ਜਲੰਧਰ, 09 ਜੂਨ, 2020 –
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਦੀ ਲੜੀ ਵਜੋਂ ਜ਼ਿਲ੍ਹੇ ਵਿੱਚ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਲੋਕਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੌਕਸੀ ਨਾਲ ਨਿਗਰਾਨੀ ਰੱਖਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ 696 ਟੀਮਾਂ ਦਾ ਗਠਨ ਕੀਤਾ ਗਿਆ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ , ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਜਿਹੜੇ ਲੋਕ ਬਾਹਰੋਂ ਆਉਂਦੇ ਹਨ ਅਤੇ ਉਨਾਂ ਵਿੱਚ ਕੋਵਿਡ-19 ਮਹਾਂਮਾਰੀ ਦੇ ਲੱਛਣ ਦਿਖਾਈ ਦਿੰਦੇ ਹਨ ਇਸ ਲਈ ਉਨਾ ਨੂੰ ਹੋਮ ਕੁਆਰੰਟੀਨ ਵਿੱਚ ਰੱਖਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਦਾ ਹੀ ਹਿੱਸਾ ਹੈ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ ਉਹ ਹੋਮ ਕੁਆਰੰਟੀਨ ਦੀ ਉਲੰਘਣਾ ਕਰਕੇ ਦੂਸਰਿਆਂ ਲਈ ਖ਼ਤਰਾ ਨਾ ਬਣਨ ਨੂੰ ਰੋਕਣ ਨੂੰ ਯਕੀਨੀ ਬਣਾਉਣ ਲਈ ਅਜਿਹੇ ਲੋਕਾਂ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਖਤ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਇਸੇ ਲਈ ਜ਼ਿਲ੍ਹੇ ਵਿੱਚ ਹੋਮ ਕੁਆਰੰਟੀਨ ਕੀਤੇ ਗਏ ਲੋਕਾਂ ’ਤੇ ਸਖ਼ਤ ਨਿਗਰਾਨੀ ਲਈ 696 ਟੀਮਾਂ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਾਹਕੋਟ ਵਿੱਚ 202, ਫਿਲੌਰ ਵਿੱਚ 232, ਨਕੋਦਰ ਵਿੱਚ 150, ਜਲੰਧਰ-1 ਵਿੱਚ 41 ਅਤੇ ਜਲੰਧਰ-2 ਵਿੱਚ 71 ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਨੂੰ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ਼ ਮਿਸਾਲੀ ਕਾਰਵਾਈ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਜੋ ਲੋਕ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਉਨਾਂ ਨੂੰ ਜੁਰਮਾਨਾ ਕਰਨ ਤੋਂ ਇਲਾਵਾ ਉਨਾਂ ਖਿਲਾਫ਼ ਕਾਨੂੰਨ ਦੀਆਂ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਅਜਿਹੇ ਲੋਕਾਂ ਦੀ ਨਜ਼ਰਸਾਨੀ ਕਰਨ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