ਨਵੀਂ ਦਿੱਲੀ, 4 ਨਵੰਬਰ, 2019 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ 550 ਸ਼ਰਧਾਲੂਆਂ ਦਾ ਜੱਥਾ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਰਵਾਨਾ ਕੀਤਾ ਗਿਆ।
ਇਸ ਮੌਕੇ ਸ੍ਰੀ ਸਿਰਸਾ ਨੇ ਦੱਸਿਆ ਕਿ ਇਹ ਜੱਥਾ ਕੱਲ ਪਾਕਿਸਤਾਨ ਵਿਚ ਪ੍ਰਵੇਸ਼ ਕਰੇਗਾ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕਰੇਗਾ। ਪ੍ਰਕਾਸ਼ ਦਿਹਾੜਾ ਜੱਥੇ ਵੱਲੋਂ ਉਥੇ ਹੀ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਹ ਸ਼ਰਧਾਲੂ 13 ਨਵਬੰਰ ਨੂੰ ਉਥੋਂ ਭਾਰਤ ਲਈ ਰਵਾਨਾ ਹੋਣਗੇ ਤੇ 15 ਨਵੰਬਰ ਨੂੰ ਦਿੱਲੀ ਪੁੱਜਣਗੇ।
ਸ੍ਰੀ ਸਿਰਸਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰਾ ਸੰਸਾਰ ਤੇ ਪੂਰੀ ਸ੍ਰਿਸ਼ਟੀ ਮਨਾ ਰਹੀਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦਾ ਉਪਦੇਸ਼ ਸਮੁੱਚੀ ਮਾਨਵਤਾ ਵਾਸਤੇ ਸੀ। ਉਹਨਾਂ ਕਿਹਾ ਕਿ ਅਕਾਲ ਪੁਰਖ ਦੀ ਉਸਤਤ ਕਰਨ, ਉਸਦੀ ਰਜ਼ਾ ਵਿਚ ਰਹਿਣ ਤੇ ਨਾਮ ਜਪਣ ਤੇ ਵੰਡ ਛਕਣ ਦਾ ਸੀ ਸੰਦੇਸ਼ ਹੀ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਸੀ ਜਿਸਨੂੰ ਹਰ ਵਿਅਕਤੀ ਤੱਕ ਘਰ ਘਰ ਪਹੁੰਚਾਉਣ ਦਾ ਯਤਨ ਸਾਨੂੰ ਸਾਰਿਆਂ ਨੂੰ ਕਰਨਾ ਚਾਹੀਦਾ ਹੈ।
ਸ੍ਰੀ ਸਿਰਸਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ‘ਤੇ ਸਭ ਤੋਂ ਵੱਡੀ ਪ੍ਰਾਪਤੀ ਕਰਤਾਰਪੁਰ ਸਾਹਿਬ ਲਾਂਘੇ ਦਾ ਖੁਲਣਾ ਹੈ। ਉਹਨਾਂ ਕਿਹਾ ਕਿ ਉਹ ਪਾਕਿਸਤਾਨ ਦੀ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਅਤੇ ਲਾਂਘਾ ਖੁਲਣ ਦੀ ਵਧਾਈ ਦਿੰਦੇ ਹਨ ਅਤੇ ਭਾਰਤ ਸਰਕਾਰ ਦਾ ਧੰਨਵਾਦ ਕਰਦੇ ਹਨ ਜਿਸਨੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਵੱਡੇ ਵੱਡੇ ਪ੍ਰੋਗਰਾਮ ਆਯੋਜਿਤ ਕੀਤੇ ਅਤੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲਣ ਦਾ ਫੈਸਲਾ ਕੀਤਾ।
ਇਸ ਮੌਕੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਮੈਂਬਰ ਪਰਮਜੀਤ ਸਿੰਘ ਚੰਢੋਕ ਵੀ ਮੌਜੂਦ ਸਨ।