ਜਲੰਧਰ, 25 ਜੂਨ, 2019:
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਭਵਨ ਜਲੰਧਰ ਵਿਖੇ 26 ਜੂਨ ਨੂੰ ਕਰਵਾਇਆ ਜਾ ਰਿਹਾ ਜ਼ਿਲ੍ਹਾ ਪੱਧਰੀ ਸਮਾਗਮ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਵਿਚ ਨਿਭਾਏਗਾ ਅਹਿਮ ਭੂਮਿਕਾ।
ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਜ਼ਿਲ੍ਹਾ ਰੈਡ ਕਰਾਸ ਭਵਨ ਵਿਖੇ ਕਰਵਾਏ ਜਾ ਰਹੇ ਇਸ ਮਹੱਤਵਪੂਰਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਅਧਿਕਾਰੀਆਂ ਵਲੋਂ ਵਿਸ਼ਵ ਭਰ ਵਿੱਚ ਮਨਾਏ ਜਾ ਰਹੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਲੰਧਰ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜੋਂ ਪੁੱਟਣ ਲਈ ਨਸ਼ਾ ਵਿਰੋਧੀ ਰਣਨੀਤੀ ਨੂੰ ਮੁੜ ਤੋਂ ਸੋਧਣ ਉਪਰੰਤ ਸ਼ੁਰੂ ਕਰਨ ਨੂੰ ਅੰਤਿਮ ਛੂਹਾਂ ਦਿੱਤੀਆਂ ਗਈਆਂ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਇਸ ਦਿਨ ਜਲੰਧਰ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਇਹ ਸਮਾਗਮ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਜ਼ਿਲ੍ਹੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਡੈਪੋ ਅਤੇ ਬਡੀ ਪ੍ਰੋਗਰਾਮ ਤਹਿਤ ਮੁਹਿੰਮਾਂ ਨੂੰ ਹੋਰ ਮਜਬੂਤ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਦਾ ਹਿੱਸਾ ਬਣਾਉਣ ’ਤੇ ਜ਼ੋਰ ਦਿੱਤਾ ਜਾਵੇਗਾ।
ਅਧਿਕਾਰੀਆਂ ਨੇ ਕਿਹਾ ਕਿ ਇਸ ਨੇਕ ਕਾਰਜ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਇਨਾਂ ਮੁਹਿੰਮਾਂ ਵਿੱਚ ਭਾਗੀਦਾਰ ਬਣਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਅਤੇ ਪੀ.ਬੀ.ਐਸ.ਪਰਮਾਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਚਿਨ ਗੁਪਤਾ, ਉਪ ਮੰਡਲ ਮੈਜਿਸਟਰੇਟ ਪਰਮਵੀਰ ਸਿੰਘ, ਅੰਮਿਤ ਕੁਮਾਰ ਪੰਚਾਲ, ਰਾਜੇਸ਼ ਸ਼ਰਮਾ ਅਤੇ ਚਾਰੂਮਿਤਾ, ਸਹਾਇਕ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ,ਡੀ.ਐਸ.ਪੀ. ਅਮਨਦੀਪ ਬਰਾੜ, ਸਿਵਲ ਸਰਜਨ ਡਾ.ਗੁਰਿੰਦਰ ਚਾਵਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਲ ਅਵਸਥੀ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸੁਰਜੀਤ ਲਾਲ ਅਤੇ ਹੋਰ ਹਾਜ਼ਰ ਸਨ।