36.1 C
Delhi
Wednesday, May 8, 2024
spot_img
spot_img

ਤਖ਼ਤ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਲਿਆਉਣ ਵਿਚ ਪ੍ਰਸ਼ਾਸਨ ਵਰਤ ਰਿਹਾ ਲਾਪ੍ਰਵਾਹੀ: ਬੀਬੀ ਜਗੀਰ ਕੌਰ

ਯੈੱਸ ਪੰਜਾਬ
ਅੰਮ੍ਰਿਤਸਰ, 18 ਸਤੰਬਰ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਦੁਖਦਾਈ ਘਟਨਾ ਦੇ ਸਾਜ਼ਿਸ਼ ਕਰਤਾਵਾਂ ਤੱਕ ਪਹੁੰਚਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਰਤੀ ਜਾ ਰਹੀ ਲਾਪ੍ਰਵਾਹੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਦੀ ਮਨਸ਼ਾ ਸਾਫ਼ ਨਹੀਂ ਲਗਦੀ, ਤਾਂ ਹੀ ਫੜ੍ਹੇ ਗਏ ਦੋਸ਼ੀ ਵਿਅਕਤੀ ਦੇ ਸੌਦਾ ਸਾਧ ਨਾਲ ਸਬੰਧ ਉਜਾਗਰ ਹੋਣ ਦੇ ਬਾਵਜੂਦ ਵੀ ਸਾਜ਼ਿਸ਼ ਕਰਤਾਵਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ। ਬੀਬੀ ਜਗੀਰ ਕੌਰ ਨੇ ਮੰਗ ਕੀਤੀ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਜੜ੍ਹ ਤੱਕ ਜਾਣ ਲਈ ਫ੍ਹੜੇ ਗਏ ਦੋਸ਼ੀ ਪਰਮਜੀਤ ਸਿੰਘ ਦਾ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਕਰਵਾਈ ਜਾਵੇ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਵੇਂ ਸਾਡੀ ਮੰਗ ’ਤੇ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਵਿਰੁੱਧ ਲੱਗੀਆਂ ਧਰਾਵਾਂ ਵਿਚ ਵਾਧਾ ਕਰਦਿਆਂ ਯੂਏਪੀਏ ਧਾਰਾ ਲਗਾ ਦਿੱਤੀ ਗਈ ਹੈ, ਪਰੰਤੂ ਅਜੇ ਵੀ ਘਟਨਾ ਦੇ ਅਸਲ ਸਾਜ਼ਿਸ਼ ਕਰਤਾਵਾਂ ਦਾ ਪਤਾ ਨਹੀਂ ਲਗਾਇਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਪੱਤਰ ਵੀ ਲਿਖਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮਾਮਲੇ ਵਿਚ ਹੁਣ ਤੱਕ ਦੀ ਪੁਲਿਸ ਕਾਰਵਾਈ ’ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਕਈ ਦਿਨ ਬੀਤਣ ਬਾਅਦ ਵੀ ਘਟਨਾ ਪਿੱਛੇ ਦੀ ਸਾਜ਼ਿਸ਼ ਬਾਰੇ ਕੋਈ ਠੋਸ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ। ਜਦਕਿ ਚਾਹੀਦਾ ਤਾਂ ਇਹ ਸੀ ਕਿ ਹੁਣ ਤੱਕ ਸਾਰੇ ਦੋਸ਼ੀ ਸ਼ਲਾਖਾਂ ਪਿੱਛੇ ਹੁੰਦੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ ਅਤੇ ਸਰਕਾਰੀ ਤੰਤਰ ਸੁੱਤਾ ਹੋਇਆ ਹੈ।

ਬੀਬੀ ਜਗੀਰ ਕੌਰ ਨੇ ਸਰਕਾਰ ਦੇ ਖੁਫੀਆਂ ਤੰਤਰ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਏਜੰਸੀਆਂ ਦਾ ਵੱਡਾ ਤੰਤਰ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲੀਆਂ ਘਟਨਾਵਾਂ ਸ਼ਰੇਆਮ ਵਾਪਰ ਰਹੀਆਂ ਹਨ ਅਤੇ ਫੜ੍ਹੇ ਗਏ ਦੋਸ਼ੀਆਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਤੱਕ ਪਹੁੰਚ ਨਹੀਂ ਕੀਤੀ ਜਾਂਦੀ।

ਬੀਬੀ ਜਗੀਰ ਕੌਰ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਜੇਕਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਦੋਸ਼ੀ ਪਿੱਛੇ ਕੰਮ ਕਰਦੇ ਲੋਕਾਂ ਨੂੰ ਸਾਹਮਣੇ ਲਿਆ ਕੇ ਬਣਦੀ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਕਮੇਟੀ ਨੂੰ ਸਖ਼ਤ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਵੇਗਾ, ਜਿਸ ਦੀ ਜ਼ੁੰਮੇਵਾਰੀ ਸਰਕਾਰ ਦੀ ਹੋਵੇਗੀ।

ਬੀਬੀ ਜਗੀਰ ਕੌਰ ਨੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸ਼ਾਂਤੀ ਬਣਾ ਕੇ ਰੱਖਦਿਆਂ ਸਾਰੇ ਰਲ ਕੇ ਸਰਕਾਰ ’ਤੇ ਦਬਾਅ ਬਨਾਉਣ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਹਰਭਜਨ ਸਿੰਘ ਵਕਤਾ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION