27.1 C
Delhi
Sunday, April 28, 2024
spot_img
spot_img

ਤਕਨੀਕੀ ਸਿੱਖਿਆ ਵਿਭਾਗ ਨੇ ਉਦਯੋਗ ਜਗਤ ਦੀ ਪਹਿਲੀ ਅਕਾਦਮਿਕ ਇਕੱਤਰਤਾ ਕਰਵਾਈ

ਯੈੱਸ ਪੰਜਾਬ
ਚੰਡੀਗੜ੍ਹ, 10 ਮਈ, 2022 –
ਉਦਯੋਗ ਅਤੇ ਅਕਾਦਮੀਆਂ ਦਰਮਿਆਨ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਉਦਯੋਗ ਜਗਤ ਦੀ ਪਹਿਲੀ ਅਕਾਦਮਿਕ ਇਕੱਤਰਤਾ-2022 ਕਰਵਾਈ ਗਈ।

ਬੀਤੀ ਸ਼ਾਮ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਕਨੀਕੀ ਸਿੱਖਿਆ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਇਹ ਨਿਵੇਕਲੀ ਪਹਿਲਕਦਮੀ ਉਦਯੋਗਾਂ ਅਤੇ ਅਕਾਦਮੀਆਂ ਦਰਮਿਆਨ ਤਾਲਮੇਲ ਪੈਦਾ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗੀ, ਜਿਸ ਨਾਲ ਸਾਡੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਤਕਨੀਕੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇਗੀ ਅਤੇ ਉਨ੍ਹਾਂ ਨੂੰ ਵਿਸ਼ਵ ਭਰ ਵਿੱਚ ਬਿਹਤਰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇਗਾ। ਇਸ ਤੋਂ ਇਲਾਵਾ ਇਹ ਪਹਿਲਕਦਮੀ ਹੁਨਰ ਦੇ ਪਾੜੇ ਨੂੰ ਪੂਰਨ ਵਿੱਚ ਵੀ ਮਦਦ ਕਰੇਗੀ।

ਇਸ ਪਹਿਲੀ ਮੀਟਿੰਗ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਯੋਗ ਬਣਾਉਣ ਲਈ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਉਦਯੋਗਾਂ ਅਤੇ ਅਕਾਦਮੀਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ ਤਾਂ ਜੋ ਪੁਰਾਣੇ ਕੋਰਸਾਂ ਅਤੇ ਪਾਠਕ੍ਰਮਾਂ ਨੂੰ ਉਦਯੋਗਾਂ ਦੀਆਂ ਜ਼ਰੂਰਤਾਂ ਖਾਸ ਕਰਕੇ ਸਥਾਨਕ ਲੋੜਾਂ ਅਨੁਸਾਰ ਤਬਦੀਲ ਕੀਤਾ ਜਾ ਸਕੇ।

ਮੀਟਿੰਗ ਵਿੱਚ 50 ਤੋਂ ਵੱਧ ਪ੍ਰਮੁੱਖ ਉਦਯੋਗਿਕ ਐਸੋਸੀਏਸ਼ਨਾਂ/ਉਦਯੋਗਪਤੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੀ.ਆਈ.ਸੀ.ਯੂ ਦੇ ਚੇਅਰਮੈਨ ਉਪਕਾਰ ਸਿੰਘ ਆਹੂਜਾ, ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਚੇਅਰਮੈਨ ਅਨੁਰਾਗ ਅਗਰਵਾਲ, ਵਿਸ਼ਵਕਰਮਾ ਇੰਡਸਟਰੀਜ਼ ਦੇ ਐਮ.ਡੀ. ਸੀ.ਐਸ. ਵਿਸ਼ਵਕਰਮਾ, ਚੀਮਾ ਬੋਇਲਰਜ਼ ਦੇ ਚੇਅਰਮੈਨ ਐਚ.ਐਸ. ਚੀਮਾ, ਜਲੰਧਰ ਆਟੋ ਪਾਰਟਸ ਮੈਨੂਫੈਕਚਰਿੰਗ ਐਸੋਸੀਏਸ਼ਨ ਦੇ ਸਕੱਤਰ ਤੁਸ਼ਾਰ ਜੈਨ, ਯੂਸੀਪੀਐਮਏ ਦੇ ਪ੍ਰਧਾਨ ਡੀ.ਐਸ. ਚਾਵਲਾ, ਨਿਟਵੀਅਰ ਕਲੱਬ ਲੁਧਿਆਣਾ ਤੋਂ ਵਿਨੋਦ ਥਾਪਰ, ਸਿਲਾਈ ਮਸ਼ੀਨ ਕਲੱਬ ਲੁਧਿਆਣਾ ਤੋਂ ਜਗਬੀਰ ਸਿੰਘ ਸੋਖ ਤੋਂ ਇਲਾਵਾ ਸਵਰਾਜ ਇੰਜਣ, ਗੋਏਜ਼ਟ ਇੰਡੀਆ ਫਿੱਕੀ, ਸੀਆਈਆਈ, ਐਸੋਚੈਮ ਆਦਿ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਇਹਨਾਂ ਤੋਂ ਇਲਾਵਾ, ਪੌਲੀਟੈਕਨਿਕ ਅਤੇ ਆਈ.ਟੀ.ਆਈਜ਼ ਦੇ ਪ੍ਰਿੰਸੀਪਲਾਂ ਨੇ ਵੀ ਪਾਸ ਹੋ ਚੁੱਕੇ ਕੁਝ ਵਿਦਿਆਰਥੀਆਂ ਨਾਲ ਮੀਟਿੰਗ ਵਿੱਚ ਸ਼ਿਰਕਤ ਕੀਤੀ ਅਤੇ ਉਹਨਾਂ ਦੀਆਂ ਸਫਲਤਾ ਦੀਆਂ ਕਹਾਣੀਆਂ ਅਤੇ ਉਦਯੋਗ ਤੋਂ ਉਨ੍ਹਾਂ ਦੀਆਂ ਉਮੀਦਾਂ ਨੂੰ ਉਜਾਗਰ ਕੀਤਾ। ਮੀਟਿੰਗ ਦਾ ਉਦੇਸ਼ ਉਦਯੋਗ ਜ਼ਰੀਏ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਿੱਚ ਮਦਦ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਆਸਾਨੀ ਨਾਲ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

