ਹੁਸ਼ਿਆਰਪੁਰ, 4 ਜੁਲਾਈ, 2019 –
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪਿੰਡ ਬੱਸੀ ਵਜੀਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮਿਡ-ਡੇਅ-ਮੀਲ ਤਹਿਤ ਪਰੋਸੇ ਜਾ ਰਹੇ ਦੁਪਹਿਰ ਦੇ ਖਾਣੇ ਦੌਰਾਨ ਦੋ ਵਿਦਿਆਰਥਣਾਂ ਦੇ ਗਰਮ ਦਾਲ ਡੁੱਲਣ ਦੇ ਮਾਮਲੇ ਦੀ ਜਾਂਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਦੀ ਜਾਂਚ ਦੋ ਦਿਨਾਂ ਦੇ ਅੰਦਰ-ਅੰਦਰ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਜ਼ਿੰਮੇਵਾਰਾਂ ’ਤੇ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਨਾਲ ਹੀ ਇਸ ਘਟਨਾ ’ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਵਿਦਿਆਰਥਣਾਂ ਦਾ ਇਲਾਜ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਬਿਲਕੁੱਲ ਮੁਫ਼ਤ ਕਰਵਾਇਆ ਜਾਵੇਗਾ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਿਡ-ਡੇਅ-ਮੀਲ ਤਹਿਤ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਪੂਰੀ ਗੰਭੀਰਤਾ ਅਤੇ ਚੌਕਸੀ ਨਾਲ ਖੁਆਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਆਦਾ ਗਰਮ ਖਾਣਾ ਨਾ ਪਰੋਸਿਆ ਜਾਵੇ ਅਤੇ ਇਸ ਸਬੰਧ ਵਿਚ ਕੀਤੀ ਗਈ ਲਾਪ੍ਰਵਾਹੀ ਬਿਲਕੁੱਲ ਸਹਿਣ ਨਹੀਂ ਕੀਤੀ ਜਾਵੇਗੀ।
ਉਧਰ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਐਸ.ਡੀ.ਐਮ ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ ਨੇ ਸਰਕਾਰੀ ਹਸਪਤਾਲ ਵਿਖੇ ਦਾਖਲ ਦੋ ਵਿਦਿਆਰਥਣਾਂ (ਸਕੀਆਂ ਭੈਣਾਂ) ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਉਨ੍ਹਾਂ ਦੇ ਨਾਲ ਹੈ ਅਤੇ ਵਿਦਿਆਰਥਣਾਂ ਦਾ ਇਲਾਜ ਬਿਲਕੁੱਲ ਮੁਫਤ ਕਰਵਾਇਆ ਜਾਵੇਗਾ। ਉਨ੍ਹਾਂ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਇਲਾਜ ਦੌਰਾਨ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ।