ਲੋਹੀਆਂ (ਜਲੰਧਰ) 24 ਅਗਸਤ, 2019 –
ਪੇਂਡੂ ਵਿਕਾਸ ਮੰਤਰੀ ਸ੍ਰ.ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸਿੰਚਾਈ ਮੰਤਰੀ ਸ੍ਰ.ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਦਰਿਆ ਸਤਲੁਜ ਦੇ ਧੁੱਸੀ ਬੰਨ੍ਹਾਂ ਵਿੱਚ ਪਏ ਪਾੜ੍ਹਾਂ ਨੂੰ ਪੂਰਨ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇਗਾ।
ਦੋਵਾਂ ਮੰਤਰੀਆਂ ਵਲੋਂ ਭਾਰਤੀ ਫੌਜ ਵਲੋਂ ਪਿੰਡ ਜਾਨੀਆਂ ਵਿਖੇ ਪਏ ਬੰਨ੍ਹ ਦੇ ਪਾੜ੍ਹ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਤਲੁਜ ਦਰਿਆ ਵਿੱਚ ਫਿਲੌਰ ਵਿਖੇ ਪਏ ਪਾੜ ਨੂੰ ਦੋ ਦਿਨ ਪਹਿਲਾਂ ਪੂਰ ਲਿਆ ਗਿਆ ਹੈ ਅਤੇ ਸ਼ਾਹਕੋਟ ਸਬ ਡਵੀਜ਼ਨ ਵਿੱਚ ਪਏ ਪਾੜ੍ਹਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਕੰਮ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਵਲੋਂ ਸਾਰੇ ਸਾਧਨ ਪਏ ਪਾੜ੍ਹਾਂ ਨੂੰ ਪੂਰਨ ਵਿੱਚ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਇਸ ਦੁੱਖ ਦੀ ਘੜੀ ਵਿਚੋਂ ਬਾਹਰ ਕੱਢਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਰਾਹਤ ਕਾਰਜ ਵੱਡੇ ਪੱਧਰ ’ਤੇ ਚਲਾਏ ਹੋਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਭੋਜਨ , ਮੈਡੀਕਲ ਟੀਮਾਂ ਅਤੇ ਪਸ਼ੂਆਂ ਲਈ ਹਰਾ ਚਾਰਾ ਮੁਹੱਈਆ ਕਰਵਾਉਣ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਪਹੁੰਚਾਉਣ ਲਈ ਫੌਜ , ਐਨ.ਡੀ.ਆਰ.ਐਫ. ਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਪਹਿਲਾਂ ਹੀ ਤਾਇਨਾਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਵਲੋਂ ਹੜ੍ਹਾਂ ਦੌਰਾਨ ਕੀਤੇ ਗਏ ਪ੍ਰਬੰਧਾਂ ਬਾਰੇ ਮੰਤਰੀ ਸਾਹਿਬਾਨਾਂ ਨੂੰ ਜਾਣੂੰ ਕਰਵਾਇਆ ਗਿਆ।