ਇਸ ਤੋਂ ਪਹਿਲਾਂ ਕਰਮਚਾਰੀਆਂ ਦੀ ਸਿਖਲਾਈ ‘ਤੇ ਲਗਾਤਾਰ ਕਾਫੀ ਖਰਚੇ ਆਉਂਦੇ ਸਨ, ਇਸ ਲਈ ਮੀਟਿੰਗ ਦਾ ਉਦੇਸ਼ ਉਦਯੋਗਾਂ ਵਿੱਚ ਸਿਖਲਾਈ ਨੂੰ ਕਿਫ਼ਾਇਤੀ ਬਣਾਉਂਦਾ ਹੈ। ਇਹ ਸਾਂਝੇ ਤੌਰ ‘ਤੇ ਫੈਸਲਾ ਕੀਤਾ ਗਿਆ ਕਿ ਪੁਰਾਣੇ ਤਕਨੀਕੀ ਕੋਰਸਾਂ ਨੂੰ ਪੜਾਅਵਾਰ ਖਤਮ ਕੀਤਾ ਜਾਵੇਗਾ ਅਤੇ ਉਦਯੋਗ ਦੀ ਮੰਗ ਅਨੁਸਾਰ ਨਵੇਂ ਕੋਰਸ/ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਤਕਨੀਕੀ ਸਿੱਖਿਆ ਵਿਭਾਗ ਉਦਯੋਗਾਂ ਨੂੰ ਪ੍ਰਤੀ ਸਾਲ 70,000 ਤੋਂ ਵੱਧ ਹੁਨਰਮੰਦ ਸਟਾਫ਼ ਪ੍ਰਦਾਨ ਕਰ ਰਿਹਾ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਨਵੀਂ ਮੋਬਾਈਲ ਐਪ ਲਾਂਚ ਕੀਤੀ ਜਾ ਰਹੀ ਹੈ ਜਿਸ ਨਾਲ ਯੋਗ ਉਮੀਦਵਾਰਾਂ ਦੀ ਭਾਲ ਲਈ ਰੋਜ਼ਗਾਰਦਾਤਾਵਾਂ ਨੂੰ ਵਿਦਿਆਰਥੀਆਂ ਦਾ ਡਾਟਾ ਉਪਲਬਧ ਕਰਵਾਇਆ ਜਾਵੇਗਾ। ਇੱਕ ਕਲਿੱਕ ਨਾਲ ਉਦਯੋਗ ਨੂੰ ਇੰਸਟੀਚਿਊਟ ਵਿੱਚ ਹੁਨਰਮੰਦ ਨੌਜਵਾਨਾਂ ਦੀ ਮੁਹਾਰਤ ਦੇ ਨਾਲ-ਨਾਲ ਉਨ੍ਹਾਂ ਦੀ ਗਿਣਤੀ ਪਤਾ ਲੱਗ ਜਾਵੇਗੀ।

ਉਦਯੋਗਾਂ ਨੇ ਵਿਦਿਆਰਥੀ ਸਿਖਲਾਈ ਪ੍ਰਕਿਰਿਆ ਅਤੇ ਮੋਬਾਈਲ ਐਪ ਵਿੱਚ ਉਦਯੋਗਾਂ ਨੂੰ ਸ਼ਾਮਲ ਕਰਨ ਦੀ ਇਸ ਨਵੀਂ ਪਹਿਲਕਦਮੀ ਲਈ ਵਿਭਾਗ ਦਾ ਧੰਨਵਾਦ ਕੀਤਾ ਜੋ ਸੂਬੇ ਭਰ ਵਿੱਚ ਬੇਰੁਜ਼ਗਾਰੀ ਅਤੇ ਉਦਯੋਗਾਂ ਵਿੱਚ ਸਟਾਫ਼ ਦੀ ਘਾਟ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION