿ ਜਦੋਂ ਜਦੋਂ ਵੀ ਜ਼ੁਲਮ ਦੀ ਸਿਖ਼ਰ ਹੋਈ, ਸਿੱਖ ਕੌਮ ਦੇ ਸੂਰਬੀਰਾਂ ਨੇ ਆਪਣੀਆਂ ਜਾਨਾਂ ਦੀਆਂ ਪ੍ਰਵਾਹ ਨਾ ਕਰਦਿਆਂ ਸ਼ਹਾਦਤਾਂ ਦੇ ਪੂਰਨੇ ਪਾਏ।

ਉਨ੍ਹਾਂ ਕਿਹਾ ਕਿ ਸ਼ਹਾਦਤ ਦੀ ਪਵਿਤਰਤਾ ਅਤਿ ਅਹਿਮ ਹੈ ਅਤੇ ਸ਼ਹਾਦਤਾਂ ਦਾ ਇਤਿਹਾਸ ਮਾਨਵਤਾ ਨੂੰ ਜ਼ਿੰਦਗੀ ਜਿਊਣ ਦਾ ਢੰਗ ਸਿਖਾਉਂਦਾ ਹੈ। ਉਨ੍ਹਾਂ ਕਿਸਾਨ ਸੰਘਰਸ਼ ਦਾ ਜ਼ਿਕਰ ਕਰਦਿਆਂ ਇਸ ਨੂੰ ਧਰਮ ਦੀਆਂ ਰਵਾਇਤਾਂ ਦੀ ਪਹਿਰੇਦਾਰੀ ਕਰਾਰ ਦਿੱਤਾ ਅਤੇ ਸੰਗਤ ਨੂੰ ਆਪਣੇ ਇਤਿਹਾਸ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਵੀ ਕੀਤੀ।

ਇਸ ਸਮੇਂ ਸਟੇਜ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਭਾਵੁਕ ਪਲਾਂ ਨੂੰ ਸੰਗਤ ਨਾਲ ਸਾਂਝਾ ਕੀਤਾ।

ਖ਼ੇਤੀ ਕਾਨੂੰਨਾਂ ਵਿਰੁੱਧ ਟਿਕਰੀ ਬਾਰਡਰ ’ਤੇ ਵਕੀਲ ਨੇ ਦਿੱਤੀ ਜਾਨ, ਪੜ੍ਹੋ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ’ਚ ਕੀ ਲਿਖ਼ਿਆ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION